ਸਿੱਖ ਵਿਰੋਧੀ ਦੰਗੇ: ਹਾਈਕੋਰਟ ਨੇ ਦੋਸ਼ੀ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਦੇ ਫੈਸਲੇ ‘ਤੇ ਲਗਾਈ ਰੋਕ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਦੰਗਿਆਂ ਤੇ ਕਤਲ ਕੇਸ 'ਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ’ਤੇ ਰੋਕ ਲਾ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅਜੇ ਵੀ ਚੱਲ ਰਹੀ ਹੈ। ਕੁਮਾਰ ਪਹਿਲਾਂ ਹੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਦੰਗਿਆਂ ਨਾਲ ਸਬੰਧਤ ਇੱਕ ਕਤਲ ਕੇਸ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

ਜਸਟਿਸ ਯੋਗੇਸ਼ ਖੰਨਾ ਨੇ ਵਿਸ਼ੇਸ਼ ਜਾਂਚ ਟੀਮ ਦੁਆਰਾ ਉਸਦੀ ਜ਼ਮਾਨਤ ਨੂੰ ਚੁਣੌਤੀ ਦੇਣ 'ਤੇ ਕੁਮਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਐਸਆਈਟੀ ਨੇ ਸਰਸਵਤੀ ਵਿਹਾਰ ਥਾਣੇ ਅਧੀਨ ਦੰਗਿਆਂ ਅਤੇ ਕਤਲ ਕੇਸ 'ਚ ਕੁਮਾਰ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਹੈ, ਜਿਸ ਦੀ ਸੁਣਵਾਈ ਚੱਲ ਰਹੀ ਹੈ।

ਦੰਗਿਆਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਨੇ ਕੇਂਦਰ ਸਰਕਾਰ ਦੇ ਸਟੈਂਡਿੰਗ ਵਕੀਲ ਅਜੈ ਦਿਗਪਾਲ ਰਾਹੀਂ ਕਿਹਾ ਕਿ ਕੁਮਾਰ ਇਸ ਘਿਨਾਉਣੇ ਅਪਰਾਧ 'ਚ ਸ਼ਾਮਲ ਸੀ ਤੇ ਕੁਝ ਮੁੱਖ ਗਵਾਹਾਂ ਤੋਂ ਪੁੱਛਗਿੱਛ ਹੋਣੀ ਬਾਕੀ ਹੈ, ਇਸ ਲਈ ਉਸ ਨੂੰ ਰਿਹਾਅ ਕਰਨ ਨਾਲ ਸਬੂਤਾਂ ਨਾਲ ਛੇੜਛਾੜ ਹੋ ਸਕਦੀ ਹੈ। ਦਿਗਪਾਲ ਨੇ ਕਿਹਾ ਕਿ ਕੁਮਾਰ ਨੂੰ ਪਹਿਲਾਂ ਵੀ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ ਅਤੇ ਉਹ ਹਿਰਾਸਤ ਵਿੱਚ ਹੈ।