ਨਸ਼ਾ ਸਮੱਗਲਰਾਂ ਬਾਰੇ ਸੂਚਨਾ ਦੇਣ ਵਾਲੇ ਨੂੰ ਮਿਲੇਗਾ 51000 ਦਾ ਇਨਾਮ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਵਾਂਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਨਾਲ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਨਸ਼ਿਆਂ ਦੀ ਵੱਡੀ ਖ਼ੇਪ ਬਾਰੇ ਸੂਚਨਾ ਦੇਣ ਵਾਲੇ ਨੂੰ 51000 ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ, ਇਹ ਇਨਾਮ ਨਸ਼ਿਆਂ ਦੀ ਦੱਸੀ ਗਈ ਖ਼ੇਪ ਦੀ ਬਰਾਮਦਗੀ ਉਪਰੰਤ ਹੀ ਮਿਲੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ 'ਤੇ ਪੁਲਿਸ ਹਰੇਕ ਸੂਚਨਾ ’ਤੇ ਕਾਰਵਾਈ ਕਰੇਗੀ। ਉਨ੍ਹਾਂ ਨੇ ਕਿਹਾ ਕਿ ਅਗਲੇ ਕੁਝ ਦਿਨਾਂ 'ਚ ਉਨ੍ਹਾਂ ਦੇ ਦਫ਼ਤਰ ਵੱਲੋਂ ਇਕ ਹੈਲਪਲਾਈਨ ਨੰਬਰ ਆਮ ਲੋਕਾਂ ਲਈ ਨਸ਼ਰ ਕੀਤਾ ਜਾਵੇਗਾ ਤਾਂ ਜੋ ਉਹ ਨਸ਼ਿਆਂ ਦੀ ਸਮੱਗਲਿੰਗ ਵਿਚ ਸ਼ਾਮਲ ਜਾਂ ਸਬੰਧਤ ਵਿਅਕਤੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਣ ਅਤੇ ਉਨ੍ਹਾਂ ਕੋਲੋਂ ਨਸ਼ੇ ਵਾਲੇ ਪਦਾਰਥ ਜ਼ਬਤ ਕੀਤੇ ਜਾ ਸਕਣ। ਉਨ੍ਹਾਂ ਨੇ ਸਿਹਤ ਅਧਿਕਾਰੀਆਂ ਤੋਂ ਤੰਬਾਕੂ ਉਤਪਾਦ ‘ਕੂਲ-ਲਿਪ’ ਬਾਰੇ ਵੀ ਰਿਪੋਰਟ ਮੰਗੀ ਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਿਪੋਰਟ ਭੇਜਣ ਲਈ ਕਿਹਾ।