ਪ੍ਰੇਸ਼ਾਨੀ ਤੋਂ ਬਚਣ ਲਈ ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀਆਂ ਵਿੱਚ ਲਿਆਉਣ ਦੀ ਕੀਤੀ ਅਪੀਲ

by

ਕਪੂਰਥਲਾ : ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਭੁਲੱਥ ਸਬ-ਡਵੀਜ਼ਨਾਂ ਦੀਆਂ ਵੱਖ-ਵੱਖ ਮੰਡੀਆਂ ਵਿਚ ਜਾ ਕੇ ਜਿਥੇ ਸੁਚੱਜੀ ਖ਼ਰੀਦ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ, ਉਥੇ ਆੜਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਖ਼ਰੀਦ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਉਨਾਂ ਦੇ ਵਿਚਾਰ ਜਾਣੇ। ਇਸ ਮੌਕੇ ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਨਾਂ ਕਿਹਾ ਕਿ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੋਵੇਗੀ ਕਿ ਕਣਕ ਦਾ ਇਕ-ਇਕ ਦਾਣਾ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਚੁਕਾਇਆ ਜਾਵੇ। ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਐਸ. ਡੀ. ਐਮਜ਼ ਅਤੇ ਖ਼ਰੀਦ ਏਜੰਸੀਆਂ ਦੇ ਜ਼ਿਲਾ ਮੈਨੇਜਰਾਂ ਨੂੰ ਨਿੱਜੀ ਤੌਰ 'ਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਸਮੇਂ ਸਿਰ ਲਿਫਟਿੰਗ ਅਤੇ ਅਦਾਇਗੀ ਸਬੰਧੀ ਵੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮੁਸ਼ਕਿਲ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ, ਕਿਉਂਕਿ ਖ਼ਰੀਦ ਏਜੰਸੀਆਂ ਵੱਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਕਣਕ ਹੀ ਖ਼ਰੀਦ ਕੀਤੀ ਜਾਣੀ ਹੈ। ਉਨਾਂ ਦੱਸਿਆ ਕਿ ਅਣ-ਪੱਕੀ ਤੇ ਨਮੀ ਵਾਲੀ ਕਣਕ ਦੀ ਕਟਾਈ ਰੋਕਣ ਲਈ ਜ਼ਿਲੇ ਵਿਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ 'ਤੇ ਪਾਬੰਦੀ ਲਗਾਈ ਗਈ ਹੈ।

ਇਸ ਤੋਂ ਇਲਾਵਾ ਦਿਨ ਵੇਲੇ ਵੀ ਕਟਾਈ ਕਰਨ ਸਮੇਂ ਕੰਬਾਈਨਾਂ ਵਿਚ ਉਪਲਬੱਧ ਪੱਖਿਆਂ ਨੂੰ ਚਾਲੂ ਹਾਲਤ ਵਿਚ ਰੱਖਣ ਲਈ ਕਿਹਾ ਗਿਆ ਹੈ ਅਤੇ ਇਸ ਸਬੰਧੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ 'ਤੇ ਵਾਲਿਆਂ ਦੀਆਂ ਕੰਬਾਈਨਾਂ ਜ਼ਬਤ ਕਰ ਲਈਆਂ ਜਾਣਗੀਆਂ ਅਤੇ ਪਰਚੇ ਵੀ ਦਰਜ ਕੀਤੇ ਜਾਣਗੇ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣ। ਇਸ ਮੌਕੇ ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਭੁਲੱਥ ਦੇ ਐਸ. ਡੀ. ਐਮਜ਼ ਅਤੇ ਮਾਰਕੀਟ ਕਮੇਟੀਆਂ ਦੇ ਸਕੱਤਰਾਂ, ਖ਼ਰੀਦ ਏਜੰਸੀਆਂ ਦੇ ਜ਼ਿਲਾ ਮੈਨੇਜਰਾਂ ਤੋਂ ਇਲਾਵਾ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ. ਸਰਤਾਜ ਸਿੰਘ, ਜ਼ਿਲਾ ਮੰਡੀ ਅਫ਼ਸਰ ਸ੍ਰੀ ਰਾਜ ਕੁਮਾਰ ਬਸਰਾ, ਆੜਤੀ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ ਸ੍ਰੀ ਓਮ ਪ੍ਰਕਾਸ਼ ਬਹਿਲ ਤੇ ਉੱਪ ਪ੍ਰਧਾਨ ਸ੍ਰੀ ਰਜਿੰਦਰ ਕੌੜਾ, ਸ. ਦਵਿੰਦਰ ਪਾਲ ਸਿੰਘ ਆਹੂਜਾ ਅਤੇ ਹੋਰ ਹਾਜ਼ਰ ਸਨ।

More News

NRI Post
..
NRI Post
..
NRI Post
..