ਜੱਦੀ ਪਿੰਡ ਪਹੁੰਚੇ CM Mann, ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਅਪੀਲ

by jaskamal

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੇ ਜੱਦੀ ਪਿੰਡ ਸਤੌਜ ਤੋਂ ਘੱਟ ਪਾਣੀ ਦੀ ਵਰਤੋਂ ਕਰ ਕੇ ਝੋਨੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਵਾਲੀ ਅਭਿਲਾਸ਼ੀ ਮੁਹਿੰਮ, ਝੋਨੇ ਦੀ ਸਿੱਧੀ ਬਿਜਾਈ (ਡੀਐੱਸਆਰ) ਦੀ ਸ਼ੁਰੂਆਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਨੇ ਵੱਡੇ ਪੱਧਰ 'ਤੇ ਝੋਨੇ ਦੀ ਬਿਜਾਈ ਦਾ ਫ਼ਤਵਾ ਦਿੱਤਾ ਹੈ। ਸੂਬੇ 'ਚ 'ਆਪ' ਦੀ ਸਰਕਾਰ ਹੈ ਤੇ ਹੁਣ ਸੂਬੇ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਲਈ ਡੀਐੱਸਆਰ ਤੇ ਹੋਰ ਬਹੁਤ ਸਾਰੀਆਂ ਪਹਿਲਕਦਮੀਆਂ ਕਰਨ ਲਈ ਸਾਡਾ ਫ਼ਰਜ਼ ਬਣਦਾ ਹੈ, ਜਿਸ ਲਈ ਲੋਕਾਂ ਦੇ ਪੂਰਨ ਸਹਿਯੋਗ ਤੇ ਸਮਰਥਨ ਦੀ ਜ਼ਰੂਰਤ ਹੈ।

ਤੇਜ਼ੀ ਨਾਲ ਘਟ ਰਹੇ ਧਰਤੀ ਹੇਠਲੇ ਪਾਣੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਕਿਸਾਨਾਂ ਨੂੰ ਰਵਾਇਤੀ ਝੋਨੇ ਦੀ ਲੁਆਈ ਤੋਂ ਡੀਐੱਸਆਰ ਦੀ ਉੱਨਤ ਤਕਨੀਕ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਤੋਂ ਇਲਾਵਾ ਇਹ ਇਕ ਉੱਚਿਤ ਸਮਾਂ ਹੈ ਕਿ ਝੋਨੇ ਦੀ ਕਾਸ਼ਤ ਲਈ ਇਕ ਬਦਲਵੀਂ ਤਕਨੀਕ ਅਪਣਾਈ ਜਾਵੇ। ਇਸ ਤਰ੍ਹਾਂ ਬਹੁਤ ਘੱਟ ਤੇ ਕੀਮਤੀ ਕੁਦਰਤੀ ਸਰੋਤ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਖਾਦਾਂ, ਨਦੀਨਨਾਸ਼ਕ ਤੇ ਕੀਟਨਾਸ਼ਕਾਂ ਦੀ ਉੱਚ ਗੁਣਵੱਤਾ ਪ੍ਰਦਾਨ ਕੀਤੀ ਜਾਵੇਗੀ।