|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਪ ਦੇ ਦਾਅਵਿਆਂ ਦੀ ਪੋਲ ਖੁੱਲ੍ਹੀ: ਕਪੂਰਥਲਾ ਵਿੱਚ ਗੈਂਗਸਟਰ ਨੂੰ ਪਾਰਟੀ ਵਿੱਚ ਲੈ ਕੇ ਕੀ ਬਣਾਇਆ ਜਾ ਰਿਹਾ ਨੌਜਵਾਨਾਂ ਦਾ ਭਵਿੱਖ?

ਕਪੂਰਥਲਾ ਵਿੱਚ ਸਿਆਸੀ ਸੰਕਟ ਡੂੰਘਾ ਹੋ ਗਿਆ ਹੈ ਜਦੋਂ ਹਲਕਾ ਕਪੂਰਥਲਾ ਦੀ ਸਿਆਸਤ ਵਿੱਚ ਗੈਂਗਸਟਰ ਮੋਨੂੰ ਢੱਪਈ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਖ਼ਬਰ ਨੇ ਇੱਕ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀ

NRI Post Desk · 72 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਪ ਦੇ ਦਾਅਵਿਆਂ ਦੀ ਪੋਲ ਖੁੱਲ੍ਹੀ: ਕਪੂਰਥਲਾ ਵਿੱਚ ਗੈਂਗਸਟਰ ਨੂੰ ਪਾਰਟੀ ਵਿੱਚ ਲੈ ਕੇ ਕੀ ਬਣਾਇਆ ਜਾ ਰਿਹਾ ਨੌਜਵਾਨਾਂ ਦਾ ਭਵਿੱਖ?
📷 NRI Post Desk

ਕਪੂਰਥਲਾ ਵਿੱਚ ਸਿਆਸੀ ਸੰਕਟ ਡੂੰਘਾ ਹੋ ਗਿਆ ਹੈ ਜਦੋਂ ਹਲਕਾ ਕਪੂਰਥਲਾ ਦੀ ਸਿਆਸਤ ਵਿੱਚ ਗੈਂਗਸਟਰ ਮੋਨੂੰ ਢੱਪਈ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਖ਼ਬਰ ਨੇ ਇੱਕ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ’ਤੇ ਜ਼ੋਰਦਾਰ ਹਮਲਾ ਕਰਦਿਆਂ ਕਿਹਾ ਕਿ ਆਪ ਦੇ ਆਗੂ ਗੈਂਗਸਟਰਵਾਦ ਨੂੰ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ, ਪਰ ਕਪੂਰਥਲਾ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੈਂਗਸਟਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਕੇ ਆਪਣਾ ਗੈਂਗਸਟਰ ਪ੍ਰੇਮ ਸਾਬਤ ਕਰ ਰਹੇ ਹਨ। ਵਾਲੀਆ ਨੇ ਆਪ ਆਗੂਆਂ ’ਤੇ ਸਿਆਸਤ ਵਿੱਚ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਜੋ ਅਰਵਿੰਦ ਕੇਜਰੀਵਾਲ ਕਦੇ ਕਾਨੂੰਨ-ਵਿਵਸਥਾ ਨੂੰ ਲੈ ਕੇ ਦੂਜੀਆਂ ਪਾਰਟੀਆਂ ’ਤੇ ਤੰਜ਼ ਕੱਸਦੇ ਸਨ, ਅੱਜ ਉਹੀ ਉਸ ਗੈਂਗਸਟਰ ਨੂੰ ਪਾਰਟੀ ਵਿੱਚ ਸ਼ਾਮਲ ਕਰ ਰਹੇ ਹਨ, ਜਿਸ ’ਤੇ ਵੱਖ-ਵੱਖ ਧਾਰਾਵਾਂ ਦੇ ਲਗਭਗ 15 ਪਰਚੇ ਦਰਜ ਹਨ ਅਤੇ ਇੱਕ ਤਾਜ਼ਾ ਪਰਚਾ 7 ਸਤੰਬਰ ਨੂੰ ਜਲੰਧਰ ਵਿੱਚ ਦਰਜ ਹੋਇਆ ਹੈ। ਇਹ ਕਦਮ ਆਪ ਦੀ ਨੀਤੀ ’ਤੇ ਤਿੱਖੇ ਸਵਾਲ ਖੜ੍ਹੇ ਕਰਦਾ ਹੈ। ਵਾਲੀਆ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸੂਬੇ ਦੇ ਨਾਲ-ਨਾਲ ਕਪੂਰਥਲਾ ਵਿੱਚ ਆਪਣੀ ਮਦਦ ਲਈ ਗੈਂਗਸਟਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਰਹੀ ਹੈ ਅਤੇ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2016 ਦੇ ਚਰਚਿਤ ਨਾਭਾ ਜੇਲ੍ਹ ਕਾਂਡ ਦੇ ਮੁੱਖ ਮੁਲਜ਼ਮ ਨੂੰ ਆਧਿਕਾਰਕ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਵਾਉਣਾ ਆਪ ਆਗੂਆਂ ਦੀ ਦੋਗਲੀ ਨੀਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਜਿਸ ਗੈਂਗਸਟਰ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਉਸ ’ਤੇ ਕਤਲ ਦਾ ਮੁਕਦਮਾ ਦਰਜ ਹੈ, ਵੱਖ-ਵੱਖ ਥਾਣਿਆਂ ਵਿਚ ਨਸ਼ੇ ਦੇ ਪਰਚੇ ਦਰਜ ਹਨ ਅਤੇ ਇਸ ਤੋਂ ਇਲਾਵਾ ਲੁੱਟਾਂ-ਖੋਹਾਂ ਦੇ ਪਰਚੇ ਵੀ ਦਰਜ ਹਨ। ਵਾਲੀਆ ਨੇ ਸਵਾਲ ਖੜ੍ਹੇ ਕੀਤੇ ਕਿ ਅਜਿਹੇ ਮਾੜੇ ਕਿਰਦਾਰ ਵਾਲੇ ਵਿਅਕਤੀ ਨੂੰ ਆਪ ਹਲਕਾ ਇੰਚਾਰਜ ਪਾਰਟੀ ਵਿਚ ਸ਼ਾਮਲ ਕਰਕੇ ਯੂਥ ਨੂੰ ਕੀ ਸੰਦੇਸ਼ ਦੇਣਾ ਚਾਹੁੰਦੇ ਹਨ। ਉਨ੍ਹਾਂ ਆਪ ਦੇ ਹਲਕਾ ਇੰਚਾਰਜ ਦੇ ਉਸ ਬਿਆਨ ’ਤੇ ਵੀ ਸਵਾਲ ਖੜ੍ਹੇ ਕੀਤੇ, ਜਿਸ ਵਿਚ ਕਿਹਾ ਗਿਆ ਸੀ ਕਿ ਉਕਤ ਵਿਅਕਤੀ ਆਮ ਆਦਮੀ ਪਾਰਟੀ ਯੂਥ ਵਿੰਗ ਦੀ ਅਗਵਾਈ ਕਰੇਗਾ। ਵਾਲੀਆ ਨੇ ਪੁੱਛਿਆ ਕਿ ਇੱਕ ਜਾਣਿਆ-ਪਛਾਣਿਆ ਗੈਂਗਸਟਰ, ਜੋ ਲਗਾਤਾਰ ਸਥਾਨਕ ਲੋਕਾਂ ਨੂੰ ਡਰਾਉਂਦਾ-ਧਮਕਾਉਂਦਾ ਹੈ, ਹੁਣ ਆਪ ਦੀ ਮਦਦ ਲਈ ਆਪਣੀ ਧੱਕੇਸ਼ਾਹੀ ਦੀ ਵਰਤੋਂ ਕਰੇਗਾ। ਉਨ੍ਹਾਂ ਤਨਜ਼ ਕੱਸਦਿਆਂ ਇਸ ਨੂੰ ਗੈਂਗਸਟਰ ਆਦਮੀ ਪਾਰਟੀ ਕਰਾਰ ਦਿੱਤਾ ਤੇ ਕਿਹਾ ਕਿ ਇਹ ਪਾਰਟੀ ਸੂਬੇ ਦੇ ਭਵਿੱਖ ਨੂੰ ਤਬਾਹ ਕਰ ਰਹੀ ਹੈ, ਅਤੇ ਚਿਤਾਵਨੀ ਦਿੱਤੀ ਕਿ ਪੰਜਾਬ ਨੂੰ ਬਚਾਉਣ ਲਈ ਆਪ ਸਰਕਾਰ ਦਾ ਜਾਣਾ ਬਹੁਤ ਜ਼ਰੂਰੀ ਹੈ। ਇਸ ਮਾਮਲੇ ਨੇ ਕਪੂਰਥਲਾ ਦੀ ਸਿਆਸਤ ਵਿੱਚ ਹਲਚਲ ਵਧਾ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਵਿਵਾਦ ਹੋਰ ਗਰਮ ਹੋਣ ਦੀ ਸੰਭਾਵਨਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!