ਲੁਧਿਆਣਾ ਤੋਂ ਮਿਲ ਰਹੀ ਖਬਰ ਅਨੁਸਾਰ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਨਿਭਾਅ ਰਹੇ ਸਿਹਤ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਮੁੜ ਕਲੀਨਿਕ ਬੰਦ ਕਰਨ ਦਾ ਐਲਾਨ ਕੀਤਾ ਹੈ, ਜਿਸ ਨੇ ਪੰਜਾਬ ਦੇ ਸਿਹਤ ਵਿਭਾਗ ਵਿੱਚ ਹਲਚਲ ਮਚਾ ਦਿੱਤੀ ਹੈ। ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਿਛਲੇ ਮਹੀਨੇ 27 ਜੁਲਾਈ ਨੂੰ ਕੀਤੀ ਗਈ ਹੜਤਾਲ ਉਪਰੰਤ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਮੰਨੀਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ 27 ਜੁਲਾਈ ਦੀ ਹੜਤਾਲ ਦੌਰਾਨ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਸਰਕਾਰ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਸਿਹਤ ਕਾਮਿਆਂ ਦੇ ਇਨਸੈਂਟਿਵ ਵਿੱਚ ਯੋਗ ਵਾਧਾ ਕੀਤਾ ਜਾਵੇਗਾ, ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ ਦੀ ਸਹੂਲਤ ਦਿੱਤੀ ਜਾਵੇਗੀ, ਕਾਮਿਆਂ ਨੂੰ ਨੌਕਰੀ ਦੀ ਸੁਰੱਖਿਆ ਦਿੱਤੀ ਜਾਵੇਗੀ ਅਤੇ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਨੂੰ ਖਤਮ ਕਰਕੇ ਕਰਮਚਾਰੀਆਂ ਨੂੰ ਨਿਰਦੇਸ਼ਕ ਸਿਹਤ ਵਿਭਾਗ ਅਧੀਨ ਠੇਕੇ ਤੇ ਲਿਆਂਦਾ ਜਾਵੇਗਾ। ਪਰ ਹੁਣ ਇੱਕ ਮਹੀਨਾ ਬੀਤਣ ਦੇ ਬਾਵਜੂਦ ਵੀ ਕੋਈ ਵੀ ਮੰਗ ਜ਼ਮੀਨੀ ਪੱਧਰ ਤੇ ਲਾਗੂ ਨਹੀਂ ਕੀਤੀ ਗਈ ਹੈ, ਜਿਸ ਕਾਰਨ ਸਟਾਫ ਵਿੱਚ ਭਾਰੀ ਗੁੱਸਾ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਵਿਭਾਗ ਵੱਲੋਂ ਸਪੱਸ਼ਟ ਨਹੀਂ ਕੀਤਾ ਗਿਆ ਕਿ ਇਨ੍ਹਾਂ ਮੰਗਾਂ ਨਾਲ ਸਬੰਧਤ ਫਾਈਲ ਇਸ ਸਮੇਂ ਕਿਸ ਪੱਧਰ ਤੇ ਪ੍ਰਕਿਰਿਆ ਅਧੀਨ ਹੈ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਹੋਰ ਕਿੰਨਾ ਸਮਾਂ ਲੱਗੇਗਾ। ਸਾਂਝਾ ਫਰੰਟ ਨੇ ਸਰਕਾਰ ਅਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਪਹਿਲਾਂ ਹੋਈ ਸਹਿਮਤੀ ਅਨੁਸਾਰ ਇਨ੍ਹਾਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਕਰਮਚਾਰੀਆਂ ਨੂੰ ਸਪੱਸ਼ਟ ਜਵਾਬ ਦਿੱਤਾ ਜਾਵੇ। ਜੇਕਰ ਕੋਈ ਵੀ ਸਪਸ਼ਟੀਕਰਨ ਨਹੀਂ ਦਿੱਤਾ ਗਿਆ ਤਾਂ 25 ਅਗਸਤ ਨੂੰ ਆਮ ਆਦਮੀ ਕਲੀਨਿਕਾਂ ਦੀਆਂ ਓਪੀਡੀਜ਼ ਸੇਵਾਵਾਂ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਦੁਆਰਾ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਫਰੰਟ ਨੇ ਐਲਾਨ ਕੀਤਾ ਕਿ 27 ਅਗਸਤ ਨੂੰ ਕਮਿਊਨਿਟੀ ਹੈਲਥ ਅਫ਼ਸਰ ਯੂਨੀਅਨ, ਆਊਟਸੋਰਸਿੰਗ ਯੂਨੀਅਨ, ਫਾਰਮਾਸਿਸਟ ਐਸੋਸੀਏਸ਼ਨ ਤੇ ਹੋਰ ਰੈਗੂਲਰ ਯੂਨੀਅਨਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਵੱਲੋਂ ਪੂਰੀ ਹਮਾਇਤ ਕੀਤੀ ਜਾਵੇਗੀ, ਜਿਸ ਨਾਲ ਸੂਬੇ ਦੀ ਸਿਹਤ ਸੇਵਾ ਪ੍ਰਣਾਲੀ ਤੇ ਵੱਡਾ ਪ੍ਰਭਾਵ ਪੈ ਸਕਦਾ ਹੈ।
ਕੀ ਸਰਕਾਰ ਨੇ ਤੋੜਿਆ ਵਿਸ਼ਵਾਸ? ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਦਾ ਵੱਡਾ ਐਲਾਨ, 27 ਨੂੰ ਬੰਦ ਰਹਿਣਗੀਆਂ ਸਾਰੀਆਂ ਓਪੀਡੀਜ਼
ਲੁਧਿਆਣਾ ਤੋਂ ਮਿਲ ਰਹੀ ਖਬਰ ਅਨੁਸਾਰ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਨਿਭਾਅ ਰਹੇ ਸਿਹਤ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਮੁੜ ਕਲੀਨਿਕ ਬੰਦ ਕਰਨ ਦਾ ਐਲਾਨ ਕੀਤਾ ਹੈ, ਜਿਸ ਨੇ ਪੰਜਾਬ ਦੇ ਸਿਹਤ ਵਿਭਾਗ ਵਿੱਚ ਹਲਚਲ ਮਚਾ ਦਿੱਤੀ ਹੈ। ਸਾਂਝਾ ਫਰੰਟ
NRI Post Desk · 94 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




