ਨਵੰਬਰ 1984 ਦੇ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਹਰੇ ਹਨ ਅਤੇ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1984 ਦੇ ਸਿੱਖ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅੰਮ੍ਰਿਤਸਰ ਵਿੱਚ ਕਹੀ। ਐਡਵੋਕੇਟ ਧਾਮੀ ਨੇ ਕਿਹਾ ਕਿ ਨਵੰਬਰ 1984 ਵਿੱਚ ਤਤਕਾਲੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਪਹਿਲੀ ਨਵੰਬਰ ਤੋਂ ਕਰੀਬ ਇੱਕ ਹਫ਼ਤੇ ਤੱਕ ਸਿੱਖਾਂ ’ਤੇ ਅਣਮਨੁੱਖੀ ਜ਼ੁਲਮ ਕੀਤੇ ਗਏ ਅਤੇ ਸਿੱਖਾਂ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਿਆ ਗਿਆ। ਉਨ੍ਹਾਂ ਕਿਹਾ ਕਿ ਮਨੁੱਖਤਾ ਵਿਰੁੱਧ ਕੀਤਾ ਗਿਆ ਇਹ ਘਿਨਾਉਣਾ ਕਾਰਾ ਦੁਨੀਆ ਭਰ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ ਅਤੇ ਇਹ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ ’ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲਣੀ ਚਾਹੀਦੀ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਇਨਸਾਫ਼ ਦਿਵਾਉਣ ਦੀ ਬਜਾਏ ਕਾਂਗਰਸ ਨੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਪਣੇ ਆਗੂਆਂ ਦੀ ਹਮੇਸ਼ਾ ਪੈਰਵੀ ਕੀਤੀ ਅਤੇ ਉਨ੍ਹਾਂ ਨੂੰ ਵੱਡੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ, ਜਿਸ ਨਾਲ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ’ਤੇ ਮਰਹਮ ਲਾਉਣ ਦੀ ਬਜਾਏ ਉਨ੍ਹਾਂ ਨੂੰ ਵਾਰ-ਵਾਰ ਕੁਰੇਦਿਆ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਿੱਖ ਕੌਮ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ, ਪਰ ਇਸ ਦੇ ਬਾਵਜੂਦ ਸਿੱਖਾਂ ਨਾਲ ਵਾਰ-ਵਾਰ ਬੇਇਨਸਾਫ਼ੀ ਹੋਈ ਅਤੇ ਨਵੰਬਰ ਦਾ ਮਹੀਨਾ ਆਉਂਦਿਆਂ ਹੀ ਕਤਲੇਆਮ ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਦੇ ਪੁਰਾਣੇ ਜ਼ਖ਼ਮ ਮੁੜ ਤਾਜ਼ਾ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿਵਾਉਣ ਲਈ ਠੋਸ ਕਦਮ ਚੁੱਕਣ, ਕਿਉਂਕਿ ਇਨਸਾਫ਼ ਦੀ ਇਹ ਲੜਾਈ ਸਿਰਫ਼ ਪੀੜਤ ਪਰਿਵਾਰਾਂ ਦੀ ਨਹੀਂ, ਸਗੋਂ ਮਨੁੱਖੀ ਅਧਿਕਾਰਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਿਆਂ ਪ੍ਰਣਾਲੀ ਵਿੱਚ ਵਿਸ਼ਵਾਸ ਦੀ ਵੀ ਲੜਾਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਪੀੜਤ ਪਰਿਵਾਰਾਂ ਦੇ ਮਨਾਂ ਨੂੰ ਸ਼ਾਂਤੀ ਨਹੀਂ ਮਿਲੇਗੀ ਅਤੇ ਸਿੱਖ ਕੌਮ ਇਸ ਦਰਦਨਾਕ ਘਟਨਾ ਨੂੰ ਕਦੇ ਨਹੀਂ ਭੁਲਾ ਸਕਦੀ। ਹਰ ਸਾਲ ਇਸ ਦੀ ਯਾਦ ਵਿੱਚ ਸਮਾਗਮ ਕਰਵਾਏ ਜਾਂਦੇ ਹਨ ਅਤੇ ਇਸੇ ਲੜੀ ਤਹਿਤ ਦੋ ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਕਤਲੇਆਮ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ।
ਚਾਰ ਦਹਾਕਿਆਂ ਦਾ ਇਨਸਾਫ਼ ਕਿਉਂ ਅਧੂਰਾ? ਐਡਵੋਕੇਟ ਧਾਮੀ ਦਾ ਖੁਲਾਸਾ ਸੁਣ ਕੇ ਸਿੱਖ ਕੌਮ ਹੈਰਾਨ
ਨਵੰਬਰ 1984 ਦੇ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਹਰੇ ਹਨ ਅਤੇ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰ
NRI Post Desk · 23 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





