ਬਰਨਾਲਾ ਜ਼ਿਲ੍ਹੇ ਦੇ ਪਬਲਿਕ ਸਟੇਡੀਅਮ ਭਦੌੜ ਵਿਖੇ ਉਸ ਸਮੇਂ ਦੇਖਣ ਵਾਲਾ ਨਜ਼ਾਰਾ ਬਣਾ ਜਦੋਂ ਰਾਤ ਦੇ ਅਸਮਾਨ 'ਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਤੇ ਮਹਾਨ ਫਲਸਫੇ ਨੂੰ ਦਰਸਾਉਂਦੇ ਦ੍ਰਿਸ਼ ਪੇਸ਼ ਕੀਤੇ ਅਤੇ ਹਾਜ਼ਰ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ। ਇਹ ਸ਼ਾਨਦਾਰ ਸ਼ੋਅ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ 'ਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਤੇ ਸਾਂਝੀਵਾਲਤਾ ਦਾ ਮਾਰਗ ਦਰਸਾਉਂਦੀਆਂ ਹਨ ਅਤੇ ਗੁਰੂ ਜੀ ਨੇ ਜਾਤ-ਪਾਤ, ਊਚ-ਨੀਚ ਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਇਹ ਸੰਦੇਸ਼ ਦਿੱਤਾ ਕਿ ਮਨੁੱਖ ਦੀ ਮਹਾਨਤਾ ਉਸ ਦੇ ਜਨਮ ਜਾਂ ਕੁਲ 'ਚ ਨਹੀਂ, ਸਗੋਂ ਉਸਦੇ ਚੰਗੇ ਕਰਮਾਂ, ਉੱਚੇ ਆਚਰਣ ਤੇ ਮਾਨਵਤਾ ਪ੍ਰਤੀ ਸਮਰਪਣ 'ਚ ਹੈ। ਵਿਧਾਇਕ ਉੱਗੋਕੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਹੈ ਅਤੇ ਸੂਬੇ ਭਰ 'ਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸ ਮੌਕੇ ਢਾਡੀ ਸੁਰਿੰਦਰ ਸਿੰਘ ਪਾਰਸ ਦੇ ਜੱਥੇ ਨੇ ਇਤਿਹਾਸ ਤੇ ਢਾਡੀ ਵਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ, ਜਦਕਿ ਐੱਸਡੀਐੱਮ ਤਪਾ ਆਯੁਸ਼ ਗੋਇਲ ਆਈਏਐੱਸ, ਚੇਅਰਮੈਨ ਤਰਸੇਮ ਸਿੰਘ ਕਾਹੇਨੇਕੇ, ਚੇਅਰਮੈਨ ਅੰਮ੍ਰਿਤ ਢਿੱਲਵਾਂ, ਨਗਰ ਕੌਂਸਲ ਪ੍ਰਧਾਨ ਜਗਦੀਪ ਸਿੰਘ ਜੱਗੀ, ਵੱਖ-ਵੱਖ ਕੌਂਸਲਰ ਤੇ ਪੰਚ ਸਰਪੰਚਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਵਾਸੀ ਵੀ ਮੌਜੂਦ ਸਨ। ਇਸ ਸ਼ੋਅ ਨੇ ਨਾ ਸਿਰਫ਼ ਗੁਰੂ ਜੀ ਦੀ ਬਾਣੀ ਦਾ ਪ੍ਰਚਾਰ ਕੀਤਾ, ਸਗੋਂ ਆਧੁਨਿਕ ਤਕਨੀਕ ਰਾਹੀਂ ਸੰਗਤ ਦੇ ਦਿਲਾਂ 'ਚ ਅਜਿਹੀ ਯਾਦ ਬਣਾ ਦਿੱਤੀ ਜੋ ਲੰਬੇ ਸਮੇਂ ਤੱਕ ਯਾਦ ਰਹੇਗੀ।
ਭਦੌੜ ਦੇ ਅਸਮਾਨ 'ਚ 500 ਡਰੋਨਾਂ ਨੇ ਜੋ ਕੀਤਾ, ਸੰਗਤ ਹੈਰਾਨ! ਜਾਣੋ ਕੀ ਲੁਕਿਆ ਹੈ ਇਸ ਸ਼ੋਅ ਪਿੱਛੇ
ਬਰਨਾਲਾ ਜ਼ਿਲ੍ਹੇ ਦੇ ਪਬਲਿਕ ਸਟੇਡੀਅਮ ਭਦੌੜ ਵਿਖੇ ਉਸ ਸਮੇਂ ਦੇਖਣ ਵਾਲਾ ਨਜ਼ਾਰਾ ਬਣਾ ਜਦੋਂ ਰਾਤ ਦੇ ਅਸਮਾਨ 'ਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਤੇ ਮਹਾਨ ਫਲਸਫੇ ਨੂੰ ਦਰਸਾਉਂਦੇ
NRI Post Desk · 28 ਦਿਨ ਪਹਿਲਾਂ · ਅੱਪਡੇਟ 34 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




