ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਿਸ਼ਨ ਦੀ ਲਗਾਤਾਰਤਾ ਵਿੱਚ ਸ਼ਨੀਵਾਰ ਨੂੰ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਸੈਨਿਕ ਸਦਨ, ਮੋਹਾਲੀ ਵਿਖੇ ਇੱਕ ਅਹਿਮ ਸਮਾਗਮ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 8 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ, 42 ਸੈਨਿਕ ਭਲਾਈ ਪ੍ਰਬੰਧਕਾਂ ਅਤੇ 1 ਕਲਰਕ ਸਮੇਤ ਕੁੱਲ 51 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਸਮੀ ਤੌਰ ਤੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਹੋਰ ਮਜ਼ਬੂਤ ਹੋਵੇਗੀ ਅਤੇ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਸੇਵਾਵਾਂ ਹੋਰ ਬਿਹਤਰ ਅਤੇ ਸਮੇਂ ਸਿਰ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਮੰਤਰੀ ਨੇ ਦੱਸਿਆ ਕਿ ਵਿਭਾਗ ਲੰਬੇ ਸਮੇਂ ਤੋਂ ਸਟਾਫ਼ ਦੀ ਘਾਟ ਦਾ ਸਾਹਮਣਾ ਕਰ ਰਿਹਾ ਸੀ, ਜਿਸ ਕਾਰਨ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਹੋਰ ਲਾਭਪਾਤਰੀਆਂ ਨਾਲ ਸਬੰਧਤ ਭਲਾਈ ਕਾਰਜ ਪ੍ਰਭਾਵਿਤ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਸਦਕਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਕੁੱਲ ਨਫ਼ਰੀ ਵਿੱਚ ਲਗਭਗ 20 ਫ਼ੀਸਦੀ ਸਟਾਫ਼ ਦੀ ਘਾਟ ਪੂਰੀ ਹੋ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਵਿਭਾਗ ਦੀਆਂ ਸੇਵਾਵਾਂ ਨੂੰ ਜ਼ਿਲ੍ਹਾ ਪੱਧਰ ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ। ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਨੌਕਰੀ ਕੇਵਲ ਰੁਜ਼ਗਾਰ ਦਾ ਸਾਧਨ ਨਹੀਂ, ਸਗੋਂ ਲੋਕ ਸੇਵਾ ਦਾ ਇੱਕ ਵੱਡਾ ਮੌਕਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ, ਸਮਰਪਣ ਅਤੇ ਲੋਕ-ਪੱਖੀ ਸੋਚ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਮੁੱਢਲੀ ਜ਼ਿੰਮੇਵਾਰੀ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਭਲਾਈ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਹੈ। ਇਸ ਲਈ ਨਵ-ਨਿਯੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਨ੍ਹਾਂ ਦੇਸ਼-ਭਗਤ ਪਰਿਵਾਰਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ ਸੇਵਾਮੁਕਤ ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਸਰਕਾਰੀ ਭੱਤਿਆਂ ਦੀ ਚੰਗੀ ਤਰ੍ਹਾਂ ਨਿਗਰਾਨੀ ਕੌਣ ਕਰੇਗਾ? ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅੰਦਰ ਇੱਕ ਵੱਡਾ ਸਵਾਲ ਜਿਸਦਾ ਜਵਾਬ ਨਵੀਂ ਨਿਯੁਕਤੀ ਪੱਤਰ ਵੰਡ ਨੇ ਦੇ ਦਿੱਤਾ।
ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਿਸ਼ਨ ਦੀ ਲਗਾਤਾਰਤਾ ਵਿੱਚ ਸ਼ਨੀਵਾਰ ਨੂੰ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਸੈਨਿਕ ਸਦਨ, ਮੋਹਾਲੀ ਵਿਖੇ
NRI Post Desk · 107 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




