|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਪਰੀਮ ਕੋਰਟ ਦਾ ਉਹ ਫ਼ੈਸਲਾ ਜੋ ਹਰ ਹਿਰਾਸਤ ਨੂੰ ਬਦਲ ਦੇਵੇਗਾ: ਗ੍ਰਿਫ਼ਤਾਰੀ ਦੇ ਨਾਮ ’ਤੇ ਲੁਕਿਆ ਖੇਡ ਦਾ ਪਰਦਾਫਾਸ਼

ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ਤੇ ਹਿਰਾਸਤ ਨੂੰ ਲੈ ਕੇ ਇਕ ਅਹਿਮ ਫ਼ੈਸਲੇ ’ਚ ਸਪੱਸ਼ਟ ਕੀਤਾ ਹੈ ਕਿ ਕਿਸੇ ਵਿਅਕਤੀ ਨੂੰ 24 ਘੰਟਿਆਂ ਦੇ ਅੰਦਰ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਦੀ ਸੰਵਿਧਾਨਕ ਸਮਾਂ-ਸੀਮਾ ਉਸ ਦੀ ਰਸਮੀ ਗ੍ਰਿਫ਼ਤਾਰੀ ਦਰਜ ਕੀਤੇ ਜਾਣ

NRI Post Desk · 18 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ਤੇ ਹਿਰਾਸਤ ਨੂੰ ਲੈ ਕੇ ਇਕ ਅਹਿਮ ਫ਼ੈਸਲੇ ’ਚ ਸਪੱਸ਼ਟ ਕੀਤਾ ਹੈ ਕਿ ਕਿਸੇ ਵਿਅਕਤੀ ਨੂੰ 24 ਘੰਟਿਆਂ ਦੇ ਅੰਦਰ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਦੀ ਸੰਵਿਧਾਨਕ ਸਮਾਂ-ਸੀਮਾ ਉਸ ਦੀ ਰਸਮੀ ਗ੍ਰਿਫ਼ਤਾਰੀ ਦਰਜ ਕੀਤੇ ਜਾਣ ਦੇ ਸਮੇਂ ਤੋਂ ਨਹੀਂ, ਸਗੋਂ ਉਸ ਨੂੰ ਹਿਰਾਸਤ ’ਚ ਲੈਣ ਦੇ ਸਮੇਂ ਤੋਂ ਸ਼ੁਰੂ ਹੋਵੇਗੀ। ਜਸਟਿਸ ਉੱਜਲ ਭੂਈਆਂ ਤੇ ਅਤੁਲ ਐੱਸ. ਚੰਦੁਰਕਰ ਦੇ ਬੈਂਚ ਨੇ ਐੱਨਡੀਪੀਐੱਸ ਐਕਟ ਦੇ ਇਕ ਮਾਮਲੇ ’ਚ ਇਹ ਫ਼ੈਸਲਾ ਸੁਣਾਇਆ। ਅਦਾਲਤ ਨੇ ਕਿਹਾ ਕਿ 24 ਘੰਟਿਆਂ ਦੀ ਗਿਣਤੀ ਉਸੇ ਸਮੇਂ ਤੋਂ ਸ਼ੁਰੂ ਹੋਵੇਗੀ, ਜਦੋਂ ਜਾਂਚ ਏਜੰਸੀ ਕਿਸੇ ਵਿਅਕਤੀ ਦੀ ਆਵਾਜਾਈ ’ਤੇ ਰੋਕ ਲਾ ਕੇ ਉਸ ਨੂੰ ਆਪਣੇ ਕੰਟਰੋਲ ’ਚ ਲੈ ਲੈਂਦੀ ਹੈ। ਇਸ ’ਚ ਸਿਰਫ਼ ਗ੍ਰਿਫ਼ਤਾਰੀ ਵਾਲੀ ਥਾਂ ਤੋਂ ਮੈਜਿਸਟ੍ਰੇਟ ਦੀ ਅਦਾਲਤ ਤੱਕ ਪਹੁੰਚਣ ਲਈ ਲੱਗਣ ਵਾਲਾ ਲਾਜ਼ਮੀ ਸਫ਼ਰ ਦਾ ਸਮਾਂ ਹੀ ਘਟਾਇਆ ਜਾ ਸਕਦਾ ਹੈ ਤੇ ਕਿਸੇ ਹੋਰ ਸਮੇਂ ਨੂੰ ਘਟਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਹਿਰਾਸਤ ਤੇ ਰਸਮੀ ਗ੍ਰਿਫ਼ਤਾਰੀ ਵਿਚਾਲੇ ਨਕਲੀ ਫ਼ਰਕ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਪੇਸ਼ੀ ਸਮੇਂ ਮੈਜਿਸਟ੍ਰੇਟ ਦਾ ਫ਼ਰਜ਼ ਹੋਵੇਗਾ ਕਿ ਉਹ ਵਿਅਕਤੀ ਨੂੰ ਹਿਰਾਸਤ ’ਚ ਲਏ ਜਾਣ ਦੀ ਅਸਲ ਤਰੀਕ ਤੇ ਸਮਾਂ ਦਰਜ ਕਰੇ ਤੇ ਫਿਰ ਜਾਂਚ ਕਰੇ ਕਿ 24 ਘੰਟਿਆਂ ਦੀ ਸਮਾਂ-ਸੀਮਾ ਦੀ ਪਾਲਣਾ ਕੀਤੀ ਗਈ ਹੈ ਜਾਂ ਨਹੀਂ। ਜੇਕਰ ਸਮਾਂ-ਹੱਦ ਦੀ ਉਲੰਘਣਾ ਹੋਈ ਤਾਂ ਸਬੰਧਤ ਵਿਅਕਤੀ ਨੂੰ ਤੁਰੰਤ ਰਿਹਾਅ ਕੀਤਾ ਜਾਵੇਗਾ। ਬੈਂਚ ਨੇ ਪੁਲਿਸ ਹਿਰਾਸਤ ’ਚ ਹਿੰਸਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਸਭ ਤੋਂ ਗੰਭੀਰ ਉਲੰਘਣਾ ਅਕਸਰ ਉਸ ਸਮੇਂ ਹੁੰਦੀ ਹੈ, ਜਦੋਂ ਪੁਲਿਸ ਗ੍ਰਿਫ਼ਤਾਰੀ ਦਰਜ ਕਰਨ ’ਚ ਦੇਰੀ ਕਰਦੀ ਹੈ ਜਾਂ ਹਿਰਾਸਤ ਦੀ ਮਿਆਦ ਨੂੰ ਲੰਬੀ ਪੁੱਛਗਿੱਛ ਵਜੋਂ ਪੇਸ਼ ਕਰਦੀ ਹੈ। ਇਹ ਫ਼ੈਸਲਾ ਚਾਰ ਮੁਲਜ਼ਮਾਂ ਦੀ ਅਪੀਲ ’ਤੇ ਸੁਣਾਇਆ ਗਿਆ, ਜਿਨ੍ਹਾਂ ਨੇ ਐੱਨਡੀਪੀਐੱਸ ਐਕਟ ਤਹਿਤ ਦਰਜ ਮਾਮਲੇ ’ਚ ਜ਼ਮਾਨਤ ਪਟੀਸ਼ਨ ਖ਼ਾਰਜ ਕਰਨ ਦੇ ਤ੍ਰਿਪੁਰਾ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਅਪੀਲਾਂ ਮਨਜ਼ੂਰ ਕਰਦਿਆਂ ਹਾਈ ਕੋਰਟ ਦਾ 29 ਅਪ੍ਰੈਲ 2026 ਦਾ ਹੁਕਮ ਰੱਦ ਕਰ ਦਿੱਤਾ ਤੇ ਕਿਹਾ ਕਿ ਅਪੀਲਕਰਤਾਵਾਂ ਨੂੰ ਸੱਤ ਦਿਨਾਂ ਦੇ ਅੰਦਰ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ ਜਾਵੇ, ਉਸ ਤੋਂ ਬਾਅਦ ਢੁੱਕਵੀਆਂ ਸ਼ਰਤਾਂ ’ਤੇ ਜ਼ਮਾਨਤ ਦੇ ਕੇ ਰਿਹਾਅ ਕੀਤਾ ਜਾਵੇ। ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਤਲਾਸ਼ੀ ਤੇ ਜ਼ਬਤੀ ਦੀ ਕਾਰਵਾਈ ਖ਼ਤਮ ਹੋਣ ਤੇ ਰਸਮੀ ਗ੍ਰਿਫ਼ਤਾਰੀ ਦਰਜ ਕੀਤੇ ਜਾਣ ਵਿਚਾਲੇ 18 ਘੰਟਿਆਂ ਦੇ ਵਕਫ਼ੇ ਬਾਰੇ ਜਾਂਚ ਏਜੰਸੀ ਨੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਤੇ ਨਿਆਂਇਕ ਨਿਗਰਾਨੀ ਤੋਂ ਬਿਨਾਂ ਇਹ ਲੰਮਾ ਸਮਾਂ ਹੈ, ਜਿਸ ਦੌਰਾਨ ਅਧਿਕਾਰਾਂ ਦੀ ਦੁਰਵਰਤੋਂ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਹ ਫ਼ੈਸਲਾ ਹਰ ਉਸ ਵਿਅਕਤੀ ਲਈ ਢਾਲ ਬਣੇਗਾ, ਜਿਸ ਨੂੰ ਪੁਲਿਸ ਹਿਰਾਸਤ ’ਚ ਰੱਖ ਕੇ ਗ੍ਰਿਫ਼ਤਾਰੀ ਦੀ ਤਰੀਕ ਬਦਲਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!