|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

40 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ ਵੀ ਖੁੱਲ੍ਹਾ ਰਹਿਣ ਦਾ ਰਾਜ਼: ਨਵੰਬਰ 1984 ਦੇ ਜ਼ਖਮਾਂ ਦੀ ਅਣਕਹੀ ਕਹਾਣੀ

ਅੰਮ੍ਰਿਤਸਰ-ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਹੋਏ ਸਿੱਖ ਕਤਲੇਆਮ ਦੇ ਜ਼ਖਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬ

NRI Post Desk · 22 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ-ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਹੋਏ ਸਿੱਖ ਕਤਲੇਆਮ ਦੇ ਜ਼ਖਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ 1984 ਵਿੱਚ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਹੋਏ ਸਿੱਖ ਕਤਲੇਆਮ ਦੌਰਾਨ ਕੋਹ ਕੋਹ ਕੇ ਮਾਰੇ ਗਏ ਸਿੰਘ, ਸਿੰਘਣੀਆਂ ਤੇ ਪੁਝੰਗੀਆ ਨੂੰ ਸਤਿਕਾਰ ਭੇਟ ਕਰਦਿਆਂ ਜਾਰੀ ਬਿਆਨ ਵਿੱਚ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਨਵੰਬਰ 1984 ਵਿੱਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ 'ਤੇ 1 ਨਵੰਬਰ ਤੋਂ ਲੈ ਕੇ ਕਰੀਬ ਇਕ ਹਫਤੇ ਤੱਕ ਸਿੱਖਾਂ ਉੱਤੇ ਅਣਮਨੁੱਖੀ ਜ਼ੁਲਮ ਢਾਹੇ ਗਏ ਅਤੇ ਕੋਹ ਕੋਹ ਕੇ ਮਾਰਿਆ ਗਿਆ। ਇਹ ਮਾਨਵਤਾ ਵਿਰੁੱਧ ਅਜਿਹਾ ਘਿਨਾਉਣਾ ਕਾਰਾ ਸੀ, ਜਿਸ ਨੇ ਸਮੁੱਚੀ ਦੁਨੀਆ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਸਨ, ਪਰ ਅਫਸੋਸ ਕਿ ਇਨਸਾਫ਼ ਦੇਣ ਦੀ ਬਜਾਏ ਕਾਂਗਰਸ ਨੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਗੂਆਂ ਦੀ ਹਮੇਸ਼ਾ ਪੁਸ਼ਤਪਨਾਹੀ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਿੱਖ ਕੌਮ ਨੇ ਵੱਡਮੁੱਲੀਆਂ ਕੁਰਬਾਨੀਆਂ ਦਿੱਤੀਆਂ, ਪਰ ਇਸ ਦੇ ਬਾਵਜੂਦ ਸਿੱਖਾਂ ਨਾਲ ਵਾਰ-ਵਾਰ ਬੇਇਨਸਾਫ਼ੀ ਹੋਈ ਹੈ। ਨਵੰਬਰ ਮਹੀਨਾ ਆਉਂਦਿਆਂ ਹੀ ਕਤਲੇਆਮ ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਦੇ ਪੁਰਾਣੇ ਜ਼ਖਮ ਮੁੜ ਹਰੇ ਹੋ ਜਾਂਦੇ ਹਨ। ਸਰਕਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਠੋਸ ਕਦਮ ਚੁੱਕਣ। ਐਡਵੋਕੇਟ ਧਾਮੀ ਨੇ ਕਿਹਾ ਕਿ ਇਨਸਾਫ਼ ਦੀ ਇਹ ਲੜਾਈ ਸਿਰਫ਼ ਪੀੜਤ ਪਰਿਵਾਰਾਂ ਦੀ ਨਹੀਂ, ਸਗੋਂ ਮਨੁੱਖੀ ਅਧਿਕਾਰਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਿਆਂ ਪ੍ਰਣਾਲੀ ਵਿੱਚ ਭਰੋਸੇ ਦੀ ਵੀ ਲੜਾਈ ਹੈ। ਜਦੋਂ ਤੱਕ ਦੋਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਪੀੜਤ ਪਰਿਵਾਰਾਂ ਦੇ ਹਿਰਦੇ ਸ਼ਾਂਤ ਨਹੀਂ ਹੋਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਇਸ ਦਰਦਨਾਕ ਸਾਕੇ ਨੂੰ ਕਦੇ ਵੀ ਭੁਲਾ ਨਹੀਂ ਸਕਦੀ ਅਤੇ ਹਰ ਸਾਲ ਇਸ ਦੀ ਯਾਦ ਮਨਾਈ ਜਾਂਦੀ ਹੈ। ਇਸੇ ਸਬੰਧ ਵਿੱਚ ਭਲਕੇ 2 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਜਾਵੇਗੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!