ਕਪੂਰਥਲਾ : ਭਾਰਤ ਦਾ 73ਵਾਂ ਆਜ਼ਾਦੀ ਦਿਹਾੜਾ ਦੇਸ਼ ਭਗਤੀ ਦੇ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਜ਼ਿਲਾ ਪੱਧਰੀ ਸਮਾਗਮ 15 ਅਗਸਤ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਇਸ ਮੌਕੇ ਵੱਖ-ਵੱਖ ਵਿਭਾਗਾਂ ਦੀਆਂ ਕਮੇਟੀਆਂ ਦਾ ਗਠਨ ਕਰਕੇ ਅਧਿਕਾਰੀਆਂ ਨੂੰ ਡਿਊਟੀਆਂ ਦੀ ਵੰਡ ਕੀਤੀ। ਉਨਾਂ ਦੱਸਿਆ ਕਿ ਸੁਤੰਤਰਤਾ ਦਿਵਸ ਸਮਾਰੋਹ ਸਬੰਧੀ 8, 9 ਅਤੇ 10 ਅਗਸਤ ਨੂੰ ਸਟੇਡੀਅਮ ਵਿਚ ਰਿਹਰਸਲਾਂ ਹੋਣਗੀਆਂ ਜਦਕਿ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਉਨਾਂ ਦੱਸਿਆ ਕਿ ਸਮਾਰੋਹ ਮੌਕੇ ਪੰਜਾਬ ਪੁਲਿਸ, ਹੋਮ ਗਾਰਡਜ਼, ਐਨ. ਸੀ. ਸੀ ਕੈਡਿਟ, ਗਰਲਜ਼ ਗਾਈਡਜ਼ ਅਤੇ ਬੁਆਏਜ਼ ਸਕਾਊਟਸ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਸਕੂਲਾਂ ਦੇ ਬੱਚਿਆਂ ਵੱਲੋਂ ਪੀ. ਟੀ ਸੋਅ ਦੀ ਸ਼ਾਨਦਾਰ ਪੇਸ਼ਕਾਰੀ ਹੋਵੇਗੀ।
ਸੰਬੰਧਿਤ ਖ਼ਬਰਾਂ
ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਦੇਸ਼ ਭਗਤੀ 'ਤੇ ਆਧਾਰਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸੇ ਤਰਾਂ ਸੁਤੰਤਰਤਾ ਸੈਨਾਨੀਆਂ ਅਤੇ ਉਨਾਂ ਦੇ ਪਰਿਵਾਰਾਂ ਦੇ ਸਨਮਾਨ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਖਰਬੰਦਾ ਨੇ ਇਸ ਮੌਕੇ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕਰਨ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੂਪ ਵਿਚ ਚਲਾਉਣ ਅਤੇ ਨਗਰ ਕੌਂਸਲ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਾਫ-ਸਫਾਈ ਨੂੰ ਪੂਰੀ ਤਰਾਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਉਨਾਂ ਇਸ ਦੌਰਾਨ ਸ਼ਹਿਰ ਦੇ ਸਾਰੇ ਚੌਕਾਂ ਦੀ ਸਜਾਵਟ ਕਰਨ ਅਤੇ ਅਣ-ਅਧਿਕਾਰਤ ਹੋਰਡਿੰਗਜ਼ ਤੇ ਬੈਨਰ ਆਦਿ ਹਟਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਰਾਸ਼ਟਰੀ ਤਿਉਹਾਰ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਉਨਾਂ ਨੂੰ ਸੌਂਪੀਆਂ ਗਈਆਂ ਜਿੰਮੇਵਾਰੀਆਂ ਨੂੰ ਨਿੱਜੀ ਦਿਲਚਸਪੀ ਲੈਂਦੇ ਹੋਏ ਲਗਨ ਨਾਲ ਪੂਰਾ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਤਹਿਸੀਲਦਾਰ ਕਪੂਰਥਲਾ ਸ. ਮਨਵੀਰ ਸਿੰਘ ਢਿੱਲੋਂ, ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਸੁਪਰਡੈਂਟ ਸ੍ਰੀ ਬਿੰਦਰ ਪਾਲ ਡਾਵਰ ਅਤੇ ਐਮ. ਏ ਸ੍ਰੀ ਰਾਜੇਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।






