ਕਪੂਰਥਲਾ : ਜ਼ਿਲੇ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਵੱਖ-ਵੱਖ ਮੰਡੀਆਂ ਵਿਚ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ 208 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋ 33 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 57 ਮੀਟ੍ਰਿਕ ਟਨ, ਪਨਸਪ ਵੱਲੋਂ 93 ਮੀਟ੍ਰਿਕ ਟਨ ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 25 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।
ਸੰਬੰਧਿਤ ਖ਼ਬਰਾਂ
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮੁਸ਼ਕਿਲ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ, ਕਿਉਂਕਿ ਖ਼ਰੀਦ ਏਜੰਸੀਆਂ ਵੱਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਕਣਕ ਹੀ ਖ਼ਰੀਦ ਕੀਤੀ ਜਾਣੀ ਹੈ। ਉਨਾਂ ਦੱਸਿਆ ਕਿ ਅਣ-ਪੱਕੀ ਤੇ ਨਮੀ ਵਾਲੀ ਕਣਕ ਦੀ ਕਟਾਈ ਰੋਕਣ ਲਈ ਜ਼ਿਲੇ ਵਿਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ 'ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਦਿਨ ਵੇਲੇ ਵੀ ਕਟਾਈ ਕਰਨ ਸਮੇਂ ਕੰਬਾਈਨਾਂ ਵਿਚ ਉਪਲਬੱਧ ਪੱਖਿਆਂ ਨੂੰ ਚਾਲੂ ਹਾਲਤ ਵਿਚ ਰੱਖਣ ਲਈ ਕਿਹਾ ਗਿਆ ਹੈ ਅਤੇ ਇਸ ਸਬੰਧੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ 'ਤੇ ਵਾਲਿਆਂ ਦੀਆਂ ਕੰਬਾਈਨਾਂ ਜ਼ਬਤ ਕਰ ਲਈਆਂ ਜਾਣਗੀਆਂ ਅਤੇ ਪਰਚੇ ਵੀ ਦਰਜ ਕੀਤੇ ਜਾਣਗੇ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣ।






