ਚੰਡੀਗੜ : ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਮੈਂਬਰ ਵਜੋਂ ਛੁੱਟੀ ਹੋਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ, ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪਿੱਠ 'ਤੇ ਆ ਗਏ ਹਨ।ਕੈਪਟਨ ਅਮਰਿੰਦਰ ਸਿੰਘ ਨੇ ਆਈਜੀ ਦੀ ਬਦਲੀ ਤੋਂ ਖਫ਼ਾ ਹੁੰਦਿਆਂ ਇਸ ਨੂੰ 'ਪੱਖਪਾਤੀ ਹੁਕਮ' ਕਰਾਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਸਰਕਾਰ ਤਬਾਦਲੇ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਲਈ ਚੋਣ ਕਮਿਸ਼ਨ ਤਕ ਪਹੁੰਚ ਕਰੇਗੀ।
ਮੁੱਖ ਮੰਤਰੀ ਮੁਤਾਬਕ ਅਕਾਲੀ ਦਲ ਦੇ ਇਕ ਆਗੂ ਦੀ ਸ਼ਿਕਾਇਤ 'ਤੇ ਭਾਰਤੀ ਚੋਣ ਕਮਿਸ਼ਨ ਦਾ ਇਹ ਹੁਕਮ ਬਰਗਾੜੀ ਗੋਲ਼ੀ ਕਾਂਡ ਦੀ ਜਾਂਚ ਵਿਚ ਸਿੱਧੀ ਦਖ਼ਲਅੰਦਾਜ਼ੀ ਕੀਤਾ ਜਾਣਾ ਜਾਪਦਾ ਹੈ ਜਿਸ ਕਰਕੇ ਇਹ ਫ਼ੈਸਲਾ ਕੀਤਾ ਗਿਆ ਕਿ ਨਿਆਂ ਅਤੇ ਸੰਵਿਧਾਨਿਕ ਮਰਿਆਦਾ ਦੇ ਹਿੱਤ ਵਿਚ ਭਾਰਤੀ ਚੋਣ ਕਮਿਸ਼ਨ ਨੂੰ ਆਪਣੇ ਫ਼ੈਸਲੇ 'ਤੇ ਮੁੜ ਗੌਰ ਕਰਨ ਲਈ ਆਖਿਆ ਜਾਵੇ।ਕੈਪਟਨ ਨੇ ਕਿਹਾ ਕਿ ਅਕਾਲੀ ਬੇਅਦਬੀ ਅਤੇ ਉਸ ਤੋਂ ਬਾਅਦ ਵਾਪਰੇ ਗੋਲ਼ੀ ਕਾਂਡ ਦੇ ਮਾਮਲਿਆਂ ਦੀ ਜਾਂਚ 'ਚ ਅੜਿੱਕੇ ਡਾਹੁਣ ਦੀਆਂ ਅਸਫਲ ਕੋਸ਼ਿਸ਼ਾਂ ਕਰ ਰਹੇ ਹਨ। ਬੇਅਦਬੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਅਕਾਲੀਆਂ ਦੇ ਸਮੇਂ ਹੀ ਵਾਪਰੀਆਂ ਸਨ।
ਕੈਪਟਨ ਨੇ ਕਿਹਾ ਕਿ ਅਸਲ ਵਿਚ ਅਕਾਲੀ ਆਪਣੀ ਚਮੜੀ ਬਚਾਉਣ ਲਈ ਅਜਿਹੇ ਹੱਥਕੰਡੇ ਅਪਣਾ ਰਹੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਹੁਕਮ ਦਾ ਆਧਾਰ ਇਕ ਬੇਤੁਕੀ ਸ਼ਿਕਾਇਤ ਹੈ ਜਿਹੜੀ ਕਿ ਸ਼ਿਕਾਇਤਕਰਤਾ ਵੱਲੋਂ ਗੁਨਾਹ ਕਬੂਲਣ ਦੇ ਤੁੱਲ ਹੈ। ਉਨ੍ਹਾਂ ਕਿਹਾ ਕਿ ਇਹ ਸੁਭਾਵਿਕ ਹੈ ਕਿ ਸ਼ਿਕਾਇਤਕਰਤਾ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਬੇਨਕਾਬ ਕੀਤੇ ਜਾਣ ਦਾ ਡਰ ਸਤਾ ਰਿਹਾ ਹੈ ਜਿਸ ਕਰਕੇ ਉਸ ਨੇ ਅਕਾਲੀ ਦਲ ਦੇ ਭਾਈਵਾਲ ਭਾਜਪਾ ਦੀ ਸ਼ਰਨ ਲਈ ਹੈ। ਸਰਕਾਰੀ ਬੁਲਾਰੇ ਅਨੁਸਾਰ ਕੈਪਟਨ ਦਾ ਮੰਨਣਾ ਹੈ ਕਿ ਚੋਣ ਕਮਿਸ਼ਨ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ ਇਸ਼ਾਰੇ 'ਤੇ ਪੂਰੀ ਤਰ੍ਹਾਂ ਪੱਖਪਾਤੀ ਰਵੱਈਆ ਅਪਣਾ ਰਿਹਾ ਹੈ।
ਸੰਬੰਧਿਤ ਖ਼ਬਰਾਂ
ਉਨ੍ਹਾਂ ਕਿਹਾ ਕਿ ਭਾਜਪਾ ਵੀ ਆਪਣੇ ਆਪ ਨੂੰ ਅਤੇ ਆਪਣੇ ਭਾਈਵਾਲਾਂ ਨੂੰ ਬਚਾਉਣ ਲਈ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਅਤੇ ਸੂਬੇ ਦੇ ਮਾਮਲਿਆਂ 'ਚ ਦਖ਼ਲਅੰਦਾਜ਼ੀ ਕਰਨ ਸਮੇਤ ਹਰ ਕਿਸਮ ਦੇ ਘਟੀਆ ਹੱਥਕੰਡੇ ਅਪਣਾ ਰਹੀ ਹੈ।ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦਾ ਇਕਮਾਤਰ ਇਰਾਦਾ ਦੋਸ਼ੀਆਂ ਨੂੰ ਕਟਹਿਰੇ ਵਿਚ ਖੜ੍ਹਾ ਕਰਨ ਅਤੇ ਸਾਲ-2015 ਦੇ ਮਾਮਲੇ ਦੀ ਜਾਂਚ ਕਰਕੇ ਸਿੱਟੇ 'ਤੇ ਪਹੁੰਚਾਉਣ ਦਾ ਸੀ ਜਿਸ ਵਿਚ ਆਈਜੀ ਵੀ ਇਕ ਪ੍ਰਮੁੱਖ ਮੈਂਬਰ ਹੈ ਜੋ ਵਿਸ਼ੇਸ਼ ਜਾਂਚ ਟੀਮ ਦੀ ਪ੍ਰਭਾਵਸ਼ਾਲੀ ਜਾਂਚ ਵਿਚ ਅਹਿਮ ਕੜੀ ਹੈ।
ਉਨ੍ਹਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਸਿਵਲ ਰਿਟ ਪਟੀਸ਼ਨ (23285/18) ਰਾਹੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਪੜਤਾਲ ਕਰ ਰਹੀ ਹੈ ਅਤੇ ਉਸ ਨੇ ਆਪਣੀ ਰਿਪੋਰਟ ਹਾਈ ਕੋਰਟ ਅੱਗੇ ਪੇਸ਼ ਕੀਤੀ ਅਤੇ ਅਦਾਲਤ ਨੇ ਪੜਤਾਲ ਵਿਚ ਪੂਰਾ ਭਰੋਸਾ ਪ੍ਰਗਟ ਕਰਦਿਆਂ ਇਸ ਦੀ ਨਿਗਰਾਨੀ ਕਰਨ ਤੋਂ ਇਨਕਾਰ ਕੀਤਾ ਸੀ।ਮੁੱਖ ਮੰਤਰੀ ਨੇ ਦੱਸਿਆ ਕਿ ਸਗੋਂ ਹਾਈ ਕੋਰਟ ਨੇ ਤਾਂ 25 ਜਨਵਰੀ 2019 ਨੂੰ ਜਾਂਚ ਦਾ ਜ਼ਿੰਮਾ ਸੀਬੀਆਈ ਨੂੰ ਸੋਂਪਣ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਵਿਸ਼ੇਸ਼ ਜਾਂਚ ਟੀਮ ਨੇ ਚਾਰ ਅਪਰਾਧਿਕ ਮਾਮਲਿਆਂ ਦੀ ਜਾਂਚ ਬਿਨਾਂ ਕਿਸੇ ਬਾਹਰਲੇ ਪ੍ਰਭਾਵ ਤੋਂ ਨਿਰਪੱਖਤਾ, ਆਜ਼ਾਦਾਨਾ ਅਤੇ ਪੇਸ਼ੇਵਰ ਢੰਗ ਨਾਲ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਅਤੇ ਅਕਾਲੀਆਂ ਸਮੇਤ ਆਪਣੇ ਭਾਈਵਾਲਾਂ ਦੇ ਸੌੜੇ ਸਿਆਸੀ ਹਿੱਤਾਂ ਖਾਤਰ ਅਜਿਹੇ ਢੰਗ ਅਪਣਾ ਕੇ ਆਪਣੀ ਦਿਆਨਤਦਾਰੀ ਨਾਲ ਸਮਝੌਤਾ ਕਰਨ ਦੀ ਕੋਈ ਇਜਾਜ਼ਤ ਨਾ ਦੇਵੇ। ਉਨ੍ਹਾਂ ਕਿਹਾ ਕਿ ਲੋਕ ਚੋਣ ਕਮਿਸ਼ਨ 'ਤੇ ਭਰੋਸਾ ਕਰਦੇ ਹਨ ਪਰ ਅਜਿਹੀਆਂ ਕਾਰਵਾਈਆਂ ਉਸ ਦੇ ਵਿਸ਼ਵਾਸ ਨੂੰ ਖੋਰਾ ਲਾਉਂਦੀਆਂ ਹਨ।






