ਪਟਿਆਲਾ : ਵਿਰੋਧੀ ਧਿਰਾਂ ਵੱਲੋਂ ਆਪੋ-ਆਪਣੀ ਵਿਚਾਰਧਾਰਾ ਨੂੰ ਦਰਕਿਨਾਰ ਕਰ ਕੇ ਮਹਾਂਗਠਜੋੜ ਬਣਾਉਣ ਦੇ ਯਤਨ ਇਨ੍ਹਾਂ ਪਾਰਟੀਆਂ ਦੀ ਹਾਲਤ ਬਿਆਨ ਕਰਦੇ ਹਨ ਕਿਉਂਕਿ ਇਨ੍ਹਾਂ ਨੂੰ ਪਤਾ ਲੱਗਾ ਚੁੱਕਾ ਹੈ ਕਿ ਲੋਕ ਨਰਿੰਦਰ ਮੋਦੀ ਦੇ ਹੱਕ 'ਚ ਹਨ ਤੇ ਉਨ੍ਹਾਂ ਦੀ ਪੰਜ ਸਾਲਾ ਕਾਰਗੁਜ਼ਾਰੀ ਤੋਂ ਖੁਸ਼ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ। ਡਾ. ਚੀਮਾ ਬੁੱਧਵਾਰ ਨੂੰ ਅਕਾਲੀ ਦਲ ਦੀ ਸੀਨੀਅਰ ਆਗੂ ਅਮਰਜੀਤ ਕੌਰ ਨਾਲ ਉਨ੍ਹਾਂ ਦੇ ਪਤੀ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਲਈ ਪੁੱਜੇ ਹੋਏ ਸਨ।
ਸੰਬੰਧਿਤ ਖ਼ਬਰਾਂ
ਅਕਾਲੀ ਦਲ ਦੇ ਉਮੀਦਵਾਰਾਂ ਦੇ ਐਲਾਨ ਬਾਰੇ ਸ਼ੋ੍ਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਸ ਮਾਮਲੇ 'ਤੇ ਫੈਸਲਾ ਲੈਣ ਦੇ ਅਧਿਕਾਰ ਦਿੱਤੇ ਹਨ ਤੇ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ। ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਰਾਜ ਵਿਚ ਪਿਛਲੇ ਦੋ ਸਾਲਾਂ ਦੌਰਾਨ 400 ਮੈਡੀਕਲ ਸੀਟਾਂ ਦਾ ਨੁਕਸਾਨ ਹੋਇਆ ਹੈ। ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਗਿਆਨ ਸਾਗਰ ਹਸਪਤਾਲ ਬੰਦ ਹੋਣ ਨਾਲ 100 ਅਤੇ ਚਿੰਤਪੂਰਨੀ ਮੈਡੀਕਲ ਕਾਲਜ ਬੰਦ ਹੋਣ ਨਾਲ 150 ਸੀਟਾਂ ਦਾ ਨੁਕਸਾਨ ਹੋਇਆ। ਇਸੇ ਤਰ੍ਹਾਂ ਮੈਡੀਕਲ ਕੌਂਸਲ ਆਫ ਇੰਡੀਆ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮਿ੍ਤਸਰ ਨੂੰ ਨੋਟਿਸ ਜਾਰੀ ਕੀਤਾ ਹੋਇਆ ਹੈ ਤੇ ਦੋਵਾਂ ਦੀਆਂ 50-50 ਸੀਟਾਂ ਖੁੱਸਣ ਦਾ ਖਦਸ਼ਾ ਹੈ।






