ਲੁਧਿਆਣਾ : 19 ਮਈ ਨੂੰ ਪੈਣ ਵਾਲੀਆਂ ਵੋਟਾਂ ਲਈ ਜ਼ਿਲ੍ਹਾ ਲੁਧਿਆਣਾ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਪ੍ਰਸਾਸ਼ਨ ਇਨ੍ਹਾਂ ਚੋਣਾਂਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਬਿਨਾਂ ਕਿਸੇ ਦਬਾਅ ਦੇ ਸ਼ਾਂਤੀਪੂਰਨ ਤਰੀਕੇ ਨਾਲ ਸਿਰੇ ਚਾੜਨ ਲਈ ਦ੍ਰਿੜ੍ਹ ਸੰਕਲਪ ਹੈ। ਪੂਰੀ ਵੋਟ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਕਰਕੇ ਵੋਟਰ ਆਪਣੀ ਵੋਟ ਦਾ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਲਾਜ਼ਮੀ ਅਤੇ ਸਹੀ ਇਸਤੇਮਾਲ ਕਰਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਕੀਤਾ।
ਵੋਟ ਪ੍ਰਕਿਰਿਆ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਅਗਰਵਾਲ ਨੇ ਦੱਸਿਆ ਕਿ ਹਲਕਾ ਲੁਧਿਆਣਾ-07 ਵਿੱਚ ਕੁੱਲ 9 ਹਲਕੇ ਪੈਂਦੇ ਹਨ, ਜਿਨ੍ਹਾਂ ਵਿੱਚ ਲੁਧਿਆਣਾ ਕੇਂਦਰੀ, ਲੁਧਿਆਣਾ ਦੱਖਣੀ, ਲੁਧਿਆਣਾ ਉੱਤਰੀ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ, ਆਤਮ ਨਗਰ, ਜਗਰਾਉਂ, ਦਾਖਾ ਅਤੇ ਗਿੱਲ ਸ਼ਾਮਿਲ ਹਨ। ਇਨ੍ਹਾਂ ਸਾਰੇ ਹਲਕਿਆਂ ਦੇ ਕੁੱਲ 16 ਲੱਖ 80 ਹਜ਼ਾਰ 953 ਵੋਟਰ ਹਨ ਜਿਨ੍ਹਾਂ ਵਿੱਚ ਮਰਦਾਂ ਦੀ ਗਿਣਤੀ 9 ਲੱਖ 1 ਹਜ਼ਾਰ 313 ਅਤੇ ਔਰਤਾਂ ਦੀ ਗਿਣਤੀ 7 ਲੱਖ 79 ਹਜ਼ਾਰ 569 ਵੋਟਰ ਹਨ। ਹਲਕਾ ਲੁਧਿਆਣਾ ਵਿੱਚ ਤੀਜੇ ਲਿੰਗ ਵਾਲੇ 71 ਵੋਟਰ ਵੀ ਆਪਣੀ ਵੋਟ ਦਾ ਇਸਮੇਤਾਲ ਕਰਨਗੇ। ਜ਼ਿਲ੍ਹਾ ਲੁਧਿਆਣਾ ਵਿੱਚ (ਸਮੇਤ ਹਲਕਾ ਫਤਹਿਗੜ੍ਹ ਸਾਹਿਬ 'ਚ ਪੈਂਦੇ 5 ਵਿਧਾਨ ਸਭਾ ਹਲਕੇ) ਕੁੱਲ 25 ਲੱਖ 75 ਹਜ਼ਾਰ 448 ਵੋਟਰ ਹਨ। ਜ਼ਿਲ੍ਹੇ ਅੰਦਰ ਆਉਂਦੇ ਸਾਰੇ ਵੋਟਰਾਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵੋਟਰ ਸ਼ਨਾਖਤੀ ਕਾਰਡ ਅਤੇ ਵੋਟਰ ਸਲਿੱਪਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਾਰੇ ਪੋਲਿੰਗ ਸਟੇਸ਼ਨਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਕਰ ਦਿੱਤੀਆਂ ਗਈਆਂ ਹਨ।ਲੋਕ ਸਭਾ ਹਲਕਾ ਲੁਧਿਆਣਾ ਲਈ ਕੁੱਲ 22 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਦਕਿ 23ਵਾਂ ਨੰਬਰ 'ਨੋਟਾ' ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕੁੱਲ 1721 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ।
ਸੰਬੰਧਿਤ ਖ਼ਬਰਾਂ
ਚੋਣਾਂ ਦੀ ਪੂਰੀ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਸਿਵਲ ਪ੍ਰਸਾਸ਼ਨ ਦੇ 14750 ਅਧਿਕਾਰੀ ਚੋਣ ਅਮਲੇ ਦੀ ਡਿਊਟੀ ਨਿਭਾਉਣਗੇ ਜਦਕਿ ਵੋਟ ਪ੍ਰਕਿਰਿਆ ਨੂੰ ਸ਼ਾਂਤੀ ਪੂਰਨ ਤਰੀਕੇ ਨਾਲ ਸਿਰੇ ਚੜਾਉਣ ਲਈ ਲੋੜੀਂਦੀ ਮਾਤਰਾ ਵਿੱਚ ਪੰਜਾਬ ਪੁਲਿਸ ਦੇ ਜਵਾਨ ਅਤੇ ਇਸ ਤੋਂ ਇਲਾਵਾ ਲੋੜੀਂਦੀ ਮਾਤਰਾ ਵਿੱਚ ਹੋਰ ਕੇਂਦਰੀ ਫੋਰਸਾਂ ਲਗਾਈਆਂ ਗਈਆਂ ਹਨ। ਅਗਰਵਾਲ ਨੇ ਵਚਨਬੱਧਤਾ ਦੁਹਰਾਈ ਕਿ ਇਹ ਚੋਣਾਂ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਈਆਂ ਜਾਣਗੀਆਂ।ਅਗਰਵਾਲ ਨੇ ਵੋਟਰਾਂ, ਉਮੀਦਵਾਰਾਂ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੋਟਰ ਪੈਸੇ ਲੈ ਕੇ ਵੋਟ ਪਾਉਂਦਾ ਹੈ ਜਾਂ ਕੋਈ ਉਮੀਦਵਾਰ ਜਾਂ ਪਾਰਟੀ ਕਿਸੇ ਵੋਟਰ ਨੂੰ ਵੋਟ ਲਈ ਪੈਸੇ ਦੀ ਪੇਸ਼ਕਸ਼ ਕਰਦੀ ਹੈ ਤਾਂ ਉਸ ਵਿਰੁੱਧ ਧਾਰਾ 178 ਬੀ ਦੇ ਤਹਿਤ ਅਪਰਾਧਕ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਕਿਸੇ ਵੋਟਰ ਨੂੰ ਡਰਾ, ਧਮਕਾ ਕੇ ਜਾਂ ਸੱਟ ਫੇਟ ਮਾਰਕੇ ਵੋਟ ਪਵਾਉਣ ਦੀ ਸੂਰਤ ਵਿੱਚ ਦੋਸ਼ੀ ਵਿਰੁਧ ਧਾਰਾ 171 ਸੀ ਤਹਿਤ ਕਾਰਵਾਈ ਕੀਤੀ ਜਾਵੇਗੀ।
ਚੋਣਾਂ ਨਾਲ ਸੰਬੰਧਤ ਕਿਸੇ ਵੀ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 127 ਏ ਦੇ ਤਹਿਤ ਦੋਸ਼ੀ ਮੰਨਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਲੁਧਿਆਣਾ ਤੋਂ ਜਿਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ ਉਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ, ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ, ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਬੈਂਸ, ਆਮ ਆਦਮੀ ਪਾਰਟੀ ਦੇ ਤੇਜਪਾਲ ਸਿੰਘ, ਬਹੁਜਨ ਮੁਕਤੀ ਮੋਰਚਾ ਦੇ ਰਾਮ ਸਿੰਘ ਦੀਪਕ, ਭਾਰਤ ਪ੍ਰਭਾਤ ਪਾਰਟੀ ਦੇ ਬਲਜੀਤ ਸਿੰਘ, ਆਜ਼ਾਦ ਉਮੀਦਵਾਰ ਮਹਿੰਦਰ ਸਿੰਘ, ਸੁਖਵਿੰਦਰ ਸਿੰਘ, ਨਸੀਮ ਅਨਸਾਰੀ, ਦਰਸ਼ਨ ਸਿੰਘ, ਭਾਰਤੀ ਲੋਕ ਸੇਵਾ ਦਲ ਦੇ ਅਮਰਜੀਤ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੇ ਦਵਿੰਦਰ ਭਗਰੀਆ, ਪੀਪਲਸ ਪਾਰਟੀ ਆਫ ਇੰਡੀਆ ਦੇ ਬ੍ਰਜੇਸ਼ ਕੁਮਾਰ, ਹਿੰਦੂ ਸਮਾਜ ਦੇ ਰਜਿੰਦਰ ਕੁਮਾਰ, ਅੰਬੇਦਕਰ ਨੈਸ਼ਨਲ ਕਾਂਗਰਸ ਦੇ ਬੀਕੇ ਟਾਂਕ ਆਦਿ ਸ਼ਾਮਲ ਹਨ।






