ਸ੍ਰੀ ਅਨੰਦਪੁਰ ਸਾਹਿਬ (ਇੰਦਰਜੀਤ ਸਿੰਘ) : ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਮੇਰੇ ਲਈ ਪ੍ਰੇਰਣਾ ਸਰੋਤ ਹੈ ਤੇ ਮੈਨੂੰ ਸੁਚੱਜੀ ਅਗਵਾਈ ਬਖ਼ਸ਼ਦੀ ਹੈ। ਇਸ ਗੱਲ ਦਾ ਪ੍ਰਗਟਾਵਾ ਜੈ ਪ੍ਰਕਾਸ਼ ਨੱਡਾ ਕੌਮੀ ਕਾਰਜਕਾਰੀ ਪ੍ਰਧਾਨ ਭਾਰਤੀ ਜਨਤਾ ਪਾਰਟੀ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਣ ਉਪਰੰਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਾਰਜਕਾਰੀ ਪ੍ਰਧਾਨ ਬਣਨ ਉਪਰੰਤ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਦੌਰੇ ਦੀ ਸ਼ੁਰੂਆਤ ਇਸ ਭਾਗਾਂ ਭਰੀ ਧਰਤੀ ਤੋਂ ਕਰ ਕੇ ਮੈਨੂੰ ਬਹੁਤ ਸਕੂਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਲੋਂ ਇਸ ਨਗਰ ਨੂੰ ਵਸਾਇਆ ਗਿਆ ਤੇ ਜ਼ੁਲਮ ਰੋਕਣ ਲਈ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਮੇਰੀ ਰੂਹ ਤਰੋ-ਤਾਜ਼ਾ ਹੋ ਗਈ ਹੈ ਕਿਉਂਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਖ਼ਾਤਰ, ਆਪਣੀ ਕੌਮ ਦੇ ਲਈ ਜਿਸ ਤਰ੍ਹਾਂ ਸਰਬੰਸ ਵਾਰ ਕੇ ਕੁਰਬਾਨੀਆਂ ਕੀਤੀਆਂ, ਉਹ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹਨ।
ਸੰਬੰਧਿਤ ਖ਼ਬਰਾਂ
ਉਨ੍ਹਾਂ ਕਿਹਾ ਕਿ ਉਹ ਇਸ ਗੱਲ ਤੋਂ ਸੇਧ ਲੈ ਕੇ ਸਮਾਜ ਤੇ ਦੇਸ਼ ਦੀ ਸੇਵਾ ਕਰਨਾ ਆਪਣੀ ਖ਼ੁਸ਼ਕਿਸਮਤੀ ਸਮਝਦੇ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ, ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮੀਤ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਹਲਕਾ ਇੰਚਾਰਜ ਡਾ. ਪਰਮਿੰਦਰ ਸ਼ਰਮਾ, ਜਨਰਲ ਸਕੱਤਰ ਪ੍ਰਦੇਸ਼ ਭਾਜਪਾ ਦਿਆਲ ਸਿੰਘ ਸੋਢੀ, ਰਾਜੇਸ਼ ਚੌਧਰੀ, ਸਾਬਕਾ ਮੈਂਬਰ ਗੁਰਿੰਦਰ ਸਿੰਘ ਗੋਗੀ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਸੰਦੀਪ ਸਿੰਘ ਕਲੌਤਾ ਤੋਂ ਇਲਾਵਾ ਮੈਨੇਜਰ ਜਸਵੀਰ ਸਿੰਘ ਅਤੇ ਸੂਚਨਾ ਅਫਸਰ ਹਰਦੇਵ ਸਿੰਘ ਹੈਪੀ ਵੀ ਹਾਜ਼ਰ ਸਨ।






