ਮੋਗਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਦੀ ਮਹੱਤਵ-ਪੂਰਣ 'ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ' ਤਹਿਤ ਜਿਲ੍ਹਾ ਮੋਗਾ ਦੇ ਸੂਚੀ-ਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵੱਲੋਂ 3,669 ਲੋੜਵੰਦ ਲਾਭਪਾਤਰੀਆਂ ਨੂੰ 3 ਕਰੋੜ 04 ਲੱਖ 02 ਹਜ਼ਾਰ 300 ਰੁਪਏ ਦੀਆਂ ਮੁਫ਼ਤ ਇਲਾਜ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਆਈ.ਏ.ਐਸ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਨੀਲੇ ਕਾਰਡ ਧਾਰਕਾਂ, ਕਿਸਾਨਾਂ, ਵਪਾਰੀਆਂ ਅਤੇ ਕਿਰਤੀਆਂ ਨੂੰ ਇਸ ਮਹੱਤਵਪੂਰਨ ਯੋਜਨਾ ਨਾਲ ਜੋੜਿਆ ਗਿਆ ਹੈ ਅਤੇ ਜਿਲ੍ਹੇ ਦੇ ਲਗਭੱਗ 1,02,751 ਲਾਭਪਾਤਰੀਆਂ ਲਈ ਇਹ ਯੋਜਨਾ ਵਰਦਾਨ ਸਾਬਤ ਹੋ ਰਹੀ ਹੈ। ਇਸ ਮੌਕੇ ਸਿਵਲ ਸਰਜਨ ਮੋਗਾ ਡਾ: ਅਰਵਿੰਦਰ ਪਾਲ ਸਿੰਘ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਐਸ.ਕੇ.ਸੇਤੀਆ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਗਾ ਜਿਲ੍ਹੇ ਦੇ 7 ਸਰਕਾਰੀ ਹਸਪਤਾਲਾਂ ਵਿੱਚ ਕਾਰਡ ਧਾਰਕ ਲਾਭਪਾਤਰੀ ਆਪਣਾ ਇਲਾਜ ਕਰਵਾ ਸਕਦੇ ਹਨ, ਜਿਨ੍ਹਾਂ ਵਿੱਚ ਸਿਵਲ ਹਸਪਤਾਲ ਮੋਗਾ, ਕੋਟ ਈਸੇ ਖਾਂ, ਬਾਘਾਪਰਾਣਾ, ਨਿਹਾਲ ਸਿੰਘ ਵਾਲਾ, ਬੱਧਨੀ ਕਲਾਂ, ਢੁੱਡੀਕੇ ਅਤੇ ਡਰੋਲੀ ਭਾਈ ਸ਼ਾਮਲ ਹਨ।
ਸੰਬੰਧਿਤ ਖ਼ਬਰਾਂ
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜਿਲ੍ਹੇ ਦੇ 6 ਪ੍ਰਾਈਵੇਟ ਹਸਪਤਾਲਾਂ ਵਿੱਚ ਗੋਮਤੀ ਪ੍ਰਸ਼ਾਦ ਹਸਪਤਾਲ ਮੋਗਾ, ਪ੍ਰੇਮ ਹਸਪਤਾਲ, ਗਿੱਲ ਅੱਖਾਂ ਦਾ ਹਸਪਤਾਲ, ਸੂਦ ਹਸਪਤਾਲ, ਰਾਜੀਵ ਹਸਪਤਾਲ ਅਤੇ ਜਗਦੰਬਾ ਹਸਪਤਾਲ ਬਾਘਾਪੁਰਾਣਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਨਵੰਬਰ 2015 ਤੋਂ ਲਾਗੂ ਹੋਈ 'ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ' ਤਹਿਤ ਸੂਚੀਬੱਧ ਸਰਕਾਰੀ ਹਸਪਤਾਲਾਂ ਵੱਲੋਂ 1,999 ਮਰੀਜ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ 1,670 ਮਰੀਜ਼ਾਂ ਨੂੰ ਨਗਦੀ ਰਹਿਤ ਇਲਾਜ ਸੁਵਿਧਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਵਿਸ਼ੇਸ ਤੌਰ 'ਤੇ ਗਰੀਬ ਤੇ ਪਛੜੇ ਵਰਗ ਦੇ ਉਨ•ਾਂ ਲੋਕਾਂ, ਜੋ ਕਿ ਆਰਥਿਕ ਤੰਗੀ ਕਾਰਨ ਪ੍ਰਾਈਵੇਟ ਹਸਪਤਾਲਾਂ ਵਿੱਚ ਆਪਣਾ ਇਲਾਜ ਨਹੀਂ ਕਰਵਾ ਸਕਦੇ ਸਨ, ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਪ੍ਰੀਵਾਰ ਦੇ ਮੁਖੀ ਦੀ ਹਾਦਸੇ ਵਿੱਚ ਮੌਤ ਹੋ ਜਾਣ ਕਾਰਨ ਜਾਂ ਨਕਾਰਾ ਹੋਣ 'ਤੇ 5 ਲੱਖ ਰੁਪਏ ਦੀ ਬੀਮਾ ਰਾਸ਼ੀ ਵੀ ਦਿੱਤੀ ਜਾਂਦੀ ਹੈ।
ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਜਿਲ੍ਹੇ ਦੇ ਸੂਚੀਬੱਧ ਹਸਪਤਾਲਾਂ ਤੋਂ ਇਲਾਵਾ ਰਾਜ ਦੇ ਹੋਰ ਜਿਲੀਆਂ ਦੇ ਵੀ ਇਸ ਯੋਜਨਾ ਵਿੱਚ ਸ਼ਾਮਿਲ ਕੀਤੇ ਗਏ ਹਸਪਤਾਲਾਂ 'ਚੋਂ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਨੂੰ ਪੰਜਾਬ ਸਰਕਾਰ ਨੇ ਸੂਚੀਬੱਧ ਕੀਤਾ ਹੈ, ਉਨ੍ਹਾਂ ਹਸਪਤਾਲਾਂ 'ਚੋਂ ਲਾਭਪਾਤਰੀ ਸਾਲਾਨਾ 50 ਹਜ਼ਾਰ ਰੁਪਏ ਤੱਕ ਦਾ ਮੁਫ਼ਤ (ਨਗਦੀ ਰਹਿਤ) ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਸਿਹਤ ਵਿਭਾਗ ਦੇ ਟੋਲ ਫ਼ਰੀ ਨੰਬਰ 104 'ਤੇ ਵੀ ਸੰਪਰਕ ਕਰ ਸਕਦੇ ਹਨ।






