ਖਡੂਰ ਸਾਹਿਬ (ਇੰਦਰਜੀਤ ਸਿੰਘ ਚਾਹਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਪਹਿਲੇ ਉਮੀਦਵਾਰ ਦਾ ਐਲਾਨ ਕਰਦਿਆਂ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬਣਾਇਆ ਹੈ। ਇਸ ਐਲਾਨ ਤੋਂ ਬਾਅਦ ਬੀਬੀ ਜਗੀਰ ਕੌਰ ਇਸ ਹਲਕੇ ਤੋਂ ਚੋਣ ਲੜਨ ਵਾਲੀ ਪਹਿਲੀ ਮਹਿਲਾ ਉਮੀਦਵਾਰ ਹੋਵੇਗੀ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਡੂਰ ਸਾਹਿਬ ਇਤਿਹਾਕਿ ਨਗਰਾਂ ਵਾਲਾ ਪੰਥਕ ਹਲਕਾ ਹੈ। ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਰਹੇ ਹਨ। ਪੰਜਾਬ ਦੀ ਵਜਾਰਤ ਵਿਚ ਅਹਿਮ ਸਥਾਨ ਰੱਖਣ ਵਾਲੇ ਬੀਬੀ ਜਗੀਰ ਕੌਰ ਇਸ ਵੇਲੇ ਇਸਤਰੀ ਵਿੰਗ ਦੀ ਕਮਾਂਡ ਸੰਭਾਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਬੀਬੀ ਜਗੀਰ ਕੋਰ ਨੂੰ ਸ਼੍ਰੋਮਣੀ ਅਕਾਲੀ ਦਲ, ਭਾਜਪਾ ਦਾ ਸਾਂਝਾ ਉਮੀਦਵਾਰ ਬਣਾਇਆ ਜਾਵੇ।
ਸੰਬੰਧਿਤ ਖ਼ਬਰਾਂ
ਇਸ ਤੋਂ ਪਹਿਲਾਂ ਉਨ੍ਹਾਂ ਨੇ ਮੀਟਿੰਗ ਹਾਜ਼ਰ ਹਜ਼ਾਰਾਂ ਵਰਕਰਾਂ ਕੋਲੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਏ ਜਾਣ ਸਬੰਧੀ ਰਾਏ ਵੀ ਪੁੱਛੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਦੋ ਸਾਲਾਂ ਦੇ ਕਾਰਜਕਾਲ 'ਚ ਲੋਕਾਂ 'ਚੋਂ ਭਰੋਸਾ ਗੁਆ ਲਿਆ ਹੈ। ਪੰਜਾਬ ਨੂੰ ਬਦਹਾਲ ਕਰਨ ਵਾਲੇ ਮੁੱਖ ਮੰਤਰੀ ਨੂੰ ਸਬਕ ਸਿਖਾਉਣ ਅਤੇ ਦੇਸ਼ ਦੀ ਤਰੱਕੀ ਲਈ ਜ਼ਰੂਰੀ ਹੈ ਕਿ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ। ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਤੇ ਭਰੋਸਾ ਜਿਤਾਇਆ ਹੈ। ਪਿਛਲੇ ਕਈ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਕੋਲ ਚੱਲੀ ਆ ਰਹੀ ਇਸ ਸੀਟ ਨੂੰ ਬਹਾਲ ਰੱਖਣ ਦਾ ਪੂਰਾ ਯਤਨ ਕਰਨਗੇ। ਇਸ ਮੌਕੇ 'ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਸੰਸਦੀ ਸਕੱਤਰ ਹਰਮੀਤ ਸਿੰਘ ਸੰਧੂ ਤੋਂ ਇਲਾਵਾ ਉੱਥੇ ਹਾਜ਼ਰ ਹੋਰ ਨੇਤਾਵਾਂ ਨੇ ਪਾਰਟੀ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਬੀਬੀ ਜਗੀਰ ਕੌਰ ਨੂੰ ਵਧਾਈ ਦਿੱਤੀ।






