ਕੋਟਕਪੂਰਾ : ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦੀ ਹੱਤਿਆ ਤੋਂ ਬਾਅਦ ਮਾਲਵਾ ਖੇਤਰ 'ਚ ਤਣਾਅ ਬਰਕਰਾਰ ਹੈ। ਬਿੱਟੂ ਦੀ ਲਾਸ਼ ਕੋਟਕਪੂਰਾ 'ਚ ਡੇਰੇ ਦੇ ਨਾਮਚਰਚਾ ਘਰ 'ਚ ਰੱਖੀ ਹੋਈ ਹੈ।ਇੱਥੇ ਵੱਡੀ ਗਿਣਤੀ 'ਚ ਡੇਰਾ ਪ੍ਰੇਮੀ ਇਕੱਠੇ ਹੋਏ ਹਨ।ਡੇਰਾ ਪ੍ਰੇਮੀ ਮੁਲਜ਼ਮ ਦੀ ਗ੍ਰਿਫਤਾਰੀ ਨਾ ਹੋਣ ਤਕ ਬਿੱਟੂ ਦੀ ਲਾਸ਼ ਦਾ ਅੰਤਿਮ ਸਸਕਾਰ ਨਾ ਕਰਨ 'ਤੇ ਅੜੇ ਸਨ, ਪਰ ਪਰਿਵਾਰ ਤੇ ਡੇਰਾ ਕਮੇਟੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਅੰਤਿਮ ਸਸਕਾਰ ਲਈ ਮਨਾ ਲਿਆ। 4 ਘੰਟੇ ਦੀ ਮੀਟਿੰਗ ਤੋਂ ਬਾਅਦ ਡੀਸੀ ਨੇ ਪਰਿਵਾਰ ਨੂੰ ਸੁਰੱਖਿਆ ਦੇਣ ਤੇ ਹੋਰ ਮੰਗਾਂ ਨੂੰ ਸਰਕਾਰ ਤਕ ਪਹੁੰਚਾਉਣ ਦਾ ਭਰੋਸਾ ਦਿੱਤਾ ਹੈ। ਇਸ ਭਰੋਸੇ ਤੋਂ ਬਾਅਦ ਬਿੱਟੂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਵਿਚਕਾਰ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਬਿੱਟੂ ਹੱਤਿਆਕਾਂਡ ਦੀ ਜਾਂਚ ਲਈ ਵਿਸ਼ੇਸ਼ ਜਾਂਚ ਦਲ ਦੇ ਗਠਨ ਦਾ ਆਦੇਸ਼ ਦਿੱਤਾ ਹੈ।
ਸੰਬੰਧਿਤ ਖ਼ਬਰਾਂ
ਐੱਸਆਈਟੀ ਦੀ ਅਗਵਾਈ ਏਡੀਜੀਪੀ ਲਾ ਐਂਡ ਆਰਡਰ ਈਸ਼ਵਰ ਸਿੰਘ ਕਰਨਗੇ।ਮਾਨਸਾ 'ਚ ਹਰਿਆਣਾ ਸਰਹੱਦ ਨਾਲ ਲਗਦੇ ਖੇਤਰਾਂ 'ਚ ਪੁਲਿਸ ਤਾਇਨਾਤੀ ਵਧਾ ਦਿੱਤੀ ਗਈ ਹੈ। ਸਰਦੂਲਗੜ੍ਹ 'ਚ ਵੀ ਪੁਲਿਸ ਮੁ ਸ ਤੈਦ ਹੈ। ਡੀਐੱਸਪੀ ਸੰਜੀਵ ਗੋਇਲ ਨੇ ਕਿਹਾ ਕਿ ਵਾਧੂ ਪੁਲਿਸ ਬਲ ਦੀ ਮੰਗ ਕੀਤੀ ਗਈ ਹੈ। ਪੁਲਿਸ ਮੁਲਾਜ਼ਮਾਂ ਦੀ ਛੁੱਟੀ ਰੱਦ ਕਰ ਦਿੱਤੀ ਗਈ ਹੈ। ਬਰਨਾਲਾ 'ਚ ਰੈਪਿਡ ਐਕਸ਼ਨ ਫੋਰਸ ਦੇ 200 ਜਵਾਨਾਂ ਨਾਲ ਹਜ਼ਾਰ ਦੇ ਕਰੀਬ ਪੁਲਿਸ ਬਲ ਨੇ ਮੋਰਚਾ ਸੰਭਾਲਿਆ ਹੋਇਆ ਹੈ। ਸੀਸੀਟੀਵੀ ਕੈਮਰਿਆਂ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ। ਬਰਨਾਲਾ ਦੇ ਮਹਿਲਕਲਾਂ, ਭਦੌੜ ਤੇ ਧਨੌਲਾ 'ਚ ਫਲੈਗ ਮਾਰਚ ਵੀ ਕੱਢਿਆ ਗਿਆ।






