ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਵਲੋਂ 550ਵੇਂ ਗੁਰ ਪੁਰਬ ਸਮਾਗਮਾਂ ਨੂੰ ਸਮਰਪਿਤ 200 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਲੋਕ ਅਰਪਣ ਕਰਨਗੇ। ਵਿਧਾਇਕ ਸ.ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 31 ਅਕਤੂਬਰ ਨੂੰ ਦੁਪਿਹਰ 12 ਵਜੇ ਤਲਵੰਡੀ ਚੌਧਰੀਆਂ ਰੋਡ ਉੱਪਰ ਪੁੱਡਾ ਕਾਲੋਨੀ ਵਿੱਚ (ਸਾਹਮਣੇ ਅਮਨਪ੍ਰੀਤ ਹਸਪਤਾਲ) ਬਣਾਏ ਗਏ ਪੰਡਾਲ ਵਿਖੇ ਸੰਗਤ ਨੂੰ ਸੰਬੋਧਨ ਵੀ ਕਰਨਗੇ। ਉਨਾਂ ਦੱਸਿਆ ਕਿ ਮੁੱਖ ਮੰਤਰੀ ਵਲੋਂ ਸਾਲ 2018 ਦੌਰਾਨ ਸੁਲਤਾਨਪੁਰ ਲੋਧੀ ਲਈ ਅਨੇਕਾਂ ਵਿਕਾਸ ਪ੍ਰਾਜੈਕਟਾਂ ਦੇ ਨੀਹ ਪੱਥਰ ਰੱਖੇ ਗਏ ਸਨ ਜੋਕਿ ਹੁਣ ਮੁਕੰਮਲ ਹੋ ਚੁੱਕੇ ਹਨ।
ਸੰਬੰਧਿਤ ਖ਼ਬਰਾਂ
ਉਨਾਂ ਦੱਸਿਆ ਕਿ ਤਲਵੰਡੀ ਚੌਧਰੀਆਂ ਰੋਡ ਅਤੇ ਮਾਛੀਜੋਵਾ ਰੋਡ ਉੱਪਰ ਦੋ ਪੁੱਲ,ਪਵਿੱਤਰ ਵੇਈਂ ਉੱਪਰ ਦੋ ਹਾਈ ਲੈਵਲ ਬ੍ਰਿੱਜ,ਦੋ ਪਲਟੂਨ ਪੁੱਲ,ਨਵੇਂ ਬੱਸ ਅੱਡੇ ਅਤੇ ਲੋਕ ਨਿਰਮਾਣ ਵਿਭਾਗ ਦੇ ਵਿਸ਼ਰਾਮ ਘਰ ਦੇ ਉਦਘਾਟਨ ਮੁੱਖ ਮੰਤਰੀ ਵਲੋਂ ਕੀਤਾ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਨਿੱਜੀ ਤੌਰ ਤੇ ਜਾਇਜ਼ਾ ਲਿਆ ਜਾ ਰਿਹਾ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ.ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਦੇ ਗਵਾਹ ਬਣਨ।






