ਸ਼ਿਲਾਂਗ : ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਇਕ ਕਲੋਨੀ ਵਿਚ ਵੱਸਦੇ ਪੰਜਾਬੀਆਂ ਤੇ ਖਾਸਕਰ ਸਿੱਖਾਂ ਨੂੰ ਤੰਗ ਪਰੇਸ਼ਾਨ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ 'ਤੇ ਸ਼ਿਲਾਂਗ ਗਏ ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਸ ਸੰਗਮਾ ਨਾਲ ਮੁਲਾਕਾਤ ਕੀਤੀ ਗਈ। ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰਾਂ ਵਿਚ ਹਰਪਾਲ ਸਿੰਘ ਜੱਲ੍ਹਾ, ਭਗਵੰਤ ਸਿੰਘ ਸਿਆਲਕਾ ਤੇ ਪਰਮਜੀਤ ਸਿੰਘ ਸਰੋਆ ਤੋਂ ਇਲਾਵਾ ਸਥਾਨਕ ਸਿੱਖ ਆਗੂ ਗੁਰਜੀਤ ਸਿੰਘ, ਸੰਗਮ ਸਿੰਘ, ਰੋਹਿਤ ਸਿੰਘ ਆਦਿ ਮੌਜੂਦ ਸਨ।
ਸੰਬੰਧਿਤ ਖ਼ਬਰਾਂ
ਮੁਲਾਕਾਤ ਦੌਰਾਨ ਐਸਜੀਪੀਸੀ ਦੇ ਨੁਮਾਇੰਦਿਆਂ ਦੇ ਗ੍ਰਹਿ ਮੰਤਰੀ ਨੂੰ ਸਥਾਨਕ ਪੰਜਾਬੀਆਂ ਨਾਲ ਹੋ ਰਹੇ ਧੱਕੇ ਨੂੰ ਰੋਕਣ ਲਈ ਸਖ਼ਤ ਕਦਮ ਉਠਾਏ ਜਾਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸ਼ਿਲਾਂਗ ਵਿਖੇ 200 ਸਾਲਾਂ ਤੋਂ ਵੱਸ ਰਹੇ ਪੰਜਾਬੀਆਂ ਪਰਿਵਾਰਾਂ ਦਾ ਉਜਾੜਾ ਕਿਤੇ ਵੀ ਜਾਇਜ਼ ਨਹੀਂ ਹੈ, ਜੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਵਫ਼ਦ ਮੈਂਬਰਾਂ ਨੇ ਗ੍ਰਹਿ ਮੰਤਰੀ ਨੂੰ ਪੰਜਾਬੀਆਂ ਨੂੰ ਮਿਲੇ ਧਮਕੀ ਪੱਤਰ ਬਾਰੇ ਵੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਅਤੇ ਉਥੇ ਵੱਸਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਦੀ ਅਪੀਲ ਕੀਤੀ।
ਪਰਮਜੀਤ ਸਿੰਘ ਸਰੋਆ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਹਿ ਮੰਤਰੀ ਨੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ। ਇਸੇ ਦੌਰਾਨ ਵਫ਼ਦ ਮੈਂਬਰਾਂ ਨੇ ਸ਼ਿਲਾਂਗ ਵਿਖੇ ਪੰਜਾਬੀਆਂ ਨਾਲ ਮੁਲਾਕਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਮਦਦ ਦਾ ਭਰੋਸਾ ਦਿੱਤਾ। ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੇ ਸਥਾਨਕ ਗੁਰਦੁਆਰਾ ਸਾਹਿਬਾਨ ਵਿਖੇ ਵੀ ਸੰਗਤਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ।






