ਕਪੂਰਥਲਾ (ਇੰਦਰਜੀਤ ਸਿੰਘ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਤੋਂ 10 ਦਸੰਬਰ ਤੱਕ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਹੋਣ ਜਾ ਰਹੀ ਹੈ। ਇਸ ਸਬੰਧੀ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਅਤੇ ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਵੱਲੋਂ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿਚ ਇਲਾਕੇ ਦੀਆਂ ਨਾਮਵਰ ਕਬੱਡੀ ਸ਼ਖਸੀਅਤਾਂ ਨੇ ਵੀ ਭਾਗ ਲਿਆ ਅਤੇ ਸਮਾਰੋਹ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਆਪਣੀਆਂ ਸੇਵਾਵਾਂ ਦੀ ਪੇਸ਼ਕਸ਼ ਕੀਤੀ। ਉਨਾਂ ਟੂਰਨਾਮੈਂਟ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਆਪਣੇ ਕੀਮਤੀ ਸੁਝਾਅ ਵੀ ਦਿੱਤੇ। ਉਨਾਂ ਕਿਹਾ ਕਿ ਇਸ ਵੱਡੇ ਟੂਰਨਾਮੈਂਟ ਲਈ ਇਲਾਕੇ ਦੇ ਖੇਡ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਸੰਬੰਧਿਤ ਖ਼ਬਰਾਂ
ਡਿਪਟੀ ਕਮਿਸ਼ਨਰ ਇੰਜ : ਖਰਬੰਦਾ ਨੇ ਇਸ ਮੌਕੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲਾ ਟੂਰਨਾਮੈਂਟ ਦਾ ਉਦਘਾਟਨੀ ਸਮਾਰੋਹ ਯਾਦਗਾਰੀ ਅਤੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ, ਜਿਸ ਲਈ ਵੱਡੀ ਪੱਧਰ ’ਤੇ ਤਿਆਰੀਆਂ ਵਿੱਢੀਆਂ ਗਈਆਂ ਹਨ। ਉਨਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਮੁਲਕਾਂ ਵਿਚਾਲੇ ਚਾਰ ਕਬੱਡੀ ਮੈਚ ਵੀ ਖੇਡੇ ਜਾਣਗੇ। ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਇਸ ਵਿਸ਼ਵ ਪੱਧਰੀ ਟੂਰਨਾਮੈਂਟ ਦਾ ਆਗਾਜ਼ ਸੁਲਤਾਨਪੁਰ ਲੋਧੀ ਦੀ ਧਰਤੀ ਤੋਂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਟੂਰਨਾਮੈਂਟ ਨੂੰ ਯਾਦਗਾਰੀ ਬਣਾਉਣ ਲਈ ਕਬੱਡੀ ਨਾਲ ਜੁੜੀਆਂ ਇਲਾਕੇ ਦੀਆਂ ਨਾਮੀ ਹਸਤੀਆਂ ਦੇ ਤਜ਼ਰਬੇ ਦਾ ਪੂਰਾ ਲਾਹਾ ਲਿਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਸ੍ਰੀਮਤੀ ਨਵਨੀਤ ਕੌਰ ਬੱਲ, ਜ਼ਿਲਾ ਖੇਡ ਅਫ਼ਸਰ ਸ੍ਰੀ ਪਰਦੀਪ ਕੁਮਾਰ, ਸ. ਸੰਦੀਪ ਸਿੰਘ, ਸ. ਪਲਵਿੰਦਰ ਸਿੰਘ ਪੱਪਾ ਤੇ ਸ੍ਰੀ ਰਵਿੰਦਰ ਰਵੀ ਤੋਂ ਇਲਾਵਾ ਕਬੱਡੀ ਨਾਲ ਜੁੜੀਆਂ ਸ਼ਖਸੀਅਤਾਂ ਵਿਚ ਸ. ਬਲਕਾਰ ਸਿੰਘ, ਸ. ਨਿਰਮਲ ਸਿੰਘ, ਸ. ਰਣਧੀਰ ਸਿੰਘ ਧੀਰਾ, ਸ. ਤਰਲੋਕ ਸਿੰਘ, ਸ. ਕੁਲਦੀਪ ਸਿੰਘ, ਸ. ਪਰਮਜੀਤ ਸਿੰਘ, ਸ. ਅਮਨਪ੍ਰੀਤ ਸਿੰਘ, ਇੰਦਰਜੀਤ ਕੌਰ ਤੇ ਹੋਰ ਹਾਜ਼ਰ ਸਨ।






