ਕਪੂਰਥਲਾ (ਇੰਦਰਜੀਤ ਸਿੰਘ) : ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਕਿਸੇ ਨੂੰ ਵੀ ਖੱਜਲ-ਖੁਆਰ ਨਾ ਹੋਣਾ ਪਵੇ। ਇਸ ਮੌਕੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਉਨਾਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੀ ਤਫਸੀਲ ਬਣਾ ਕੇ ਇਨਾਂ ਦਾ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਇਸੇ ਤਰਾਂ ਉਨਾਂ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਡਿਫਾਲਟਰਾਂ ਖਿਲਾਫ਼ ਸਖ਼ਤੀ ਵਰਤਣ ਦੀ ਹਦਾਇਤ ਕੀਤੀ।
ਉਨਾਂ ਡਿਫਾਲਟਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਿਨਾਂ ਨੂੰ ਨੋਟਿਸ ਕੱਢੇ ਗਏ ਹਨ, ਉਹ ਫੌਰਨ ਸਬੰਧਤ ਤਹਿਸੀਲਦਾਰਾਂ ਤੋਂ ਡਿਟੇਲ ਲੈ ਕੇ ਆਪਣੇ ਬਕਾਏ ਜਮਾਂ ਕਰਵਾ ਦੇਣ, ਨਹੀਂ ਤਾਂ ਲਾਲ ਇੰਦਰਾਜ ਵਿਚ ਪਾ ਕੇ ਉਨਾਂ ਦੀਆਂ ਜ਼ਮੀਨਾਂ-ਜਾਇਦਾਦਾਂ ਅਟੈਚ ਕੀਤੀਆਂ ਜਾਣਗੀਆਂ ਅਤੇ ਉਨਾਂ ਦੇ ਨਾਂਅ ਅਖ਼ਬਾਰਾਂ ਵਿਚ ਨਸ਼ਰ ਕਰ ਦਿੱਤੇ ਜਾਣਗੇ। ਇਸ ਮੌਕੇ ਉਨਾਂ ਅਧਿਕਾਰੀਆਂ ਲਈ ਬਕਾਇਆਂ ਦੀ ਵਸੂਲੀ ਲਈ ਟੀਚੇ ਨਿਰਧਾਰਤ ਕਰਦਿਆਂ ਇਨਾਂ ਨੂੰ ਸਮਾਂਬੱਧ ਢੰਗ ਨਾਲ ਪੂਰੇ ਕਰਨ ਦੀ ਹਦਾਇਤ ਕੀਤੀ। ਉਨਾਂ ਸਮੂਹ ਉੱਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਪੱਧਰ ’ਤੇ ਵੀ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਕੰਮਕਾਜ਼ ਦਾ ਜਾਇਜ਼ਾ ਲੈਣਾ ਯਕੀਨੀ ਬਣਾਉਣ।
ਸੰਬੰਧਿਤ ਖ਼ਬਰਾਂ
ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਉਨਾਂ ਜ਼ਮੀਨੀ ਰਿਕਾਰਡ ਦੇ ਕੰਪਿੳੂਟਰੀਕਰਨ, ਕਰਜ਼ ਰਾਹਤ ਯੋਜਨਾ ਅਤੇ ਸੇਵਾ ਕੇਂਦਰਾਂ ਆਦਿ ਦੇ ਕੰਮਕਾਜ਼ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਜ਼ਿਲਾ ਮਾਲ ਅਫ਼ਸਰ ਸ੍ਰੀ ਪਰਮਜੀਤ ਸਿੰਘ ਸਹੋਤਾ, ਸਹਾਇਕ ਕਮਿਸ਼ਨਰ ਸ੍ਰੀਮਤੀ ਨਵਨੀਤ ਕੌਰ ਬੱਲ, ਐਸ. ਡੀ. ਐਮ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਡਾ. ਚਾਰੂਮਿਤਾ, ਸ੍ਰੀ ਲਤੀਫ਼ ਅਹਿਮਦ ਤੇ ਸ. ਰਣਦੀਪ ਸਿੰਘ ਹੀਰ, ਤਹਿਸੀਲਦਾਰ ਸ. ਮਨਬੀਰ ਸਿੰਘ ਢਿੱਲੋਂ, ਸ੍ਰੀਮਤੀ ਸੀਮਾ ਸਿੰਘ ਤੇ ਸ. ਹਰਕਰਮ ਸਿੰਘ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਚੀਫ ਐਲ. ਡੀ. ਐਮ ਸ੍ਰੀ ਦਰਸ਼ਨ ਲਾਲ ਭੱਲਾ, ਈ. ਓ ਸ੍ਰੀ ਆਦਰਸ਼ ਸ਼ਰਮਾ, ਖੇਤੀਬਾੜੀ ਅਫ਼ਸਰ ਸ੍ਰੀ ਅਸ਼ਵਨੀ ਕੁਮਾਰ, ਸ੍ਰੀਮਤੀ ਗਗਨਦੀਪ ਕੌਰ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਸਮੂਹ ਨਾਇਬ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।






