ਕਪੂਰਥਲਾ : ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਪਿੰਡ ਸ਼ੇਖੂਪੁਰ ਵਿਖੇ 29 ਅਤੇ 30 ਮਈ ਨੂੰ ਮਨਾਏ ਜਾਣ ਵਾਲੇ 72ਵੇਂ ਇਤਿਹਾਸਕ ਮਾਤਾ ਭੱਦਰਕਾਲੀ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੇਲੇ ਵਾਲੇ ਸਥਾਨ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਮੇਲੇ ਦੌਰਾਨ ਸੁਚਾਰੂ ਪ੍ਰਬੰਧਾਂ ਸਬੰਧੀ ਮੇਲਾ ਪ੍ਰਬੰਧਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਪ੍ਰਸ਼ਾਸਨ ਵੱਲੋਂ ਹਰੇਕ ਤਰਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ। ਉਨਾਂ ਕਿਹਾ ਕਿ ਮੇਲੇ ਦੌਰਾਨ ਦੂਰੋਂ-ਨੇੜਿਓਂ ਵੱਡੀ ਗਿਣਤੀ ਵਿਚ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਸੰਬੰਧਿਤ ਖ਼ਬਰਾਂ
ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸੁਰੱਖਿਆ, ਅਸਥਾਈ ਬਾਜ਼ਾਰ, ਸਫ਼ਾਈ ਵਿਵਸਥਾ, ਪੀਣ ਵਾਲੇ ਪਾਣੀ, ਲਾਈਟਾਂ, ਮੈਡੀਕਲ ਸਹਾਇਤਾ, ਫਾਇਰ ਬ੍ਰਿਗੇਡ, ਨਿਰਵਿਘਨ ਬਿਜਲੀ ਸਪਲਾਈ, ਫਾਗਿੰਗ, ਲੰਗਰ ਵਿਵਸਥਾ ਅਤੇ ਆਰਜ਼ੀ ਪਖਾਨਿਆਂ ਆਦਿ ਦੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਮਿਹਨਤ ਤੇ ਲਗਨ ਨਾਲ ਨਿਭਾਉਣ ਤਾਂ ਜੋ ਇਸ ਕਾਰਜ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ।
ਇਸ ਮੌਕੇ ਮੰਦਿਰ ਕਮੇਟੀ ਦੇ ਪ੍ਰਧਾਨ ਸ੍ਰੀ ਮੁਕੇਸ਼ ਆਨੰਦ, ਉੱਪ ਪ੍ਰਧਾਨ ਸ੍ਰੀ ਅਨੂਪ ਕੱਲਣ, ਕੌਂਸਲਰ ਸ੍ਰੀ ਨਰਿੰਦਰ ਮਨਸੂ, ਸ. ਦਵਿੰਦਰ ਪਾਲ ਆਹੂਜਾ ਤੋਂ ਇਲਾਵਾ ਮੰਦਿਰ ਕਮੇਟੀ ਦੇ ਮੈਂਬਰ ਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।






