ਕਪੂਰਥਲਾ (ਇੰਦਰਜੀਤ ਸਿੰਘ) : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ ਨੇ 71ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਅੱਜ ਜਾਇਜ਼ਾ ਲਿਆ। ਇਸ ਸਬੰਧੀ ਸਟੇਡੀਅਮ ਵਿਖੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਭਲਕੇ 24 ਜਨਵਰੀ ਨੂੰ ਸਟੇਡੀਅਮ ਵਿਖੇ ਹੋਵੇਗੀ। ਉਨਾਂ ਦੱਸਿਆ ਕਿ ਸਮਾਰੋਹ ਮੌਕੇ ਪੰਜਾਬ ਪੁਲਿਸ, ਹੋਮ ਗਾਰਡਜ਼, ਐਨ. ਸੀ. ਸੀ ਕੈਡਿਟ, ਗਰਲਜ਼ ਗਾਈਡਜ਼ ਅਤੇ ਬੁਆਏਜ਼ ਸਕਾਊਟਸ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਸਕੂਲਾਂ ਦੇ ਬੱਚਿਆਂ ਵੱਲੋਂ ਪੀ. ਟੀ ਸੋਅ ਦੀ ਸ਼ਾਨਦਾਰ ਪੇਸ਼ਕਾਰੀ ਹੋਵੇਗੀ।
ਸੰਬੰਧਿਤ ਖ਼ਬਰਾਂ
ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨਾਂ ਕਿਹਾ ਕਿ ਭਲਕੇ ਹੋਣ ਵਾਲੀ ਫੁੱਲ ਡਰੈੱਸ ਰਿਹਰਸਲ ਇਕ ਤਰਾਂ ਨਾਲ ਸਮਾਗਮ ਦਾ ਟਰਾਇਲ ਹੋਵੇਗੀ ਅਤੇ ਜੇਕਰ ਕੋਈ ਕਮੀ-ਪੇਸ਼ੀ ਰਹਿ ਜਾਵੇ ਤਾਂ ਉਸ ਨੂੰ ਸਮਾਗਮ ਤੋਂ ਪਹਿਲਾਂ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਰਾਸ਼ਟਰੀ ਤਿਉਹਾਰ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਉਨਾਂ ਨੂੰ ਸੌਂਪੀਆਂ ਗਈਆਂ ਜਿੰਮੇਵਾਰੀਆਂ ਨੂੰ ਨਿੱਜੀ ਦਿਲਚਸਪੀ ਲੈਂਦੇ ਹੋਏ ਲਗਨ ਨਾਲ ਪੂਰਾ ਕਰਨ। ਇਸ ਮੌਕੇ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਅਤੇ ਡੀ. ਐਸ. ਪੀ ਡਾ. ਮੁਕੇਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।






