ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 4 ਮਾਰਚ ਨੂੰ ਹੁਸ਼ਿਆਰਪੁਰ ਵਿਖੇ ਆ ਰਹੇ ਹਨ ਅਤੇ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਸਮਾਰੋਹ ਦੌਰਾਨ ਬਹੁ-ਕਰੋੜੀ 7 ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਰੌਸ਼ਨ ਗਰਾਊਂਡ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਣ ਦੌਰਾਨ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸ਼੍ਰੀ ਜੇ.ਏਲਨਚੇਲੀਅਨ ਵੀ ਮੌਜੂਦ ਸਨ। ਉਦਯੋਗ ਤੇ ਵਣਜ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ 4 ਮਾਰਚ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਰੱਖੇ ਜਾ ਰਹੇ ਨੀਂਹ ਪੱਥਰ ਇਸ ਦੀ ਉਦਾਹਰਣ ਹੈ।
ਸੰਬੰਧਿਤ ਖ਼ਬਰਾਂ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰੀਬ 81 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਦਾ ਨੀਂਹ ਪੱਥਰ ਤੋਂ ਇਲਾਵਾ ਕਰੀਬ 42 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਹਸਪਤਾਲ, ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਫੂਡ ਸਟਰੀਟ, ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਲੜਕੀਆਂ ਦੇ ਹੋਸਟਲ ਤੇ ਲਾਇਬ੍ਰੇਰੀ, ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਸੈਂਟਰ, ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਲਾਜਵੰਤੀ ਸਟੇਡੀਅਮ ਵਿਖੇ ਮਲਟੀਪਰਪਜ਼ ਇਨਡੋਰ ਹਾਲ ਸਮੇਤ ਕੁੱਲ 7 ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 100 ਫੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਲਈ ਕਰੀਬ 101 ਕਰੋੜ ਰੁਪਏ ਵੀ ਖਰਚੇ ਜਾ ਰਹੇ ਹਨ, ਜਦਕਿ ਹੁਸ਼ਿਆਰਪੁਰ ਦੀਆਂ ਸੜਕਾਂ ਲਈ ਸੂਬਾ ਸਰਕਾਰ ਵਲੋਂ ਕਰੀਬ 15 ਕਰੋੜ ਵੀ ਖਰਚੇ ਜਾ ਰਹੇ ਹਨ, ਜਿਸ ਨਾਲ ਹੁਸ਼ਿਆਰਪੁਰ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਸੱਦਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀ 4 ਮਾਰਚ ਨੂੰ 12 ਵਜੇ ਕਰਵਾਏ ਜਾ ਰਹੇ ਸਮਾਰੋਹ ਵਿਚ ਪਹੁੰਚਣ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਈ ਜਾਵੇ, ਤਾਂ ਜੋ ਕਰਵਾਏ ਜਾ ਰਹੇ ਸਮਾਰੋਹ ਨੂੰ ਸਫਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੁਰੱਖਿਆ ਪੱਖੋਂ ਕਿਸੇ ਵੀ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਆਮ ਜਨਤਾ ਲਈ ਪੀਣ ਵਾਲੇ ਪਾਣੀ ਤੋਂ ਲੈਕੇ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧ ਵੀ ਸੁਚਾਰੂ ਢੰਗ ਨਾਲ ਨੇਪਰੇ ਚਾਹੜੇ ਜਾਣ, ਤਾਂ ਜੋ ਆਵਾਜਾਈ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਵਿਘਨ ਨਾ ਪੈ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮ੍ਰਿਤ ਸਿੰਘ, ਕਮਿਸ਼ਨਰ ਨਗਰ ਨਿਗਮ ਸ਼੍ਰੀ ਹਰਬੀਰ ਸਿੰਘ, ਆਈ.ਏ.ਐਸ ਅਧਿਕਾਰੀ ਸ਼੍ਰੀ ਗੌਤਮ ਜੈਨ, ਐਸ.ਪੀ. ਸ਼੍ਰੀ ਬਲਬੀਰ ਸਿੰਘ, ਐਸ.ਡੀ.ਐਮ. ਸ਼੍ਰੀ ਅਮਿਤ ਸਰੀਨ, ਐਸ.ਈ. ਲੋਕ ਨਿਰਮਾਣ ਵਿਭਾਗ ਸ਼੍ਰੀ ਟੀ.ਆਰ. ਕਤਨੌਰੀਆ, ਡੀ.ਐਫ.ਓ ਸ਼੍ਰੀ ਨਰੇਸ਼ ਮਹਾਜਨ, ਜਿਲ੍ਹਾ ਮਾਲ ਅਫ਼ਸਰ ਸ਼੍ਰੀ ਅਮਨ ਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।






