ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਐਲਾਨ ਨਾਲ ਹੀ ਜ਼ਿਲੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ, ਜੋ ਕਿ ਚੋਣ ਅਮਲ ਪੂਰਾ ਹੋਣ ਤੱਕ ਲਾਗੂ ਰਹੇਗਾ। ਇਹ ਪ੍ਰਗਟਾਵਾ ਅੱਜ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐਸ ਖਰਬੰਦਾ ਨੇ ਸਥਾਨਕ ਯੋਜਨਾ ਭਵਨ ਵਿਖੇ ਆਦਰਸ਼ ਚੋਣ ਜ਼ਾਬਤੇ ਸਬੰਧੀ ਪੁਲਿਸ ਤੇ ਸਿਵਲ ਅਧਿਕਾਰੀਆਂ ਤੋਂ ਇਲਾਵਾ ਗਠਿਤ ਕੀਤੀਆਂ ਗਈਆਂ ਟੀਮਾਂ, ਨੋਡਲ ਅਫ਼ਸਰਾਂ ਅਤੇ ਸੈਕਟਰ ਅਫ਼ਸਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨਾਂ ਦੱਸਿਆ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਆਖ਼ਰੀ ਗੇੜ 19 ਮਈ ਨੂੰ ਹੋਣੀਆਂ ਹਨ, ਪਰੰਤੂ ਆਦਰਸ਼ ਚੋਣ ਜ਼ਾਬਤਾ ਚੋਣਾਂ ਦੇ ਐਲਾਨ ਦੇ ਨਾਲ ਹੀ ਲਾਗੂ ਹੋ ਗਿਆ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨਿਰਪੱਖ, ਪਾਰਦਰਸ਼ੀ ਅਤੇ ਬਿਨਾਂ ਕਿਸੇ ਲਾਲਚ ਜਾਂ ਡਰ-ਭੈਅ ਦੇ ਚੋਣਾਂ ਕਰਵਾਉਣੀਆਂ ਯਕੀਨੀ ਬਣਾਏਗਾ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ।
ਸੰਬੰਧਿਤ ਖ਼ਬਰਾਂ
ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਪੂਰੀ ਦਿਆਨਤਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ। ਉਨਾਂ ਚੋਣਾਂ ਸਬੰਧੀ ਗਠਿਤ ਉੱਡਣ ਦਸਤਿਆਂ ਅਤੇ ਚੌਕਸੀ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਮੁਸਤੈਦੀ ਨਾਲ ਕੰਮ ਕਰਨ। ਉਨਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੀ ਆਦੇਸ਼ ਦਿੱਤੇ ਕਿ ਉਹ ਆਪਣੀ ਪੱਧਰ 'ਤੇ ਵੀ ਸਬੰਧਤ ਟੀਮਾਂ ਨਾਲ ਮੀਟਿੰਗਾਂ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਐਸ. ਪੀ ਫਗਵਾੜਾ ਸ. ਮਨਦੀਪ ਸਿੰਘ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ. ਡੀ. ਐਮ ਫਗਵਾੜਾ ਸ. ਜੈ ਇੰਦਰ ਸਿੰਘ, ਐਸ. ਡੀ. ਐਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਐਸ. ਡੀ. ਐਮ ਭੁਲੱਥ ਸ. ਸਕੱਤਰ ਸਿੰਘ ਬੱਲ, ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ, ਜ਼ਿਲਾ ਇਨਫਾਰਮੈਟਿਕ ਅਫ਼ਸਰ ਸ੍ਰੀ ਸੰਜੀਵ ਗਾਬਾ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਸਮੂਹ ਹਲਕਿਆਂ ਦੇ ਡੀ. ਐਸ. ਪੀ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਨੋਡਲ ਅਫ਼ਸਰ, ਸੈਕਟਰ ਅਫ਼ਸਰ ਅਤੇ ਟੀਮਾਂ ਦੇ ਇੰਚਾਰਜ ਹਾਜ਼ਰ ਸਨ।






