ਕਪੂਰਥਲਾ : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ਖਰਬੰਦਾ ਨੇ 19 ਮਈ ਨੂੰ ਵੋਟਾਂ ਵਾਲੇ ਦਿਨ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨਾਂ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹੋਰਨਾਂ ਅਧਿਕਾਰੀਆਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਸਥਾਰਤ ਰਿਪੋਰਟ ਪ੍ਰਾਪਤ ਕੀਤੀ। ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਵੋਟਾਂ ਵਾਲੇ ਦਿਨ ਕੀਤੇ ਜਾਣ ਵਾਲੇ ਕੰਮਾਂ ਦਾ ਖਾਕਾ ਉਲੀਕਣਾ ਬੇਹੱਦ ਜ਼ਰੂਰੀ ਹੈ। ਉਨਾਂ ਹਦਾਇਤ ਕੀਤੀ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਕਰਨ ਲਈ ਸਾਰੀਆਂ ਤਿਆਰੀਆਂ ਹੁਣ ਤੋਂ ਹੀ ਮੁਕੰਮਲ ਕਰ ਲਈਆਂ ਜਾਣ।
ਸੰਬੰਧਿਤ ਖ਼ਬਰਾਂ
ਇੰਜ: ਖਰਬੰਦਾ ਨੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਇਹ ਵੀ ਕਿਹਾ ਕਿ ਜ਼ਿਲੇ ਦੇ ਸਾਰੇ 768 ਪੋਲਿੰਗ ਬੂਥਾਂ 'ਤੇ ਸਾਰੀਆਂ ਮੁਢਲੀਆਂ ਸਹੂਲਤਾਂ ਦੇ ਨਾਲ-ਨਾਲ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਪੋਲਿੰਗ ਬੂਥਾਂ 'ਤੇ ਸੁਰੱਖਿਆ, ਫਰਨੀਚਰ, ਬਿਜਲੀ, ਪੱਖੇ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ, ਤਾਂ ਜੋ ਵੋਟਾਂ ਵਾਲੇ ਦਿਨ ਪੋਲਿੰਗ ਪਾਰਟੀਆਂ ਅਤੇ ਵੋਟਰਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਇਹ ਵੀ ਕਿਹਾ ਕਿ ਦਿਵਿਆਂਗ ਵੋਟਰਾਂ ਲਈ ਵੀਲ ਚੇਅਰਾਂ, ਰੈਪਾਂ ਅਤੇ ਵਲੰਟੀਅਰਾਂ ਆਦਿ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਇਸ ਤੋਂ ਇਲਾਵਾ ਉਨਾਂ ਪੋਲਿੰਗ ਪਾਰਟੀਆਂ, ਦਿਵਿਆਂਗ ਵੋਟਰਾਂ ਅਤੇ ਈ. ਵੀ. ਐਮਜ਼ ਦੇ ਟ੍ਰਾਂਸਪੋਰਟ ਪਲਾਨ, ਵੈੱਬ ਕਾਸਟਿੰਗ, ਵਹੀਕਲ ਜੀ. ਪੀ. ਐਸ, ਚੋਣ ਮਟੀਰੀਅਲ, ਪੋਲਿੰਗ ਪਾਰਟੀਆਂ ਲਈ ਖਾਣੇ, ਪੋਲਿੰਗ ਬੂਥਾਂ ਅਤੇ ਗਿਣਤੀ ਕੇਂਦਰਾਂ 'ਤੇ ਨਿਰਵਿਘਨ ਬਿਜਲੀ ਸਪਲਾਈ ਆਦਿ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨਾਂ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਉਹ ਖ਼ੁਦ ਆਪਣੇ ਨਾਲ ਸਬੰਧਤ ਸਾਰੇ ਬੂਥਾਂ 'ਤੇ ਜਾ ਕੇ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਐਸ. ਡੀ. ਐਮ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸ. ਜੈ ਇੰਦਰ ਸਿੰਘ, ਸ. ਸਕੱਤਰ ਸਿੰਘ ਬੱਲ ਤੇ ਸ੍ਰੀਮਤੀ ਨਵਨੀਤ ਕੌਰ ਬੱਲ, ਡੀ. ਐਸ. ਪੀ ਸ. ਸੰਦੀਪ ਸਿੰਘ ਮੰਡ, ਜ਼ਿਲਾ ਮਾਲ ਅਫ਼ਸਰ ਸ੍ਰੀ ਪਰਮਜੀਤ ਸਿੰਘ ਸਹੋਤਾ, ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਕੁੰਡਲ, ਜ਼ਿਲਾ ਇਨਫਾਰਮੈਟਿਕ ਅਫ਼ਸਰ ਸ੍ਰੀ ਸੰਜੀਵ ਗਾਬਾ, ਜ਼ਿਲਾ ਸਿਸਟਮ ਮੈਨੇਜਰ ਸ੍ਰੀਮਤੀ ਗਗਨਦੀਪ ਕੌਰ, ਐਕਸੀਅਨ ਸ੍ਰੀ ਵਰਿੰਦਰ ਕੁਮਾਰ, ਜ਼ਿਲਾ ਸਿੱਖਿਆ ਅਫ਼ਸਰ (ਅ) ਸ. ਸਤਿੰਦਰ ਬੀਰ ਸਿੰਘ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਬਿਕਰਮਜੀਤ ਸਿੰਘ, ਏ. ਪੀ. ਆਰ. ਓ ਸ. ਹਰਦੇਵ ਸਿੰਘ ਆਸੀ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੇ ਹੋਰ ਅਧਿਕਾਰੀ ਹਾਜ਼ਰ ਸਨ।






