ਸੁਲਤਾਨਪੁਰ ਲੋਧੀ : ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 25 ਜੁਲਾਈ 2019 ਨੂੰ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਵਿਖੇ ਇਕ ਵਿਸ਼ਾਲ ਜ਼ਿਲਾ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਅੱਜ ਕੈਂਪ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਮੌਕੇ ਦਿੱਤੀ। ਉਨਾਂ ਦੱਸਿਆ ਕਿ ਏ-ਵਨ ਪੈਲੇਸ, ਨੇੜੇ ਐਚ. ਪੀ ਪੈਟਰੋਲ ਪੰਪ, ਜਲੰਧਰ-ਅੰਮ੍ਰਿਤਸਰ ਰੋਡ, ਬਲਾਕ ਢਿਲਵਾਂ ਵਿਖੇ ਲਗਾਏ ਲਗਾਏ ਜਾਣ ਵਾਲੇ ਇਸ ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ 25 ਜੁਲਾਈ ਨੂੰ ਸਵੇਰੇ 10 ਵਜੇ ਕਰਨਗੇ।
ਸੰਬੰਧਿਤ ਖ਼ਬਰਾਂ
ਉਨਾਂ ਦੱਸਿਆ ਕਿ ਸ਼ਾਮ 5 ਵਜੇ ਤੱਕ ਚੱਲਣ ਵਾਲੇ ਇਸ ਕੈਂਪ ਦੌਰਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਸਕੀਮਾਂ ਦੇ ਲਾਭ ਤੋਂ ਵਾਂਝੇ ਰਹਿ ਗਏ ਯੋਗ ਲਾਭਪਾਤਰੀਆਂ ਦੇ ਮੌਕੇ 'ਤੇ ਹੀ ਫਾਰਮ ਭਰੇ ਜਾਣਗੇ। ਉਨਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵੱਖਰੇ-ਵੱਖਰੇ ਕਾਊਂਟਰ ਲਗਾਏ ਜਾਣਗੇ ਅਤੇ ਸਬੰਧਤ ਅਧਿਕਾਰੀ ਆਪੋ-ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਆਪਣੇ ਕਾਉਂਟਰ 'ਤੇ ਬੈਠਣਾ ਯਕੀਨੀ ਬਣਾਉਣਗੇ।
ਉਨਾਂ ਦੱਸਿਆ ਕਿ ਕੈਂਪ ਵਿਚ ਸ਼ਾਮਿਲ ਹੋਣ ਵਾਲੇ ਵਿਭਾਗਾਂ ਵਿਚ ਸਿਹਤ, ਸਿੱਖਿਆ, ਰੋਜ਼ਗਾਰ, ਕਿਰਤ, ਮਾਲ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਭਲਾਈ, ਪੇਂਡੂ ਵਿਕਾਸ ਤੇ ਪੰਚਾਇਤ, ਰੱਖਿਆ ਸੇਵਾਵਾਂ, ਖੁਰਾਕ ਤੇ ਸਿਵਲ ਸਪਲਾਈ, ਐਲ. ਡੀ. ਐਮ, ਉਦਯੋਗ, ਖੇਤੀਬਾੜੀ, ਬਿਜਲੀ, ਜਲ ਸਪਲਾਈ ਤੇ ਸੈਨੀਟੇਸ਼ਨ ਆਦਿ ਵਿਭਾਗ ਸ਼ਾਮਿਲ ਹਨ। ਉਨਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮਕਸਦ ਲੋਕਾਂ ਨੂੰ ਇਕੋ ਛੱਤ ਹੇਠਾਂ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣਾ ਹੈ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਲਾਹਾ ਲੈਣ ਤੋਂ ਵਾਂਝਾ ਨਾ ਰਹਿ ਸਕੇ। ਉਨਾਂ ਲਾਭਪਾਤਰੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।






