ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਦੇ 'ਘਰ-ਘਰ ਰੁਜ਼ਗਾਰ ਮਿਸ਼ਨ' ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲੇ ਵਿਚ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦੀ ਲੜੀ ਤਹਿਤ ਭਲਕੇ ਮਿਤੀ 26 ਫਰਵਰੀ 2019 ਨੂੰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ (ਨਜ਼ਦੀਕ ਆਰ. ਸੀ. ਐਫ) ਕਪੂਰਥਲਾ ਵਿਖੇ ਵਿਸ਼ਾਲ ਜ਼ਿਲਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੇਲੇ ਦਾ ਸ਼ੁੱਭ ਆਰੰਭ ਡਿਪਟੀ ਕਮਿਸ਼ਨਰ ਇੰਜੀ: ਡੀ. ਪੀ. ਐਸ ਖਰਬੰਦਾ ਸਵੇਰੇ 10 ਵਜੇ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਸ. ਅਵਤਾਰ ਸਿੰਘ ਭੁੱਲਰ ਨੇ ਅੱਜ ਕਾਲਜ ਵਿਖੇ ਇਸ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ।
ਸੰਬੰਧਿਤ ਖ਼ਬਰਾਂ
ਉਨਾਂ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿਚ 35 ਦੇ ਕਰੀਬ ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਨਾਂ ਵਿਚ ਆਈ. ਟੀ. ਸੀ ਫੂਡ ਡਵੀਜ਼ਨ ਕਪੂਰਥਲਾ, ਐਕਸਿਜ਼ ਬੈਂਕ, ਐਸ. ਬੀ. ਆਈ ਲਾਈਫ ਫਾਈਨੈਂਸ਼ੀਅਲ, ਆਈ. ਸੀ. ਆਈ. ਸੀ. ਆਈ ਬੈਂਕ, ਐਲ. ਆਈ. ਸੀ, ਅਲੈਕਸ ਓਵਰਸੀਜ਼ ਪ੍ਰਾਈਵੇਟ ਲਿਮਟਿਡ, ਮੀਨਾਕਸ਼ੀ ਇੰਜੀਨੀਅਰਿੰਗ ਵਰਕਸ, ਹੰਸਪਾਲ ਟਰੇਡਰਜ਼, ਵਰੁਣ ਐਂਟਰਪ੍ਰਾਈਸਿਸ, ਧਿੰਜਣ ਇੰਡਸਟ੍ਰੀਜ਼, ਜੀ. ਐਨ. ਬੀ ਅਤੇ ਰੈਲਸਨ ਆਦਿ ਕੰਪਨੀਆਂ ਸ਼ਾਮਿਲ ਹਨ। ਉਨਾਂ ਕਿਹਾ ਕਿ ਇਨਾਂ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਮੌਕੇ 'ਤੇ ਹੀ ਬੇਰੁਜ਼ਗਾਰ ਨੌਜਵਾਨਾਂ ਦੀ ਇੰਟਰਵਿਊ ਕਰਕੇ ਯੋਗ ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿਚ ਅੱਠਵੀਂ, ਦਸਵੀਂ ਪਾਸ ਤੋਂ ਲੈ ਕੇ ਇੰਜੀਨੀਅਰਿੰਗ ਅਤੇ ਐਮ. ਬੀ. ਏ ਪਾਸ ਤੱਕ ਦੇ ਉਮੀਦਵਾਰ ਇੰਟਰਵਿਊ ਦੇ ਕੇ ਨੌਕਰੀ ਹਾਸਲ ਕਰ ਸਕਦੇ ਹਨ।
ਉਨਾਂ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਰੋਜ਼ਗਾਰ ਮੇਲੇ ਦਾ ਲਾਹਾ ਲੈਣ। ਇਸ ਮੌਕੇ ਜ਼ਿਲਾ ਰੋਜ਼ਗਾਰ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਕੁੰਡਲ ਤੋਂ ਇਲਾਵਾ ਕਾਲਜ ਪ੍ਰਬੰਧਕ ਅਤੇ ਹੋਰ ਅਧਿਕਾਰੀ ਹਾਜ਼ਰ ਸਨ।






