ਫਾਜ਼ਿਲਕਾ (ਇੰਦਰਜੀਤ ਸਿੰਘ ਚਾਹਲ) : ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੇਰੋਜ਼ਗਾਰਾਂ ਨੌਜ਼ਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਜ਼ਿਲ੍ਹੇ ਅੰਦਰ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਲਗਾਏ ਗਏ ਇਕ ਰੋਜ਼ਾ ਰੋਜ਼ਗਾਰ ਮੇਲੇ 'ਚ 711 ਸਿਖਿਆਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਰੁਜ਼ਗਾਰ ਮੇਲੇ ਦੌਰਾਨ ਪਹੁੰਚੀਆਂ ਵੱਖ-ਵੱਖ ਖੇਤਰਾਂ ਨਾਲ ਸਬੰਧਤ ਕੰਪਨੀਆਂ ਦੇ ਨੁਮਾਇੰਦਿਆਂ ਨੇ 493 ਬੇਰੁਜ਼ਗਾਰ ਨੌਜਵਾਨਾਂ ਦੀ ਯੋਗਤਾ ਦੇ ਆਧਾਰ 'ਤੇ ਚੋਣ ਕੀਤੀ।
ਸੰਬੰਧਿਤ ਖ਼ਬਰਾਂ
ਜ਼ਿਲ੍ਹਾ ਨੋਡਲ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ(ਜਨਰਲ) ਡਾ. ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 711 ਬੇਰੁਜ਼ਗਾਰ ਨੌਜਵਾਨਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਲੁਧਿਆਣਾ, ਕਿੰਗ ਸਿਕਿਓਰਟੀ ਗਰੁੱਪ ਲੁਧਿਆਣਾ, ਫਰਸਟ ਰਿਲਾਇਬਲ ਅਲਵਰ, ਵਰਧਮਾਨ ਗਰੁੱਪ ਲੁਧਿਆਣਾ ਤੇ ਕੰਪੀਟੈਂਟ ਸਿਨਰਜ਼ੀ ਮੋਹਾਲੀ ਆਦਿ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਜਿਸ ਵਿਚੋਂ 493 ਯੋਗ ਸਿਖਿਆਰਥੀਆਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ। ਰੁਜ਼ਗਾਰ ਮੇਲੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਰ-ਘਰ ਰੁਜ਼ਗਾਰ ਯੋਜਨਾ ਸਕੀਮ ਤਹਿਤ ਜ਼ਿਲ੍ਹੇ ਵਿੱਚ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੱਖ-ਵੱਖ ਕੰਪਨੀਆਂ ਵੱਲੋਂ ਸ਼ਮੂਲੀਅਤ ਕਰਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਮੇਲੇ 'ਚ ਮੈਟ੍ਰਿਕ ਤੋਂ ਲੈ ਕੇ ਉਚੇਰੀ ਤੇ ਤਕਨੀਕੀ ਵਿਦਿਆ ਤੱਕ ਦੇ ਬੇਰੋਜ਼ਗਾਰ ਉਮੀਦਵਾਰਾਂ ਵੱਲੋਂ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਮੌਜੂਦ ਵੱਖ-ਵੱਖ ਕੰਪਨੀਆਂ ਵੱਲੋਂ ਉਨ੍ਹਾਂ ਦੀ ਯੋਗਤਾ ਅਨੁਸਾਰ ਚੋਣ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਅਤੇ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਬੇਰੁਜ਼ਗਾਰ ਨੌਜਵਾਨ ਹਾਜ਼ਰ ਸਨ।






