ਕਪੂਰਥਲਾ (ਇੰਦਰਜੀਤ ਸਿੰਘ) : ਕਪੂਰਥਲਾ ਦਾਣਾ ਮੰਡੀ ਵਿਖੇ ਅੱਜ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸ੍ਰੀ ਰਜਿੰਦਰ ਕੌੜਾ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸ੍ਰੀ ਬਾਜਵਾ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਉਸ ਦਾ ਤੁਰੰਤ ਭੁਗਤਾਨ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿਚ ਝੋਨੇ ਦੀ ਖ਼ਰੀਦ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਸੰਬੰਧਿਤ ਖ਼ਬਰਾਂ
ਉਨਾਂ ਕਿਹਾ ਕਿ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਈ ਜਾਵੇਗੀ ਅਤੇ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਸਾਰੀਆਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਖ਼ਰੀਦ ਕਰਕੇ ਲਿਫਟਿੰਗ ਦਾ ਕੰਮ ਨਾਲੋ-ਨਾਲ ਕਰਵਾਉਣਾ ਯਕੀਨੀ ਬਣਾਉਣ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਮੁਸ਼ਕਿਲ ਤੋਂ ਬਚਣ ਲਈ ਆਪਣੀ ਫ਼ਸਲ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ।
ਇਸ ਮੌਕੇ ਜ਼ਿਲਾ ਮੰਡੀ ਅਫ਼ਸਰ ਸ੍ਰੀ ਰਾਜ ਕੁਮਾਰ ਬਸਰਾ, ਸਕੱਤਰ ਸ. ਅਰਵਿੰਦਰ ਸਿੰਘ, ਮੰਡੀ ਸੁਪਰਵਾਈਜ਼ਰ ਪਿ੍ਰਥੀਪਾਲ ਸਿੰਘ ਘੁੰਮਣ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਓਮ ਪ੍ਰਕਾਸ਼ ਬਹਿਲ, ਸ੍ਰੀ ਪਵਨ ਕੌੜਾ, ਸ੍ਰੀ ਸੁਦੀਪ ਸੂਦ, ਸ. ਪਰਮਿੰਦਰ ਸਿੰਘ ਚੰਦੀ, ਸ੍ਰੀ ਵਿਪਨ ਆਜ਼ਾਦ, ਸ੍ਰੀ ਸਵਤੰਤਰ ਸੱਭਰਵਾਲ, ਸ. ਗੁਰਦੀਪ ਸਿੰਘ, ਸ੍ਰੀ ਚਰਨਜੀਤ ਲਾਲ, ਸ. ਸੁਖਚੈਨ ਸਿੰਘ, ਸ. ਦਵਿੰਦਰ ਸਿੰਘ, ਸ. ਸੁਰਜੀਤ ਸਿੰਘ, ਸ. ਕੇਵਲ ਸਿੰਘ, ਸ. ਇੰਦਰਜੀਤ ਸਿੰਘ, ਸ੍ਰੀ ਰਾਜੇਸ਼ ਬਾਲੀ, ਸ. ਦਵਿੰਦਰ ਸਿੰਘ, ਸ੍ਰੀ ਅਸ਼ਵਨੀ ਸ਼ਰਮਾ, ਸ੍ਰੀ ਨਾਰਾਇਣ ਗੁਪਤਾ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਤੇ ਹੋਰ ਹਾਜ਼ਰ ਸਨ।






