ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਪੰਜਾਬ' ਸ. ਕਾਹਨ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਤੇ ਸਿਵਲ ਸਰਜਨ ਕਪੂਰਥਲਾ ਦੀਆਂ ਹਦਾਇਤਾਂ 'ਤੇ ਜ਼ਿਲੇ ਵਿਚ ਖਾਣ-ਪੀਣ ਦੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਸ. ਸਤਨਾਮ ਸਿੰਘ 'ਤੇ ਆਧਾਰਿਤ ਫੂਡ ਐਡਮਿਨਸਟ੍ਰੇਸ਼ਨ ਕਪੂਰਥਲਾ ਦੀ ਟੀਮ ਵੱਲੋਂ ਅੱਜ ਢਿਲਵਾਂ ਵਿਖੇ ਲਗਾਏ ਨਾਕੇ ਦੌਰਾਨ ਦੁੱਧ ਅਤੇ ਹੋਰ ਭੋਜਨ ਪਦਾਰਥ ਲਿਜਾ ਰਹੇ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਸੈਂਪਲ ਭਰੇ ਗਏ।
ਸੰਬੰਧਿਤ ਖ਼ਬਰਾਂ
ਇਸ ਤੋਂ ਬਾਅਦ ਟੀਮ ਨੇ ਕਪੂਰਥਲਾ ਸ਼ਹਿਰ ਦੇ ਰੈਸਟੋਰੈਂਟਾਂ ਵਿਚੋਂ ਵੀ ਭੋਜਨ ਪਦਾਰਥਾਂ ਦੇ ਸੈਂਪਲ ਭਰੇ। ਇਸ ਤੋਂ ਇਲਾਵਾ ਟੀਮ ਵੱਲੋਂ ਜ਼ਿਲੇ ਦੇ ਵੱਖ-ਵੱਖ ਜਿੰਮਾਂ ਦੀ ਚੈਕਿੰਗ ਕੀਤੀ ਗਈ ਅਤੇ ਉਥੋਂ ਗਾਹਕਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਫੂਡ ਤੇ ਹੈਲਥ ਸਪਲੀਮੈਂਟਾਂ ਦੇ ਸੈਂਪਲ ਭਰੇ ਗਏ। ਸਮੁੱਚੀ ਚੈਕਿੰਗ ਦੌਰਾਨ ਟੀਮ ਵੱਲੋਂ ਕੁੱਲ 10 ਸੈਂਪਲ ਭਰੇ ਗਏ, ਜਿਨਾਂ ਵਿਚ ਦੁੱਧ, ਆਈਸ ਕ੍ਰੀਮ, ਫੂਡ ਸਪਲੀਮੈਂਟ, ਸ਼ਹਿਦ, ਜੂਸ, ਪੌਪ ਕੋਰਨ, ਨਮਕੀਨ, ਚਾਹ ਪੱਤੀ ਤੇ ਮੁਰੱਬਾ ਸ਼ਾਮਿਲ ਸਨ। ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਅੱਜ ਲਏ ਗਏ ਸੈਂਪਲ ਜਾਂਚ ਲਈ ਸਟੇਟ ਫੂਡ ਲੈਬਾਰਟਰੀ, ਖਰੜ ਭੇਜੇ ਜਾ ਰਹੇ ਹਨ। ਉਨਾਂ ਕਿਹਾ ਕਿ ਸੈਂਪਲ ਫੇਲ ਹੋਣ ਦੀ ਸੂਰਤ ਵਿਚ ਦੋਸ਼ੀਆਂ ਖਿਲਾਫ਼ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਲੋਕਾਂ ਨੂੰ ਸ਼ੁੱਧ ਅਤੇ ਉੱਚ ਕੁਆਲਿਟੀ ਦੇ ਭੋਜਨ ਪਦਾਰਥ ਮੁਹੱਈਆ ਕਰਵਾਉਣੇ ਯਕੀਨੀ ਬਣਾਉਣ ਲਈ ਇਹ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ।






