ਐੱਸਏਐੱਸ ਨਗਰ (ਇੰਦਰਜੀਤ ਸਿੰਘ) : ਜ਼ਿਲ੍ਹਾ ਮੋਹਾਲੀ ਦੇ ਵੱਖ-ਵੱਖ ਹਿੱਸਿਆਂ ਵਿਚ ਵੱਡੇ ਪੱਧਰ 'ਤੇ ਤੰਬਾਕੂ ਰੋਕਥਾਮ ਕਾਰਵਾਈ ਕਰਦਿਆਂ ਸਿਹਤ ਵਿਭਾਗ ਨੇ ਅੱਜ ਲਗਭਗ 200 ਦੁਕਾਨਾਂ ਵਿਚ ਛਾਪੇ ਮਾਰੇ ਅਤੇ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚਣ ਵਾਲੇ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਦੇ 96 ਚਾਲਾਨ ਕੱਟੇ। ਜ਼ਿਲ੍ਹਾ ਸਿਹਤ ਵਿਭਾਗ ਦੇ ਤੰਬਾਕੂ ਰੋਕਥਾਮ ਵਿੰਗ ਦੀਆਂ ਸੱਤ ਟੀਮਾਂ ਨੇ ਮੋਹਾਲੀ ਸ਼ਹਿਰ ਦੇ ਫ਼ੇਜ਼ 9,10,11, ਜਗਤਪੁਰਾ, ਡੇਰਾਬੱਸੀ, ਬਲੌਂਗੀ, ਬੂਥਗੜ੍ਹ, ਢਕੋਲੀ, ਬਨੂੜ ਆਦਿ ਦੇ ਬਾਜ਼ਾਰਾਂ ਵਿਚ ਇਕੋਂ ਵੇਲੇ ਲਗਭਗ 200 ਦੁਕਾਨਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਮੌਕੇ 'ਤੇ ਕੁਲ 32,000 ਰੁਪਏ ਦਾ ਜੁਰਮਾਨਾ ਵਸੂਲ ਕੀਤਾ।
ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨ ਦੇ ਦੋਸ਼ ਹੇਠ 10 ਚਾਲਾਨ ਕੀਤੇ ਗਏ।ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਵੇਰਵਾ ਦਿੰਦਿਆਂ ਦਸਿਆ ਕਿ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਰੋਕਥਾਮ ਕਾਨੂੰਨ, 2003 (ਕੋਟਪਾ) ਵੱਖ- ਵੱਖ ਟੀਮਾਂ ਨੇ ਕਰਿਆਨਾ ਅਤੇ ਕਨਫ਼ੈਕਸ਼ਨਰੀ ਦੀਆਂ ਦੁਕਾਨਾਂ ਵਿਚ ਜਾਂਚ ਕੀਤੀ ਅਤੇ ਜਿਥੇ ਕਿਤੇ ਵੀ ਇਸ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ, ਉਥੇ ਚਾਲਾਨ ਕਟਦਿਆਂ ਮੌਕੇ 'ਤੇ ਜੁਰਮਾਨਾ ਵਸੂਲ ਕੀਤਾ ਗਿਆ। ਉਨ੍ਹਾਂ ਦਸਿਆ ਕਿ ਇਸ ਕਾਰਵਾਈ ਵਿਚ ਲੀਗਲ ਮੈਟਰੋਲੋਜੀ ਵਿਭਾਗ ਅਤੇ ਪੁਲਿਸ ਦਾ ਵੀ ਸਹਿਯੋਗ ਲਿਆ ਗਿਆ। ਲੀਗਲ ਮੈਟਰੋਲੋਜੀ ਵਿਭਾਗ ਨੇ ਪੈਕੇਡ ਕਮੌਡਿਟੀਜ਼ ਰੂਲਜ਼ 2011 ਤਹਿਤ ਕਾਰਵਾਈ ਕਰਦਿਆਂ ਦੋ ਦੁਕਾਨਾਂ ਦੇ 15 ਹਜ਼ਾਰ ਰੁਪਏ ਦੇ ਚਾਲਾਨ ਕੀਤੇ। ਛਾਪਿਆਂ ਦੌਰਾਨ ਵੇਖਿਆ ਗਿਆ ਕਿ ਕਈ ਕਰਿਆਨਾ ਅਤੇ ਕਨਫ਼ੈਕਸ਼ਨਰੀ ਦੁਕਾਨਾਂ 'ਤੇ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ ਜੋ ਕਾਨੂੰਨ ਦੀ ਉਲੰਘਣਾ ਹੈ।
ਸੰਬੰਧਿਤ ਖ਼ਬਰਾਂ
ਕੁੱਝ ਥਾਈਂ ਚੇਤਾਵਨੀ ਰਹਿਤ ਇੰਪੋਰਟਡ ਸਿਗਰਟਾਂ, ਖ਼ੁਸ਼ਬੂਦਾਰ ਤੰਬਾਕੂ ਪਦਾਰਥ ਅਤੇ ਖੁਲ੍ਹੀਆਂ ਸਿਗਰਟਾਂ ਵੇਚੀਆਂ ਜਾ ਰਹੀਆਂ ਸਨ ਜਿਨ੍ਹਾਂ ਨੂੰ ਲੀਗਲ ਮੈਟਰੋਲੋਜੀ ਵਿਭਾਗ ਦੇ ਅਧਿਕਾਰੀਆਂ ਨੇ ਜ਼ਬਤ ਕਰ ਲਿਆ। ਕੁਝ ਦੁਕਾਨਾਂ 'ਤੇ ਵਿਦੇਸ਼ੀ ਸਿਗਰਟਾਂ ਦੇ ਪੈਕੇਟ ਬਰਾਮਦ ਕੀਤੇ ਗਏ ਜਿਨ੍ਹਾਂ ਉਤੇ ਕੋਈ ਚੇਤਾਵਨੀ ਚਿੰਨ੍ਹ ਨਹੀਂ ਸੀ।ਡਾ. ਮਨਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦਾ ਜ਼ਿਲ੍ਹਾ ਤੰਬਾਕੂ ਵਿਰੋਧੀ ਸੈੱਲ ਜਿਥੇ ਲਗਾਤਾਰ ਚਾਲਾਨ ਅਤੇ ਜੁਰਮਾਨੇ ਦੀ ਕਾਰਵਾਈ ਕਰ ਰਿਹਾ ਹੈ, ਉਥੇ ਨਾਲੋ-ਨਾਲ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਨੁਕਸਾਨਾਂ ਅਤੇ ਤੰਬਾਕੂ ਵਿਰੋਧੀ ਕਾਨੂੰਨ ਬਾਰੇ ਵੀ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ-ਪੜਤਾਲ ਦਾ ਮੰਤਵ ਦੁਕਾਨਦਾਰਾਂ ਨੂੰ ਤੰਗ-ਪ੍ਰਰੇਸ਼ਾਨ ਕਰਨਾ ਨਹੀਂ ਸਗੋਂ ਉਨ੍ਹਾਂ ਨੂੰ ਦਸਣਾ ਹੈ ਕਿ ਕੋਟਪਾ ਕਾਨੂੰਨ ਦੀ ਪਾਲਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾਣ।
ਉਨ੍ਹਾਂ ਸਕੂਲ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸਕੂਲ ਦੀ ਬਾਹਰੀ ਕੰਧ ਦੇ 100 ਗਜ਼ ਦੇ ਘੇਰੇ ਵਿਚ ਤੰਬਾਕੂ ਵੇਚਣ ਵਾਲੀ ਦੁਕਾਨ ਹੈ ਤਾਂ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਕਿਉਂਕਿ ਕਾਨੂੰਨ ਮੁਤਾਬਕ ਸਕੂਲ ਲਾਗੇ ਤੰਬਾਕੂ ਪਦਾਰਥ ਨਹੀਂ ਵੇਚੇ ਜਾ ਸਕਦੇ। ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਕਾਨੂੰਨ ਦੇ ਘੇਰੇ ਵਿਚ ਰਹਿ ਕੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਥੇ ਕਿਤੇ ਵੀ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਹਨ ਤਾਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਕਿ ਬਣਦੀ ਕਾਰਵਾਈ ਕੀਤੀ ਜਾ ਸਕੇ।ਟੀਮਾਂ ਵਿਚ ਜ਼ਿਲ੍ਹਾ ਤੰਬਾਕੂ ਰੋਕਥਾਮ ਸੈੱਲ ਦੇ ਨੋਡਲ ਅਫ਼ਸਰ ਡਾ. ਨਵਦੀਪ ਸਿੰਘ, ਸਹਾਇਕ ਨੌਡਲ ਅਫ਼ਸਰ ਭੁਪਿੰਦਰ ਸਿੰਘ, ਫ਼ੂਡ ਸੇਫ਼ਟੀ ਅਫ਼ਸਰ ਅਨਿਲ ਕੁਮਾਰ, ਲੀਗਲ ਮੈਟਰੋਲੋਜੀ ਵਿਭਾਗ ਦੇ ਅਮਰਿੰਦਰ ਗਿੱਲ, ਇਮਰਾਨ ਮੁਲੀਨ, ਪੁਲਿਸ ਵਿਭਾਗ ਤੋਂ ਏਐੱਸਆਈ ਪਲਵਿੰਦਰ ਸਿੰਘ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਸਨ।






