ਚੰਡੀਗੜ (ਇੰਦਰਜੀਤ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਰੋਹਾਂ ਦੀ ਲੜੀ 'ਚ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ 1 ਦਸੰਬਰ 2019 ਨੂੰ ਕੀਤਾ ਜਾਵੇਗਾ। ਟੂਰਨਮੈਂਟ 'ਚ ਪਹਿਲੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 15 ਲੱਖ ਅਤੇ 10 ਲੱਖ ਰੁਪਏ ਦੀ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਸਬੰਧੀ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਸੰਬੰਧਿਤ ਖ਼ਬਰਾਂ
ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੀ ਸ਼ੁਰੂਆਤ ਪਹਿਲੀ ਦਸੰਬਰ 2019 ਨੂੰ 11.00 ਵਜੇ ਗੁਰੂ ਨਾਨਕ ਸਟੇਡੀਅਮ, ਸੁਲਤਾਨਪੁਰ ਲੋਧੀ ਵਿਖੇ ਹੋਵੇਗੀ, ਜਿਸ ਦਾ ਉਦਘਾਟਨ ਉਹ ਖੁਦ ਕਰਨਗੇ ਅਤੇ ਸਮਾਪਨ ਸਮਾਰੋਹ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ, ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਜੇਤੂ ਖਿਡਾਰੀਆਂ ਨੂੰ ਬਾਅਦ ਦੁਪਹਿਰ 3.00 ਵਜੇ ਇਨਾਮ ਤਕਸੀਮ ਕਰਨਗੇ।
ਰਾਣਾ ਸੋਢੀ ਨੇ ਇਹ ਵੀ ਦੱਸਿਆ ਕਿ ਇਸ ਟੂਰਨਾਮੈਂਟ 'ਚ 9 ਵੱਖ-ਵੱਖ ਦੇਸ਼ਾਂ ਦੇ 160 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਮੇਜ਼ਬਾਨ ਭਾਰਤ ਤੋਂ ਇਲਾਵਾ 8 ਦੇਸ਼ਾਂ ਦੀਆਂ ਟੀਮਾਂ ਇਸ ਵੱਕਾਰੀ ਟੂਰਨਾਮੈਂਟ ਵਿੱਚ ਹਿੱਸਾ ਲੈਣਗੀਆਂ। ਇਨ੍ਹਾਂ ਵਿੱਚ ਯੂ.ਐਸ.ਏ., ਆਸਟਰੇਲੀਆ, ਪਾਕਿਸਤਾਨ, ਇੰਗਲੈਂਡ, ਕੈਨੇਡਾ, ਸ੍ਰੀਲੰਕਾ, ਕੀਨੀਆ ਅਤੇ ਨਿਊਜ਼ੀਲੈਂਡ ਸ਼ਾਮਲ ਹਨ। ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਆਸਟ੍ਰੇਲੀਆ ਦੀ ਟੀਮ ਪਹੁੰਚ ਚੁੱਕੀ ਹੈ ਜਦਕਿ ਬਾਕੀ ਟੀਮਾਂ ਛੇਤੀ ਹੀ ਪਹੁੰਚ ਜਾਣਗੀਆਂ।






