ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ. ਖਰਬੰਦਾ ਨੇ ਜ਼ਿਲੇ ਦੇ ਨੌਜਵਾਨਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈ ਕੇ ਆਪਣੇ ਪੈਰਾਂ 'ਤੇ ਖੜੇ ਹੋਣ ਦਾ ਸੱਦਾ ਦਿੱਤਾ ਹੈ। ਉਨਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਨੌਕਰੀਆਂ ਵੱਲ ਭੱਜਣ ਦੀ ਬਜਾਏ ਆਪਣੇ ਕੰਮ-ਧੰਦੇ ਸ਼ੁਰੂ ਕਰਕੇ ਸਵੈ ਨਿਰਭਰ ਬਣਨ। ਅੱਜ ਸਥਾਨਕ ਯੋਜਨਾ ਭਵਨ ਵਿਖੇ ਵੱਖ-ਵੱਖ ਵਿਭਾਗਾਂ ਵੱਲੋਂ ਟ੍ਰੇਨਿੰਗ ਹਾਸਲ ਕਰ ਚੁੱਕੇ ਨੌਜਵਾਨਾਂ ਨੂੰ ਬੈਂਕਾਂ ਕੋਲੋਂ ਸਰਕਾਰ ਦੀਆਂ ਸਕੀਮਾਂ ਤਹਿਤ ਵਿੱਤੀ ਸਹਾਇਤਾ ਦਿਵਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ਾਲ ਮੀਟਿੰਗ ਦੌਰਾਨ ਇੰਜ. ਖਰਬੰਦਾ ਨੇ ਕਿਹਾ ਕਿ ਸਵੈ-ਰੁਜ਼ਗਾਰ ਦਾ ਕੰਮ ਨੌਕਰੀ ਤੋਂ ਬਿਹਤਰ ਹੈ। ਉਨਾਂ ਕਿਹਾ ਕਿ ਆਪਣੇ ਕੰਮ-ਧੰਦੇ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਕਰਜ਼ਾ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ। ਉਨਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਵਿਹਲੇ ਨਾ ਰਹਿਣ, ਬਲਕਿ ਕਿੱਤਾਮੁਖੀ ਟ੍ਰੇਨਿੰਗ ਹਾਸਲ ਕਰਕੇ ਸਰਕਾਰ ਦੀਆਂ ਰੁਜ਼ਗਾਰ ਅਤੇ ਸਬਸਿਡੀ ਸਕੀਮਾਂ ਦਾ ਲਾਹਾ ਲੈ ਕੇ ਆਪਦੇ ਪੈਰਾਂ 'ਤੇ ਖੜੇ ਹੋਣ।
ਸੰਬੰਧਿਤ ਖ਼ਬਰਾਂ
ਇਸ ਦੌਰਾਨ ਉਨਾਂ ਵੱਡੀ ਗਿਣਤੀ ਵਿਚ ਹਾਜ਼ਰ ਵੱਖ-ਵੱਖ ਕਿੱਤਿਆਂ ਦੀ ਟ੍ਰੇਨਿੰਗ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਰੁਜ਼ਗਾਰ ਤੇ ਸਬਸਿਡੀ ਸਕੀਮਾਂ ਤਹਿਤ ਕਰਜ਼ੇ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਮੌਕੇ 'ਤੇ ਮੌਜੂਦ ਵੱਖ-ਵੱਖ ਵਿਭਾਗਾਂ ਅਤੇ ਬੈਂਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਨਾਂ ਵਿਚ ਬੱਕਰੀ ਪਾਲਣ, ਸੂਰ ਪਾਲਣ, ਮੱਛੀ ਪਾਲਣ ਅਤੇ ਬਾਗਬਾਨੀ ਦੀ ਟ੍ਰੇਨਿੰਗ ਹਾਸਲ ਕਰਨ ਵਾਲੇ ਨੌਜਵਾਨ ਸ਼ਾਮਿਲ ਸਨ। ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ 12 ਮਾਰਚ ਨੂੰ ਨਿਰਧਾਰਤ ਬੈਂਕ ਬ੍ਰਾਂਚਾਂ ਵਿਚ ਜਾ ਕੇ ਨੌਜਵਾਨਾਂ ਦੀ ਸੂਚੀ ਮੁਤਾਬਿਕ ਕਰਜ਼ ਪ੍ਰਕਿਰਿਆ ਚਾਲੂ ਕਰਵਾਉਣ ਲਈ ਕਿਹਾ। ਉਨਾਂ ਬੈਂਕਾਂ ਨੂੰ ਨਿਰਦੇਸ਼ ਦਿੱਤੇ ਕਿ ਯੋਗ ਨੌਜਵਾਨਾਂ ਨੂੰ ਕਰਜ਼ਾ ਪ੍ਰਾਪਤ ਕਰਨ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਸਵੈ-ਰੁਜ਼ਗਾਰ ਧੰਦਿਆਂ ਲਈ ਵੱਖ-ਵੱਖ ਸਕੀਮਾਂ ਤਹਿਤ 33 ਫੀਸਦੀ ਸਬਸਿਡੀ ਤੱਕ ਕਰਜ਼ਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਬੈਂਕਾਂ ਨੂੰ ਇਹ ਵੀ ਕਿਹਾ ਕਿ ਸਵੈ-ਰੁਜ਼ਗਾਰ ਲਈ ਆਈਆਂ ਅਰਜ਼ੀਆਂ ਦਾ 31 ਮਾਰਚ ਤੋਂ ਪਹਿਲਾਂ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਲ. ਡੀ. ਐਮ ਸ੍ਰੀ ਸਰਵੇਂਦਰ ਸਿੰਘ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ, ਜ਼ਿਲਾ ਰੁਜ਼ਗਾਰ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ, ਡਿਪਟੀ ਡਾਇਰੈਕਟਰ ਬਾਗਬਾਨੀ ਸ. ਕੁਲਵਿੰਦਰ ਸਿੰਘ ਸੰਧੂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਪ੍ਰਦੀਪ ਗੋਇਲ, ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਬਲਵਿੰਦਰਜੀਤ, ਡਾਇਰੈਕਟਰ ਆਰ. ਸੇਟੀ ਸ੍ਰੀ ਪਰਮਜੀਤ ਸਿੰਘ, ਸ੍ਰੀ ਸਾਹਿਲ ਓਬਰਾਏ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਸਮੂਹ ਬੀ. ਡੀ. ਪੀ. ਓਜ਼ ਅਤੇ ਟ੍ਰੇਨਿੰਗ ਹਾਸਲ ਕਰਨ ਵਾਲੇ ਨੌਜਵਾਨ ਹਾਜ਼ਰ ਸਨ।






