ਨਡਾਲਾ (ਇੰਦਰਜੀਤ ਸਿੰਘ) : ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਸਥਾਨਕ ਬੀ. ਡੀ. ਪੀ. ਓ ਦਫ਼ਤਰ ਵਿਖੇ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’ ਤਹਿਤ ਲਗਾਏ ਗਏ ਜ਼ਿਲਾ ਪੱਧਰੀ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਇਸ ਯੋਜਨਾ ਤਹਿਤ ਲਗਾਏ ਜਾ ਰਹੇ ਕੈਂਪ ਲਾਭਪਾਤਰੀਆਂ ਲਈ ਬੇਹੱਦ ਲਾਹੇਵੰਦ ਸਿੱਧ ਹੋ ਰਹੇ ਹਨ।
ਉਨਾਂ ਕਿਹਾ ਕਿ ਇਨਾਂ ਕੈਂਪਾਂ ਦਾ ਮਕਸਦ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਉਨਾਂ ਨੂੰ ਇਕੋ ਛੱਤ ਹੇਠਾਂ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਕਰੀਬ 43 ਪ੍ਰਕਾਰ ਦੀਆਂ ਸਕੀਮਾਂ ਦਾ ਲਾਹਾ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਪਰੰਤੂ ਇਨਾਂ ਬਾਰੇ ਜਾਗਰੂਕਤਾ ਦੀ ਬੇਹੱਦ ਘਾਟ ਹੈ। ਉਨਾਂ ਸਰਪੰਚਾਂ ਅਤੇ ਹੋਰਨਾਂ ਮੋਹਤਬਰਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਸਕੀਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨਾਂ ਦੇ ਲਾਭ ਤੋਂ ਵਾਂਝਾ ਨਾ ਰਹਿ ਸਕੇ।
ਸੰਬੰਧਿਤ ਖ਼ਬਰਾਂ
ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨੌਕਰੀਆਂ ਵੱਲ ਭੱਜਣ ਦੀ ਥਾਂ ਸਵੈ-ਰੋਜ਼ਗਾਰ ਸ਼ੁਰੂ ਕਰਨ। ਉਨਾਂ ਕਿਹਾ ਕਿ ਆਪਣੇ ਕੰਮ-ਧੰਦੇ ਸ਼ੁਰੂ ਕਰਨ ਲਈ ਸਰਕਾਰ ਵੱਲੋਂ 35 ਫੀਸਦੀ ਸਬਸਿਡੀ ਤੱਕ ਕਰਜ਼ਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਦਾ ਨੌਜਵਾਨਾਂ ਨੂੰ ਲਾਹਾ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਨਡਾਲਾ ਵਿਖੇ ਨੌਜਵਾਨਾਂ ਲਈ ਜਲਦ ਹੀ ਹੁਨਰ ਵਿਕਾਸ ਕੇਂਦਰ ਸ਼ੁਰੂ ਕੀਤਾ ਜਾਵੇਗਾ, ਜਿਥੇ ਉਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਮੁਫ਼ਤ ਟ੍ਰੇਨਿੰਗ ਦਿੱਤੀ ਜਾਵੇਗੀ।
ਇਸ ਦੌਰਾਨ ਇੰਜ: ਖਰਬੰਦਾ ਨੇ ਵੱਖ-ਵੱਖ ਕਾੳੂੂਂਟਰਾਂ ਦਾ ਨਿਰੀਖਣ ਵੀ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਅਜਿਹੇ ਕੈਂਪਾਂ ਰਾਹੀਂ ਵੱਧ ਤੋਂ ਵੱਧ ਲਾਭ ਲੈਣ। ਕੈਂਪ ਦੌਰਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਗਏ ਸਟਾਲਾਂ ’ਤੇ ਵੱਡੀ ਗਿਣਤੀ ਵਿਚ ਪਹੁੰਚੇ ਯੋਗ ਲਾਭਪਾਤਰੀਆਂ ਦੇ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਮੌਕੇ ’ਤੇ ਹੀ ਫਾਰਮ ਭਰੇ ਗਏ। ਇਸ ਮੌਕੇ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸੇ ਤਰਾਂ ਪੰੈਨਸ਼ਨ ਲਾਭਪਾਤਰੀਆਂ ਨੂੰ ਪੈਨਸ਼ਨ ਦੀਆਂ ਕਾਪੀਆਂ ਦੀ ਵੰਡ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਬੀ. ਡੀ. ਪੀ. ਓ ਨਡਾਲਾ ਸ੍ਰੀ ਸਮਸ਼ੇਰ ਸਿੰਘ ਬੱਲ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਜ਼ਿਲਾ ਪ੍ਰੀਸ਼ਦ ਮੈਂਬਰ ਸ੍ਰੀ ਮਨਿੰਦਰਜੀਤ ਸਿੰਘ ਔਜਲਾ, ਸ੍ਰੀ ਅਮਨਦੀਪ ਸਿੰਘ ਗੋਰਾ ਗਿੱਲ, ਨਗਰ ਕੌਂਸਲ ਚੇਅਰਮੈਨ ਸੋਮਾ, ਵਾਈਸ ਚੇਅਰਮੈਨ ਸੁਰਜੀਤ ਕੌਰ ਅਕਾਲਾ, ਸ੍ਰੀ ਰਛਪਾਲ ਸਿੰਘ ਬੱਚਾਜੀਵੀ, ਸ੍ਰੀ ਅਵਤਾਰ ਸਿੰਘ ਵਾਲੀਆ, ਸ. ਹਰਵਿੰਦਰ ਸਿੰਘ ਜੈਦ, ਮਾਸਟਰ ਬਲਕਾਰ ਸਿੰਘ ਸਰਪੰਚ ਮੰਡ ਕੁੱਲਾ, ਸ. ਜਸਵਿੰਦਰ ਸਿੰਘ ਵਾਲੀਆ, ਮਾਸਟਰ ਬਲਦੇਵ ਰਾਜ, ਸ. ਮੋਹਣ ਸਿੰਘ ਡਾਲਾ, ਸ੍ਰੀ ਰਾਜੇਸ਼ ਰਾਏ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।






