ਰੂਪਨਗਰ : ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਵਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਜ਼ਿਲ੍ਹਾ ਚੋਣ ਅਧਿਕਾਰੀ ਡਾ. ਸੁਮੀਤ ਜਾਰੰਗਲ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਵੀ ਨਾਲ ਸਨ।ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਦੀ ਜਿੱਤ ਤੈਅ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਹਰ ਵਾਰ ਇਸ ਹਲਕੇ ਨੂੰ 'ਪੰਥਕ ਹਲਕਾ' ਕਿਹਾ ਜਾਂਦਾ ਹੈ, ਇਹ ਸਿਰਫ਼ ਅਕਾਲੀ ਦਲ ਦਾ ਮੁੱਦਾ ਹੈ ਤੇ ਹਰ ਵਾਰ ਹੀ ਅਕਾਲੀ ਦਲ ਇਸ ਹਲਕੇ ਨੂੰ ਪੰਥਕ ਹਲਕਾ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰਦਾ ਹੈ।
ਸੰਬੰਧਿਤ ਖ਼ਬਰਾਂ
ਉਨ੍ਹਾਂ ਕਿਹਾ ਕਿ ਤਿਵਾੜੀ ਕਾਂਗਰਸ ਦੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਰਹਿ ਚੁੱਕੇ ਹਨ ਅਤੇ ਤਿਵਾੜੀ ਦੀ ਜਿੱਤ ਪੱਕੀ ਹੈ। ਫਿਲਮੀ ਅਦਾਕਾਰ ਸੰਨੀ ਦਿਓਲ ਵਲੋਂ ਗੁਰਦਾਸਪੁਰ ਤੋਂ ਭਾਜਪਾ ਵਲੋਂ ਚੋਣ ਲੜਨ ਦੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਸੰਨੀ ਦਿਓਲ ਦੋ ਹਫ਼ਤੇ ਗੁਰਦਾਸਪੁਰ ਰਹੇਗਾ ਅਤੇ ਵਾਪਸ ਮੁੰਬਈ ਚਲਾ ਜਾਵੇਗਾ।ਸੰਨੀ ਦਿਓਲ ਤੋਂ ਕਾਂਗਰਸ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਗੁਰਦਾਸਪੁਰ ਤੋਂ ਸ਼ਾਨਦਾਰ ਜਿੱਤ ਦਰਜ ਕਰਨਗੇ। ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦੇ ਵਿਧਾਇਕਾਂ ਨੂੰ 10-10 ਕਰੋੜ ਰੁਪਏ ਦੇ ਕੇ ਖਰੀਦਣ ਦੇ ਲਗਾਏ ਜਾ ਰਹੇ ਦੋਸ਼ਾਂ ਦੇ ਬਾਰੇ ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਬਹੁਮਤ ਹੈ ਅਤੇ 78 ਵਿਧਾਇਕ ਹਨ ਅਤੇ ਆਮ ਆਦਮੀ ਪਾਰਟੀ ਖਰੀਦੋ-ਫਰੋਖ਼ਤ ਦੇ ਝੂਠੇ ਦੋਸ਼ ਲਗਾ ਰਹੇ ਹਨ।
ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਚੋਣ ਵਾਅਦੇ ਅਨੁਸਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾ ਰਹੀ ਹੈ ਅਤੇ ਹੁਣ ਤੱਕ 10 ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੀ ਗਈ ਹੈ ਤੇ ਰੁਜ਼ਗਾਰ ਕੈਂਪ ਲਗਾਏ ਗਏ ਹਨ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਵਿਸਕੀ, ਸੂਬਾ ਸਕੱਤਰ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਅਮਰਜੀਤ ਸਿੰਘ ਭੁੱਲਰ, ਪੋਮੀ ਸੋਮੀ, ਰਾਜੇਸ਼ਵਰ ਲਾਲੀ, ਓਬੀਸੀ ਸੈਲ ਦੇ ਕਾਂਗਰਸ ਦੇ ਸੂਬਾ ਪ੍ਰਧਾਨ ਡਾ.ਗੁਰਿੰਦਰਪਾਲ ਸਿੰਘ ਬਿੱਲਾ ਆਦਿ ਮੌਜੂਦ ਸਨ।



