ਕਪੂਰਥਲਾ : ਪਿੰਡਾਂ ਦਾ ਗੰਦਾ ਪਾਣੀ ਪਵਿੱਤਰ ਬੇਈਂ ਵਿਚ ਜਾਣ ਤੋਂ ਰੋਕਣ ਸਬੰਧੀ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਅਧਿਕਾਰੀਆਂ, ਸਬੰਧਤ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਨਾਲ ਮੀਟਿੰਗ ਕਰਕੇ ਇਸ ਸਬੰਧੀ ਫੌਰਨ ਕਾਰਵਾਈ ਦੇ ਆਦੇਸ਼ ਦਿੱਤੇ। ਇਸ ਦੌਰਾਨ ਉਨਾਂ ਹਦਾਇਤ ਕੀਤੀ ਕਿ ਜਿਹੜੇ 18 ਦੇ ਕਰੀਬ ਪਿੰਡਾਂ ਦਾ ਪਾਣੀ ਸਿੱਧੇ ਜਾਂ ਅਸਿੱਧੇ ਤੌਰ 'ਤੇ ਬੇਈਂ ਵਿਚ ਜਾ ਰਿਹਾ ਹੈ, ਉਸ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾਣ।
ਇਸ ਸਬੰਧੀ ਉਨਾਂ ਨਾਜਾਇਜ਼ ਕਬਜ਼ੇ ਛੁਡਵਾ ਕੇ ਲੋੜ ਅਨੁਸਾਰ ਛੱਪੜ ਬਣਾਉਣ, ਛੱਪੜਾਂ ਨੂੰ ਡੂੰਘੇ ਕਰਨ ਅਤੇ ਪਾਈਪ ਲਾਈਨਾਂ ਆਦਿ ਵਿਛਾ ਕੇ ਇਸ ਸਮੱਸਿਆ ਦਾ ਹੱਲ ਕਰਨ ਦੇ ਆਦੇਸ਼ ਦਿੱਤੇ। ਉਨਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਇਕ ਹਫ਼ਤੇ ਅੰਦਰ ਸਬੰਧਤ ਪਿੰਡਾਂ ਦਾ ਦੌਰਾ ਕਰਕੇ ਇਸ ਮੁੱਦੇ ਦਾ ਢੁਕਵਾਂ ਹੱਲ ਕੱਢਣ।
ਸੰਬੰਧਿਤ ਖ਼ਬਰਾਂ
ਉਨਾਂ ਸਰਪੰਚਾਂ ਨੂੰ ਵੀ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬੇਈਂ ਦੀ ਪਵਿੱਤਰਤਾ ਬਹਾਲ ਕਰਨ ਵਿਚ ਆਪਣਾ ਵਡਮੁੱਲਾ ਸਹਿਯੋਗ ਦੇਣ। ਉਨਾਂ ਸਰਪੰਚਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਪਿੰਡਾਂ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਇਸ ਕੰਮ ਵਿਚ ਉਨਾਂ ਦੀ ਹਰੇਕ ਤਰਾਂ ਨਾਲ ਮਦਦ ਕਰੇਗਾ। ਉਨਾਂ ਕਿਹਾ ਕਿ ਇਸ ਸਬੰਧੀ ਜਲਦ ਹੀ ਪਿੰਡਾਂ ਵਿਚ ਕੈਂਪ ਲਗਾਏ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਐਕਸੀਅਨ ਪੰਚਾਇਤੀ ਰਾਜ ਸ੍ਰੀ ਸੰਦੀਪ ਸ੍ਰੀਧਰ, ਬੀ. ਡੀ. ਪੀ. ਓ ਕਪੂਰਥਲਾ ਸ. ਅਮਰਜੀਤ ਸਿੰਘ, ਬੀ. ਡੀ. ਪੀ. ਓ ਸੁਲਤਾਨਪੁਰ ਲੋਧੀ ਸ. ਗੁਰਪ੍ਰੀਤ ਸਿੰਘ, ਬੀ. ਡੀ. ਪੀ. ਓ ਂਿਢਲਵਾਂ ਤੇ ਨਡਾਲਾ ਸ੍ਰੀ ਸਮਸ਼ੇਰ ਸਿੰਘ ਤੋਂ ਇਲਾਵਾ ਸਮੂਹ ਪੰਚਾਇਤ ਸਕੱਤਰ ਅਤੇ ਸਬੰਧਤ ਪਿੰਡਾਂ ਦੇ ਸਰਪੰਚ ਹਾਜ਼ਰ ਸਨ।






