ਕਪੂਰਥਲਾ (ਇੰਦਰਜੀਤ ਸਿੰਘ) : ਲੋਕਾਂ ਨੂੰ ਸਾਫ਼-ਸੁਥਰੇ ਅਤੇ ਮਿਲਾਵਟ ਰਹਿਤ ਭੋਜਨ ਪਦਾਰਥਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਸ੍ਰੀ ਬਲਵਿੰਦਰ ਜੀਤ ਦੀ ਅਗਵਾਈ ਹੇਠ ਕਪੂਰਥਲਾ ਦੇ ਪਿੰਡ ਅਹਿਮਦਪੁਰ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਹਾਜ਼ਰ ਦੁੱਧ ਉਤਪਾਦਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਡਾਇਰੈਕਟਰ ਸ੍ਰੀ ਬਲਵਿੰਦਰ ਜੀਤ ਨੇ ਦੁੱਧ ਉਤਪਾਦਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਦੁੱਧ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ।
ਸੰਬੰਧਿਤ ਖ਼ਬਰਾਂ
ਇਸ ਦੌਰਾਨ ਉਨਾਂ ਦੱਸਿਆ ਕਿ ਦੁੱਧ ਇਕ ਸੰਪੂਰਨ ਭੋਜਨ ਹੈ, ਜਿਸ ਵਿਚ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸਾਰੇ ਜ਼ਰੂਰੀ ਤੱਤ ਹੁੰਦੇ ਹਨ। ਉਨਾਂ ਕਿਹਾ ਦੁੱਧ ਹੱਡੀਆਂ ਦੀ ਮਜ਼ਬੂਤੀ ਅਤੇ ਦਿਮਾਗੀ ਵਿਕਾਸ ਲਈ ਬੇਹੱਦ ਜ਼ਰੂਰੀ ਹੈ, ਪਰੰਤੂ ਸਾਨੂੰ ਇਹ ਧਿਆਨ ਰੱਖਣਾ ਚਾਹੀਦਾ ਹੈ ਕਿ ਦੁੱਧ ਮਿਲਾਵਟ ਅਤੇ ਹਾਨੀਕਾਰਕ ਤੱਤਾਂ ਤੋਂ ਰਹਿਤ ਹੋਵੇ। ਉਨਾਂ ਕਿਹਾ ਕਿ ਇਸੇ ਲਈ ਅਜਿਹੇ ਦੁੱਧ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਹੀ ਦੁੱਧ ਮੁਹੱਈਆ ਹੋ ਸਕੇ। ਇਸ ਮੌਕੇ ਉਨਾਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਇਨਾਂ ਦਾ ਲਾਹਾ ਲੈ ਕੇ ਆਪਣੀ ਆਮਦਨ ਵਿਚ ਵਾਧਾ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਅਧਿਕਾਰੀਆਂ ਨੇ ਪਸ਼ੂਆਂ ਦੀਆਂ ਬਿਮਾਰੀਆਂ, ਇਨਾਂ ਦੇ ਇਲਾਜ, ਪਸ਼ੂੁਆਂ ਦੀ ਖ਼ੁਰਾਕ ਦੀ ਬਣਤਰ ਅਤੇ ਦੁੱਧ ਦੇ ਮੰਡੀਕਰਨ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਹਾਜ਼ਰ ਦੁੱਧ ਉਤਪਾਦਕਾਂ ਨੇ ਵਾਅਦਾ ਕੀਤਾ ਕਿ ਉਹ ਬਿਲਕੁਲੱ ਸ਼ੁੱਧ ਅਤੇ ਮਿਲਾਵਟ ਰਹਿਤ ਦੁੱਧ ਲੋਕਾਂ ਨੂੰ ਮੁਹੱਈਆ ਕਰਵਾ ਕੇ ਸਰਕਾਰ ਦੇ ਇਸ ਮਿਸ਼ਨ ਦੀ ਸਫਲਤਾ ਲਈ ਪੂਰਾ ਸਹਿਯੋਗ ਕਰਨਗੇ। ਇਸ ਮੌਕੇ ਡਾ. ਵਿਨੇ ਸ਼ਰਮਾ, ਸਰਪੰਚ ਸ. ਪਰਮਜੀਤ ਸਿੰਘ, ਇੰਸਪੈਕਟਰ ਅਸ਼ੋਕ ਕੁਮਾਰ ਤੇ ਪੰਕੁਲ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਦੁੱਧ ਉਤਪਾਦਕ ਹਾਜ਼ਰ ਸਨ।






