ਕਪੂਰਥਲਾ : ਜ਼ਿਲੇ ਵਿਚ ਔਰਤਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾ ਕੇ ਉਨਾਂ ਨੂੰ ਆਪਣੇ ਪੈਰਾਂ 'ਤੇ ਖੜੇ ਹੋਣ ਦੇ ਕਾਬਿਲ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਸਵੈ ਸਹਾਈ ਗਰੁੱਪਾਂ ਦੀਆਂ ਔਰਤਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨਾਂ ਕਿਹਾ ਕਿ ਜ਼ਿਲੇ ਵਿਚ ਸਵੈ ਸਹਾਈ ਗਰੁੱਪਾਂ ਦੀ ਪ੍ਰਫੁੱਲਤਾ ਲਈ ਢੁਕਵੇਂ ਯਤਨ ਕੀਤੇ ਜਾਣਗੇ ਅਤੇ ਉਨਾਂ ਨੂੰ ਆਪਣੇ ਉਤਪਾਦਾਂ ਦੀ ਵਿਕਰੀ ਲਈ ਇਕ ਵਧੀਆ ਪਲੇਟਫਾਰਮ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਔਰਤਾਂ ਨੂੰ ਸਮਾਜ ਵਿਚ ਆਪਣੀ ਪਹਿਚਾਣ ਬਣਾਉਣ ਲਈ ਸਵੈ-ਨਿਰਭਰ ਹੋਣਾ ਅਤੇ ਨਾਰੀ ਸ਼ਕਤੀ ਨੂੰ ਪਹਿਚਾਣਨਾ ਬੇਹੱਦ ਜ਼ਰੂਰੀ ਹੈ। ਉਨਾਂ ਕਿਹਾ ਕਿ ਔਰਤਾਂ ਨੂੰ ਕਿਸੇ ਅੱਗੇ ਹੱਥ ਅੱਡਣ ਦੀ ਥਾਂ ਆਪਣੇ ਪੈਰਾਂ 'ਤੇ ਖੜੇ ਹੋਣਾ ਚਾਹੀਦਾ ਹੈ ਅਤੇ ਇਸ ਕੰਮ ਲਈ ਜ਼ਿਲਾ ਪ੍ਰਸ਼ਾਸਨ ਉਨਾਂ ਦੀ ਪੂਰੀ ਮਦਦ ਕਰੇਗਾ।
ਸੰਬੰਧਿਤ ਖ਼ਬਰਾਂ
ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਬਲਾਕਾਂ ਵਿਚ ਅਜਿਹੇ ਸਵੈ ਸਹਾਈ ਗਰੁੱਪਾਂ ਅਤੇ ਔਰਤਾਂ ਦੀ ਪਹਿਚਾਣ ਕਰਨ, ਤਾਂ ਜੋ ਉਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਟ੍ਰੇਨਿੰਗ ਦਿਵਾ ਕੇ ਸਵੈ-ਨਿਰਭਰ ਬਣਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅੰਮ੍ਰਿਤਾ ਸਿੰਘ, ਡੀ. ਡੀ. ਐਮ ਨਬਾਰਡ ਸ੍ਰੀ ਰਾਕੇਸ਼ ਵਰਮਾ, ਸੀ. ਡੀ. ਪੀ. ਓ ਸ੍ਰੀਮਤੀ ਸਨੇਹ ਲਤਾ, ਸ੍ਰੀਮਤੀ ਸੁਸ਼ੀਲ ਲਤਾ ਅਤੇ ਸ੍ਰੀਮਤੀ ਨਤਾਸ਼ਾ ਸਾਗਰ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਸਵੈ ਸਹਾਈ ਗਰੁੱਪਾਂ ਦੀਆਂ ਔਰਤਾਂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।






