ਪਾਤੜਾਂ/ਪਟਿਆਲਾ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਜ਼ਿਲ੍ਹਾ ਪਟਿਆਲਾ ਪੁਲਿਸ ਨੇ ਕੀਤੀ ਅੰਤਰਰਾਜੀ ਨਾਕਾਬੰਦੀ ਦੌਰਾਨ ਚਾਂਦੀ ਦੀ ਵੱਡੀ ਖੇਪ ਦੀ ਬਰਾਮਦਗੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਐਸ.ਪੀ. ਪਾਤੜਾਂ ਸ. ਸੁਖਅੰਮ੍ਰਿਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੁਲਿਸ ਵੱਲੋਂ ਪੰਜਾਬ ਹਰਿਆਣਾ ਹੱਦ 'ਤੇ ਲਗਾਏ ਗਏ ਅੰਤਰਰਾਜੀ ਨਾਕੇ ਦੌਰਾਨ 18 ਕਿਲੋ 600 ਗ੍ਰਾਮ ਚਾਂਦੀ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਹੋਈ ਹੈ।
ਸੰਬੰਧਿਤ ਖ਼ਬਰਾਂ
ਇਹ ਚਾਂਦੀ ਦੀ ਖੇਪ ਚਾਂਦੀ ਦੇ 43 ਬਿਸਕੁਟਾਂ ਦੇ ਰੂਪ 'ਚ ਸੀ। ਸ. ਸਿੱਧੂ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਦੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਪੁਲਿਸ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਪੰਜਾਬ ਤੇ ਹਰਿਆਣਾ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਦੁਵੱਲੀ ਮੀਟਿੰਗ ਕਰਕੇ ਪਹਿਲਾਂ ਹੀ ਚੌਕਸੀ ਵਰਤੀ ਜਾ ਰਹੀ ਹੈ।






