ਕਪੂਰਥਲਾ (ਇੰਦਰਜੀਤ ਸਿੰਘ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2020 ਦੇ ਆਧਾਰ ’ਤੇ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਦੇ ਚੱਲ ਰਹੇ ਕੰਮ ਤਹਿਤ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ 15 ਜਨਵਰੀ 2020 ਤੱਕ ਦਾਅਵੇ ਅਤੇ ਇਤਰਾਜ ਦਾਖ਼ਲ ਕੀਤੇ ਜਾ ਸਕਦੇ ਹਨ। ਇਹ ਪ੍ਰਗਟਾਵਾ ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਰਾਹੁਲ ਚਾਬਾ ਨੇ ਵੋਟਰ ਸੂਚੀ ਸਬੰਧੀ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ।
ਉਨਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਦੇ ਪ੍ਰੋਗਰਾਮ ਬਾਰੇ ਆਪਣੇ ਆਲੇ-ਦੁਆਲੇ ਵੱਧ ਤੋਂ ਵੱਘ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦਾ ਕੰਮ ਅੱਜ ਤੋਂ ਸ਼ੁਰੂ ਹੋ ਗਿਆ ਹੈ, ਜੋ ਕਿ 15 ਜਨਵਰੀ 2020 ਤੱਕ ਚੱਲੇਗਾ। ਉਨਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ 27 ਜਨਵਰੀ 2020 ਤੱਕ ਕੀਤਾ ਜਾਵੇਗਾ।
ਸੰਬੰਧਿਤ ਖ਼ਬਰਾਂ
ਉਨਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 7 ਫਰਵਰੀ 2020 ਨੂੰ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕੋਈ ਵੀ ਵਿਅਕਤੀ ਜਿਸ ਦੀ ਉਮਰ 1 ਜਨਵਰੀ 2020 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਸ ਦੀ ਵੋਟ ਅਜੇ ਤੱਕ ਨਹੀਂ ਬਣੀ, ਜਾਂ ਵੋਟ ਕਟਵਾਉਣੀ/ਦਰੁਸਤ ਕਰਵਾਉਣੀ ਹੈ, ਉਹ ਆਪਣੇ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਉੱਪ ਮੰਡਲ ਮੈਜਿਸਟ੍ਰੇਟ) ਦੇ ਦਫ਼ਤਰ ਵਿਖੇ ਜਾਂ ਆਪਣੇ ਇਲਾਕੇ ਦੇ ਬੂਥ ਲੈਵਲ ਅਫ਼ਸਰ ਕੋਲ ਫਾਰਮ ਭਰ ਕੇ ਦੇ ਸਕਦਾ ਹੈ। ਇਸ ਤੋਂ ਇਲਾਵਾ ਆਨਲਾਈਨ ਵਿਧੀ ਰਾਹੀਂ ਐਨ. ਵੀ. ਐਸ. ਪੀ ਵੋਰਟਲ ’ਤੇ ਵੀ ਦਾਅਵੇ ਤੇ ਇਤਰਾਜ ਸਬਮਿਟ ਕੀਤੇ ਜਾ ਸਕਦੇ ਹਨ।
ਉਨਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਦੀ ਦਰੁਸਤੀ ਲਈ ਫਾਰਮ ਨੰਬਰ 8 ਅਤੇ ਬੂਥ ਨੰਬਰ/ਰਿਹਾਇਸ਼ ਦੀ ਤਬਦੀਲੀ ਦੀ ਸੂਰਤ ਵਿਚ ਫਾਰਮ ਨੰਬਰ 8ੳ ਭਰਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਰਾਜਨੀਤਿਕ ਪਾਰਟੀਆਂ ਵੱਲੋਂ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਹਰੇਕ ਪੋਿਗ ਬੂਥ ’ਤੇ ਇਕ-ਇਕ ਬੂਥ ਲੈਵਲ ਏਜੰਟ ਲਗਾਇਆ ਜਾਣਾ ਹੈ। ਉਨਾ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਸਮੂਹ ਬੂਥਾਂ ’ਤੇ ਤੁਰੰਤ ਬੂਥ ਲੈਵਲ ਏਜੰਟ ਲਗਾ ਕੇ ਲਿਸਟਾਂ ਜ਼ਿਲਾ ਚੋਣ ਅਫ਼ਸਰ ਅਤੇ ਈ. ਆਰ. ਓਜ਼ ਕੇ ਦਫ਼ਤਰਾਂ ਨੂੰ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਇਹ ਸੂਚਨਾ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਭਾਰਤ ਚੋਣ ਕਮਿਸ਼ਨ ਨੂੰ ਭੇਜੀ ਜਾ ਸਕੇ।






