ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਫਗਵਾੜਾ ਤੋਂ ਵਿਧਾਇਕ ਸੋਮ ਪ੍ਰਕਾਸ਼ ਦਾ ਅਸਤੀਫ਼ਾ ਮਨਜ਼ੂਰ ਕਰਦਿਆਂ ਫਗਵਾੜਾ ਹਲਕੇ ਨੂੰ ਖਾਲੀ ਐਲਾਨਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਜਲਾਲਾਬਾਦ ਸੀਟ ਖਾਲੀ ਐਲਾਨੀ ਜਾ ਚੁੱਕੀ ਹੈ। ਦੋਵੇਂ ਵਿਧਾਇਕਾਂ ਦੀਆਂ ਸੀਟਾਂ ਖਾਲੀ ਹੋਣ ਤੋਂ ਬਾਅਦ ਦੋ ਹਲਕਿਆਂ 'ਚ ਜ਼ਿਮਨੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ।ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਕਿਸੇ ਵਿਧਾਇਕ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਛੇ ਮਹੀਨਿਆਂ ਦੇ ਅੰਦਰ ਅੰਦਰ ਚੋਣ ਕਰਵਾਉਣਾ ਲਾਜ਼ਮੀ ਹੈ।
ਵਰਨਣਯੋਗ ਹੈ ਕਿ ਸਾਬਕਾ ਅਫ਼ਸਰਸ਼ਾਹ ਤੇ ਭਾਜਪਾ ਆਗੂ ਸੋਮ ਪ੍ਰਕਾਸ਼ ਫਗਵਾੜਾ ਤੋਂ ਵਾਇਆ ਹੁਸ਼ਿਆਰਪੁਰ ਸੰਸਦ ਭਵਨ ਪੁੱਜ ਕੇ ਕੇਂਦਰੀ ਰਾਜ ਮੰਤਰੀ ਬਣ ਗਏ ਹਨ ਜਦਕਿ ਜਲਾਲਾਬਾਦ ਤੋਂ ਵਿਧਾਇਕ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਇਸ ਤਰ੍ਹਾਂ ਅਕਾਲੀ ਭਾਜਪਾ ਗਠਜੋੜ ਦੀਆਂ ਦੋ ਸੀਟਾਂ ਖਾਲੀ ਹੋ ਗਈਆਂ ਹਨ।
ਸੰਬੰਧਿਤ ਖ਼ਬਰਾਂ
ਜਿਨ੍ਹਾਂ 'ਤੇ ਕਦੇ ਵੀ ਜ਼ਿਮਨੀ ਚੋਣ ਹੋ ਸਕਦੀ ਹੈ। ਜ਼ਿਮਨੀ ਚੋਣ ਕਰਵਾਉਣ ਦਾ ਫੈਸਲਾ ਚੋਣ ਕਮਿਸ਼ਨ ਵਲੋਂ ਲਿਆ ਜਾਣਾ ਹੈ।ਹਾਲਾਂਕਿ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨਾਜ਼ਰ ਸਿੰਘ ਮਾਨਸ਼ਾਹੀਆ, ਅਮਰਜੀਤ ਸਿੰਘ ਸੰਦੋਆ ਵਲੋਂ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਵਿਧਾਇਕ ਪਦ ਤੋਂ ਅਸਤੀਫ਼ਾ ਦੇ ਦਿੱਤਾ ਹੈ, ਇਸੀ ਤਰ੍ਹਾਂ ਬੇਅਦਬੀ ਮਾਮਲਿਆਂ ਵਿਚ ਕੈਪਟਨ ਸਰਕਾਰ ਵਲੋਂ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਹੋਣ 'ਤੇ ਖਫ਼ਾ ਹੋਏ ਦਾਖਾ ਤੋਂ ਵਿਧਾਇਕ ਐਚ.ਐਸ.ਫੁਲਕਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਵਿਧਾਇਕ ਪਦ ਤੋਂ ਅਸਤੀਫ਼ਾ ਦੇ ਚੁੱਕੇ ਹਨ ਪਰ ਤਕਨੀਕੀ ਕਾਰਨਾਂ ਕਰਕੇ ਸਪੀਕਰ ਵਲੋਂ ਅਜੇ ਇਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ।
ਆਪ ਤੋਂ ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਅਤੇ ਜੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਦੇ ਖਿਲਾਫ਼ ਦਲ ਬਦਲ ਕਾਨੂੰਨ ਤਹਿਤ ਕਾਰਵਾਈ ਸਪੀਕਰ ਕੋਲ ਲੰਬਿਤ ਪਈ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਲ ਬਦਲ ਕਾਨੂੰਨ ਤਹਿਤ ਖਹਿਰਾ ਖਿਲਾਫ਼ ਕਾਰਵਾਈ ਕਰਨ ਤੇ ਬਤੌਰ ਵਿਧਾਇਕ ਮਾਨਤਾ ਰੱਦ ਕਰਨ ਦੀ ਮੰਗ ਕਰਦਿਆਂ ਸਪੀਕਰ ਨੂੰ ਸ਼ਿਕਾਇਤ ਕੀਤੀ ਹੋਈ ਹੈ।






