|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ ਹੋਵੇਗੀ ਸੂਬੇ ਭਰ 'ਚ ਖੇਡ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਮੀਲ ਪੱਥਰ ਸਾਬਿਤ ਹੋਵੇਗੀ

ਚੰਡੀਗੜ : ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਟਿਆਲਾ ਵਿਖੇ ਅਤਿ ਆਧੁਨਿਕ ਖੇਡ ਯੂਨੀਵਰਸਿਟੀ ਦੀ ਸਥਾਪਨਾ ਦੇ ਸੁਪਨਮਈ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਰਾਣਾ ਸੋਢੀ ਨੇ ਅੱਜ ਇਥੇ ਜਾਰੀ ਪ੍ਰੈੱਸ ਬਿਆਨ 'ਚ ਕਿਹਾ ਕਿ ਇਹ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ ਹੋਵੇਗ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਟਿਆਲਾ ਵਿਖੇ ਅਤਿ ਆਧੁਨਿਕ ਖੇਡ ਯੂਨੀਵਰਸਿਟੀ ਦੀ ਸਥਾਪਨਾ ਦੇ ਸੁਪਨਮਈ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਰਾਣਾ ਸੋਢੀ ਨੇ ਅੱਜ ਇਥੇ ਜਾਰੀ ਪ੍ਰੈੱਸ ਬਿਆਨ 'ਚ ਕਿਹਾ ਕਿ ਇਹ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ ਹੋਵੇਗੀ ਸੂਬੇ ਭਰ 'ਚ ਖੇਡ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਮੀਲ ਪੱਥਰ ਸਾਬਿਤ ਹੋਵੇਗੀ। ਇਸ ਤੋਂ ਇਲਾਵਾ ਇਹ ਯੂਨੀਵਰਸਿਟੀ ਨਵੇਂ ਉੱਭਰ ਰਹੇ ਖਿਡਾਰੀਆਂ ਲਈ ਕੌਮਾਂਤਰੀ ਮਾਪਦੰਡਾਂ ਮੁਤਾਬਕ ਸਿਖਲਾਈ ਲੈਣ 'ਚ ਸਹਾਈ ਹੋਵੇਗੀ ਤਾਂ ਜੋ ਖਿਡਾਰੀ ਓਲੰਪਿਕ ਵਰਗੇ ਆਲਮੀ ਈਵੈਂਟਾਂ 'ਚ ਦੇਸ਼ ਲਈ ਤਮਗੇ ਜਿੱਤ ਸਕਣ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੱਲੋਂ 19 ਜੁਲਾਈ,2019 ਨੂੰ ਭਾਰਤੀ ਸੰਵਿਧਾਨ ਦੇ ਆਰਟੀਕਲ 213 ਦੇ ਕਲਾਜ਼ (1) ਤਹਿਤ 'ਪੰਜਾਬ ਖੇਡ ਯੂਨੀਵਰਸਿਟੀ ਆਰਡੀਨੈਂਸ-2019' ਦੀ ਘੋਸ਼ਣਾ ਦੇ ਮੱਦੇਨਜ਼ਰ ਜ਼ਰੂਰੀ ਨੋਟੀਫਿਕੇਸ਼ਨ ਕੱਲ੍ਹ ਜਾਰੀ ਕੀਤਾ ਗਿਆ ਹੈ। ਇਸ ਨਾਲ ਸਤੰਬਰ 2019 ਤੋਂ ਇਸ ਯੂਨੀਵਰਸਿਟੀ ਵਿੱਚ ਦਾਖ਼ਲਾ ਪ੍ਰਕਿਰਿਆ ਸ਼ੁਰੂ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ ਜਿਵੇਂ ਕਿ ਪਿਛਲੇ ਮਹੀਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਟੀਰਿੰਗ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਸੀ।

ਸੰਬੰਧਿਤ ਖ਼ਬਰਾਂ

ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡ ਵਿਗਿਆਨ, ਖੇਡ ਤਕਨਾਲੋਜੀ, ਖੇਡ ਮੈਨੇਜਮੈਂਟ ਅਤੇ ਸਪੋਰਟਸ ਕੋਚਿੰਗ ਦੇ ਖੇਤਰਾਂ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਕੀਤੀ ਜਾ ਰਹੀ ਹੈ। ਇਹ ਖੇਡਾਂ ਨਾਲ ਸਬੰਧਤ ਉੱਚ ਮਿਆਰੀ ਬੁਨਿਆਦੀ ਢਾਂਚੇ 'ਤੇ ਆਧਾਰਤ ਸਿੱਖਿਆ, ਸਿਖਲਾਈ ਅਤੇ ਖੋਜ ਦੇ ਖੇਤਰਾਂ 'ਤੇ ਧਿਆਨ ਕੇਂਦਰਿਤ ਕਰੇਗੀ। ਇਸ ਤੋਂ ਇਲਾਵਾ ਇਹ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਦੇ ਖੇਤਰਾਂ ਵਿੱਚ ਹੋਰ ਸੰਸਥਾਵਾਂ ਦੀ ਪੇਸ਼ੇਵਰ ਅਤੇ ਅਕਾਦਮਿਕ ਅਗਵਾਈ ਕਰੇਗੀ। ਇਹ ਯੂਨੀਵਰਸਿਟੀ ਉੱਚ ਪੱਧਰੀ ਤੇ ਹੋਰ ਹੁਨਰਮੰਦ ਖਿਡਾਰੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਜੋਂ ਕਾਰਜ ਕਰੇਗੀ ਅਤੇ ਨਵੀਆਂ ਕਾਢਾਂ ਤੇ ਖੋਜਾਂ ਨੂੰ ਬੜ੍ਹਾਵਾ ਦੇਵੇਗੀ। ਇਹ ਯੂਨੀਵਰਸਿਟੀ ਸਾਰੀਆਂ ਖੇਡਾਂ ਲਈ ਖੇਡ ਤਕਨਾਲੋਜੀ ਅਤੇ ਉੱਚ ਪੱਧਰੀ ਸਿਖਲਾਈ ਦੇ ਖੇਤਰਾਂ ਵਿਚ ਵਿਭਿੰਨ ਪੱਧਰਾਂ 'ਤੇ ਗਿਆਨ ਅਤੇ ਯੋਗਤਾਵਾਂ ਦੇ ਵਿਕਾਸ ਲਈ ਮੌਕੇ ਪ੍ਰਦਾਨ ਕਰੇਗੀ।

ਕਾਬਲੇਗੌਰ ਹੈ ਕਿ ਮੁੱਖ ਮੰਤਰੀ ਨੇ 19 ਜੂਨ 2017 ਨੂੰ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਭਾਸ਼ਣ ਦੌਰਾਨ ਖੇਡ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ ਸੀ। ਇਸ ਮੰਤਵ ਲਈ ਅਜਿਹੀ ਅੰਤਰਾਸ਼ਟਰੀ ਪੱਧਰ ਦੀ ਖੇਡ ਯੂਨੀਵਰਸਿਟੀ ਸਥਾਪਤ ਕਰਨ ਲਈ ਓਲੰਪੀਅਨ ਅਤੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਮੈਂਬਰ ਰਣਧੀਰ ਸਿੰਘ ਦੀ ਅਗਵਾਈ ਹੇਠ ਇੱਕ ਸਟੀਰਿੰਗ ਕਮੇਟੀ ਗਠਿਤ ਕੀਤੀ ਗਈ। ਪੰਜਾਬ ਮੰਤਰੀ ਮੰਡਲ ਵੱਲੋਂ 6 ਜੂਨ, 2019 ਨੂੰ ਪੰਜਾਬ ਖੇਡ ਯੂਨੀਵਰਸਿਟੀ ਆਰਡੀਨੈਂਸ-2019 ਨੂੰ ਮਨਜ਼ੂਰੀ ਦੇਣ ਨਾਲ ਇਸ ਖੇਡ ਯੂਨੀਵਰਸਿਟੀ ਦੀ ਸਥਾਪਨਾ ਲਈ ਰਾਹ ਪੱਧਰਾ ਹੋ ਗਿਆ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!