|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਦੀ ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ

ਸੁਲਤਾਨਪੁਰ ਲੋਧੀ : ਪੰਜਾਬ ਵਿਚ ਪਾਣੀਆਂ ਦੇ ਗੰਭੀਰ ਹੁੰਦੇ ਸੰਕਟ ਨੂੰ ਲੈ ਕੇ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਸੰਤ ਸੀਚੇਵਾਲ ਨੇ ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਡੂੰਘਾ ਹੋਣ ਅਤੇ ਦਰਿਆਵਾਂ ਦੇ ਪਾਣੀ ਪ੍ਰਦੂਸ਼ਤ ਹੋਣ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਕੇਂਦਰੀ ਮੰ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ : ਪੰਜਾਬ ਵਿਚ ਪਾਣੀਆਂ ਦੇ ਗੰਭੀਰ ਹੁੰਦੇ ਸੰਕਟ ਨੂੰ ਲੈ ਕੇ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਸੰਤ ਸੀਚੇਵਾਲ ਨੇ ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਡੂੰਘਾ ਹੋਣ ਅਤੇ ਦਰਿਆਵਾਂ ਦੇ ਪਾਣੀ ਪ੍ਰਦੂਸ਼ਤ ਹੋਣ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਕੇਂਦਰੀ ਮੰਤਰੀ ਨੂੰ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਵੀ ਦਿੱਤਾ। ਇਸ ਦੌਰਾਨ ਸੰਤ ਸੀਚੇਵਾਲ ਨੇ ਪੰਜਾਬ ਦੇ ਪ੍ਰਦੂਸ਼ਤ ਹੋ ਰਹੇ ਦਰਿਆ ਸਤਲੁਜ ਬਾਰੇ ਗੰਭੀਰਤਾ ਨਾਲ ਦੱਸਿਆ ਕਿ ਲੁਧਿਆਣਾ, ਫਗਵਾੜਾ ਤੇ ਜਲੰਧਰ ਸ਼ਹਿਰਾਂ ਦੀਆਂ ਡਰੇਨਾਂ ਕਿਵੇਂ ਸਤਲੁਜ ਦਰਿਆ ਨੂੰ ਜ਼ਹਿਰੀਲਾ ਕਰ ਰਹੀਆਂ ਹਨ ਤੇ ਇਸ ਵਿਚਲੇ ਜਲਚਰ ਜੀਵ ਖਤਮ ਹੋ ਚੁੱਕੇ ਹਨ।

ਹਰੀਕੇ ਪੱਤਣ ਤੋਂ ਸਤਲੁਜ ਦਰਿਆ ਦਾ ਜ਼ਹਿਰੀਲਾ ਤੇ ਗੰਦਾ ਪਾਣੀ ਮਾਲਵੇ ਤੇ ਰਾਜਸਥਾਨ ਦੇ ਲੋਕਾਂ ਨੂੰ ਕੈਂਸਰ ਨਾਲ ਮਾਰ ਰਿਹਾ ਹੈ। ਜ਼ਿਕਰਯੋਗ ਹੈ ਕਿ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਰਾਜਸਥਾਨ ਦੇ ਜੋਧਪੁਰ ਲੋਕ ਸਭਾ ਹਲਕੇ ਤੋਂ ਜਿੱਤ ਕੇ ਆਏ ਹਨ। ਸੰਤ ਸੀਚੇਵਾਲ ਨੇ ਜਲ ਸ਼ਕਤੀ ਮੰਤਰੀ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਕਿ ਉਨ੍ਹਾਂ ਨੇ ਸਾਲ ੨੦੦੯ ਵਿਚ ਚੇਤਨਾ ਮਾਰਚ ਦੌਰਾਨ ਰਾਜਸਥਾਨ ਦੇ ਬੀਕਾਨੇਰ ਤੱਕ ਲੋਕਾਂ ਨੂੰ ਦੱਸਿਆ ਸੀ ਕਿ ਉਹ ਪੰਜਾਬ ਤੋਂ ਆ ਰਹੇ ਜ਼ਹਿਰੀਲੇ ਪਾਣੀਆਂ ਨਾਲ ਕੈਂਸਰ ਤੇ ਹੋਰ ਬਿਮਾਰੀਆਂ ਤੋਂ ਪੀੜਤ ਹੋ ਰਹੇ ਹਨ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਨੂੰ ਦੱਸਿਆ ਕਿ ਪੰਜਾਬ ਦੇ ਲੋਕਾਂ ਨੇ ਹੱਥੀਂ ਕਾਰ ਸੇਵਾ ਕਰਕੇ ਪਵਿੱਤਰ ਕਾਲੀ ਵੇਈਂ ਨੂੰ ਮੁੜ ਨਿਰਮਲ ਬਣਾ ਦਿੱਤਾ ਹੈ ਪਰ ਇਸ ਦੇ ਬਾਵਜੂਦ ਵੀ ਕਈ ਪਿੰਡਾਂ ਤੇ ਸ਼ਹਿਰਾਂ ਦੇ ਗੰਦੇ ਪਾਣੀ ਇਸ ਵਿਚ ਪੈ ਰਹੇ ਹਨ।

ਸੰਬੰਧਿਤ ਖ਼ਬਰਾਂ

ਜਿਹੜੇ ਕਿ ਸੀਵਰੇਜ ਟਰੀਟਮੈਂਟ ਪਲਾਂਟ ਲਾ ਕੇ ਹੀ ਰੋਕੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਵਿੱਤਰ ਕਾਲੀ ਵੇਈਂ ਦੇਸ਼ ਦੀਆਂ ਹੋਰ ਪ੍ਰਦੂਸ਼ਤ ਨਦੀਆਂ ਨੂੰ ਸਾਫ ਕਰਨ ਦਾ ਮਾਡਲ ਬਣ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਾਬਕਾ ਕੇਂਦਰੀ ਮੰਤਰੀ ਓਮਾ ਭਾਰਤੀ ਨੇ ਸੁਲਤਾਨਪੁਰ ਲੋਧੀ ਦੀ ਫੇਰੀ ਦੌਰਾਨ ਪਵਿੱਤਰ ਕਾਲੀ ਵੇਈਂ ਨੂੰ ਗੰਗਾ ਦੀ ਸਫਾਈ ਲਈ ਗੁਰੂ ਅਸਥਾਨ ਮੰਨਿਆ ਸੀ।

ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੁਲਤਾਨਪੁਰ ਲੋਧੀ ਆਉਣ ਦੇ ਦਿੱਤੇ ਸੱਦੇ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਉਹ ਜਲਦੀ ਹੀ ਪ੍ਰੋਗਰਾਮ ਉਲੀਕ ਕੇ ਪਵਿੱਤਰ ਕਾਲੀ ਵੇਈਂ ਦੇ ਕਾਰਜਾਂ ਨੂੰ ਦੇਖਣ ਲਈ ਆਉਣਗੇ। ਸੰਸਦ ਦੇ ਚੱਲ ਰਹੇ ਸੈਸ਼ਨ ਤੋਂ ਬਾਅਦ ਕੇਂਦਰੀ ਮੰਤਰੀ ਨੇ ਪਵਿੱਤਰ ਕਾਲੀ ਵੇਈਂ ਅਤੇ ਸੀਚੇਵਾਲ ਮਾਡਲ ਨੂੰ ਦੇਖਣ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਸੰਤ ਸੀਚੇਵਾਲ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਕਿ ਗੰਗਾ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਸੀਚੇਵਾਲ ਮਾਡਲ ਦੀ ਤਰਜ਼ 'ਤੇ ਹੀ ਗੰਦੇ ਪਾਣੀਆਂ ਨੂੰ ਸੋਧ ਕੇ ਖੇਤੀ ਲਈ ਵਰਤਣ ਦੇ ਪ੍ਰੋਜੈਕਟਾਂ ਨੂੰ ਅਮਲ ਵਿਚ ਲਿਆਂਦਾ ਜਾ ਰਿਹਾ ਹੈ ਤੇ ਇਹ ਕੰਮ ਵੱਡੀ ਪੱਧਰ 'ਤੇ ਚੱਲ ਰਹੇ ਹਨ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਗੁਰਵਿੰਦਰ ਸਿੰਘ ਬੋਪਾਰਾਏ, ਅਮਰੀਕ ਸਿੰਘ ਆਦਿ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!