ਖਨੌਰੀ/ਸੰਗਰੂਰ : ਆਉਂਦੀ 19 ਮਈ ਨੂੰ ਪੰਜਾਬ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਚੌਕਸੀ ਨੂੰ ਵਧਾਉਣ ਅਤੇ ਮਾੜੇ ਅਨਸਰਾਂ ਨੂੰ ਸਮੁੱਚੇ ਤੌਰ 'ਤੇ ਠੱਲ੍ਹ ਪਾਉਣ ਦੇ ਉਦੇਸ਼ ਨਾਲ ਅੱਜ ਪੰਜਾਬ ਅਤੇ ਹਰਿਆਣਾ ਦੇ 6 ਸਰਹੱਦੀ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਅਤੇ ਪੁਲਿਸ ਦੇ ਉਚ ਅਧਿਕਾਰੀਆਂ ਦੀ ਉਚ ਪੱਧਰੀ ਅੰਤਰ-ਰਾਜੀ ਮੀਟਿੰਗ ਹੋਈ। ਖਨੌਰੀ ਦੇ ਰੈਸਟ ਹਾਊਸ ਵਿਖੇ ਹੋਈ ਮੀਟਿੰਗ ਦੌਰਾਨ ਲੋਕ ਸਭਾ ਚੋਣਾਂ ਨੂੰ ਅਮਨ ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਵੱਲੋਂ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਆਦਰਸ਼ ਚੋੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੀ ਕਾਰਜਯੋਜਨਾ ਤਿਆਰ ਕੀਤੀ ਗਈ।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਦੇ ਸੰਗਰੂਰ, ਮਾਨਸਾ ਅਤੇ ਪਟਿਆਲਾ ਜ਼ਿਲ੍ਹਿਆਂ ਤੋਂ ਇਲਾਵਾ ਹਰਿਆਣਾ ਦੇ ਜੀਂਦ, ਕੈਥਲ ਤੇ ਫਤਿਆਬਾਦ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਤੋਂ ਇਲਾਵਾ ਐਸ.ਡੀ.ਐਮ ਅਤੇ ਡੀ.ਐਸ.ਪੀ ਵੀ ਸ਼ਾਮਲ ਹੋਏ ਤਾਂ ਜੋ ਸਮੁੱਚੀ ਕਾਰਵਾਈ ਸਬੰਧੀ ਵਿਆਪਕ ਪੱਧਰ 'ਤੇ ਯੋਜਨਾ ਤਿਆਰ ਕੀਤੀ ਜਾ ਸਕੇ ਅਤੇ ਸਮੇਂ ਸਮੇਂ 'ਤੇ ਚੋਣ ਕਮਿਸ਼ਨ ਦੀ ਤਰਫੋਂ ਜਾਰੀ ਹੋਣ ਵਾਲੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਨਸ਼ਿਆਂ ਦੀ ਤਸਕਰੀ ਨੂੰ ਸਖ਼ਤੀ ਨਾਲ ਰੋਕਣ ਅਤੇ ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵਰਤੀ ਜਾਣ ਵਾਲੀ ਨਗਦੀ ਦੀ ਮੁਕੰਮਲ ਰੋਕਥਾਮ ਲਈ ਵੀ ਠੋਸ ਰਣਨੀਤੀ ਬਣਾਈ ਗਈ।
ਸੰਬੰਧਿਤ ਖ਼ਬਰਾਂ
ਅਧਿਕਾਰੀਆਂ ਨੇ ਸਰਹੱਦੀ ਜ਼ਿਲ੍ਹਿਆਂ ਦੇ ਵਿਭਿੰਨ ਨੁਕਤਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਦਿਸ਼ਾ ਨਿਰਦੇਸ਼ ਦਿੱਤੇ ਕਿ ਸਬੰਧਤ ਜ਼ਿਲ੍ਹਿਆਂ ਵਿੱਚ ਸਾਰੀਆਂ ਲਿੰਕ ਸੜਕਾਂ 'ਤੇ ਸਖ਼ਤ ਨਾਕਾਬੰਦੀ ਸਮੇਂ ਆਧੁਨਿਕ ਸੰਚਾਰ ਸਾਧਨਾਂ ਦੇ ਰਾਹੀਂ ਲਗਾਤਾਰ ਰਾਬਤਾ ਰੱਖਿਆ ਜਾਵੇਗਾ ਤਾਂ ਜੋ ਇੱਕੋ ਸੜਕ 'ਤੇ ਨੇੜੇ ਨੇੜੇ ਨਾਕਿਆਂ ਦਾ ਦੁਹਰਾਓ ਨਾ ਹੋ ਸਕੇ ਅਤੇ ਸਾਰੀਆਂ ਅੰਤਰ ਰਾਜੀ ਸੜਕਾਂ ਤੇ ਲਿੰਕ ਸੜਕਾਂ ਨੂੰ ਕਵਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿਛਲੇ ਵਰ੍ਹਿਆਂ ਦੌਰਾਨ ਸੰਗਰੂਰ, ਮਾਨਸਾ ਤੇ ਪਟਿਆਲਾ ਤੋਂ ਭਗੌੜਾ ਹੋਏ ਮਾੜੇ ਅਨਸਰਾਂ ਦੀ ਸੂਚੀ ਵੀ ਹਰਿਆਣਾ ਨੂੰ ਸੌਂਪੀ ਗਈ ਹੈ।
ਇਸ ਦੌਰਾਨ ਮਹੱਤਵਪੂਰਨ ਸੂਚਨਾਵਾਂ ਦੇ ਸਮੇਂ ਸਿਰ ਆਦਾਨ ਪ੍ਰਦਾਨ ਦੇ ਨਾਲ ਨਾਲ ਮੁੱਖ ਅਤੇ ਅੰਦਰੂਨੀ ਸੜਕਾਂ 'ਤੇ ਨਿਰੰਤਰ ਚੈਕਿੰਗ ਸਬੰਧੀ ਵੀ ਯੋਜਨਾਵਾਂ ਤਿਆਰ ਕੀਤੀਆਂ ਗਈਆਂ। ਅਧਿਕਾਰੀਆਂ ਨੇ ਬੀਤੇ ਸਮੇਂ ਵਿੱਚ ਹੋਈਆਂ ਚੋਣਾਂ ਦੇ ਤਜਰਬੇ ਵੀ ਸਾਂਝੇ ਕੀਤੇ ਅਤੇ ਢੁਕਵੇਂ ਕਦਮ ਚੁੱਕੇ ਜਾਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਸਾਂਝੇ ਵਟਸਐਪ ਗਰੁੱਪਾਂ ਦਾ ਗਠਨ ਕਰਨ ਦੇ ਨਾਲ-ਨਾਲ ਸ਼ਰਾਬ ਦੀ ਤਸਕਰੀ, ਨਗਦੀ ਦੇ ਪ੍ਰਵਾਹ ਅਤੇ ਗੈਰ ਸਮਾਜਿਕ ਤੱਤਾਂ ਨੂੰ ਸਖਤੀ ਨਾਲ ਰੋਕਣ ਲਈ ਮਹੱਤਵਪੂਰਨ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਅਤੇ ਇਸ ਸਮੁੱਚੀ ਕਾਰਜਪ੍ਰਣਾਲੀ ਨੂੰ ਲਾਗੂ ਕਰਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ।
ਮੀਟਿੰਗ ਦੌਰਾਨ ਐਸ.ਐਸ.ਪੀ ਸੰਗਰੂਰ ਡਾ. ਸੰਦੀਪ ਗਰਗ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਕੁਮਾਰ ਅਮਿਤ, ਐਸ.ਐਸ.ਪੀ ਪਟਿਆਲਾ ਮਨਦੀਪ ਸਿੰਘ ਸਿੱਧੂ, ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ, ਡਿਪਟੀ ਕਮਿਸ਼ਨਰ ਜੀਂਦ ਡਾ. ਅਦਿੱਤਿਆ ਦਹੀਆ, ਫ਼ਤਿਹਾਬਾਦ ਦੇ ਡਿਪਟੀ ਕਮਿਸ਼ਨਰ ਧਿਰੇਂਦਰਾ ਖੜਗਟਾ ਅਤੇ ਐਸ.ਐਸ.ਪੀ. ਵਿਜੇ ਪ੍ਰਤਾਪ ਸਿੰਘ ਤੋਂ ਇਲਾਵਾ ਸਹਾਇਕ ਕਮਿਸ਼ਨਰ ਸੰਗਰੂਰ ਅੰਕੁਰ ਮਹਿੰਦਰੂ, ਐਸ.ਡੀ.ਐਮ ਮੂਨਕ ਸੂਬਾ ਸਿੰਘ, ਐਸ.ਡੀ.ਐਮ. ਪਾਤੜਾਂ ਡਾ. ਪਾਲਿਕਾ ਅਰੋੜਾ, ਡੀ.ਐਸ.ਪੀ. ਮੂਨਕ ਕੁਲਦੀਪ ਸਿੰਘ ਵਿਰਕ, ਡੀ.ਐਸ.ਪੀ. ਲਹਿਰਾ ਬੂਟਾ ਸਿੰਘ ਗਿੱਲ, ਡੀ.ਐਸ.ਪੀ. ਪਾਤੜਾਂ ਸੁਖਅੰਮ੍ਰਿਤ ਸਿੰਘ ਰੰਧਾਵਾ, ਡੀ.ਐਸ.ਪੀ ਜੀਂਦ ਕਪਤਾਨ ਸਿੰਘ, ਈ.ਟੀ.ਓ. ਸੰਗਰੂਰ ਰੁਪਿੰਦਰਜੀਤ ਸਿੰਘ ਤੇ ਹੋਰ ਅਧਿਕਾਰੀ ਹਾਜਰ ਸਨ।






