ਚੰਡੀਗੜ੍ : ਬੇਮੌਸਮੇ ਮੀਂਹ ਤੇ ਹਨੇਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਫ਼ਤ ਪ੍ਰਬੰਧਨ ਕਮੇਟੀ ਦੀ ਹੰਗਾਮੀ ਮੀਟਿੰਗ ਸੱਦਣ ਲਈ ਆਖਿਆ ਹੈ ਤਾਂ ਕਿ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ।16 ਤੇ 17 ਅਪ੍ਰੈਲ ਨੂੰ ਤੇਜ਼ ਹਨੇਰੀ ਤੇ ਮੀਂਹ ਪੈਣ ਨਾਲ ਹਾੜ੍ਹੀ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਸੀ ਤੇ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਸਨ।ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਆਖਿਆ ਕਿ ਵਿਸ਼ੇਸ਼ ਗਿਰਦਾਵਰੀ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ।
ਸੰਬੰਧਿਤ ਖ਼ਬਰਾਂ
ਸਥਿਤੀ ਦਾ ਜਾਇਜ਼ਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਤੇ ਫੌਰੀ ਆਧਾਰ 'ਤੇ ਇਸ ਨੂੰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਮੀਂਹ ਤੇ ਹਨੇਰੀ ਨਾਲ ਖੜ੍ਹੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਦੇ ਸਬੰਧ 'ਚ ਖੇਤੀਬਾੜੀ ਵਿਭਾਗ ਵੱਲੋਂ ਸੌਂਪੀਆਂ ਗਈਆਂ ਰਿਪੋਰਟਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਸਰਕਾਰੀ ਨੇਮਾਂ ਮੁਤਾਬਕ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਸਮੇਂ ਸਿਰ ਕਰਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਵਾਸਤੇ ਹਰ ਸੰਭਵ ਕਦਮ ਚੁੱਕਣ ਦੇ ਹੁਕਮ ਦਿੱਤੇ।






