ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੀ ਪਾਰਟੀ ਦੇ ਤੀਸਰੇ ਉਮੀਦਵਾਰ ਦਾ ਐਲਾਨ ਸੋਮਵਾਰ ਨੂੰ ਕੀਤਾ ਹੈ। ਕੋਰ ਕਮੇਟੀ ਦੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਉਪਰੰਤ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਸਾਬਕਾ ਸੰਸਦ ਮੈਂਬਰ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ। ਇਸ ਤੋਂ ਪਹਿਲਾਂ ਖਡੂਰ ਸਾਹਿਬ ਤੋਂ ਸਾਬਕਾ ਫ਼ੌਜ ਮੁਖੀ ਜਨਰਲ ਜੇਜੇ ਸਿੰਘ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਉਮੀਦਵਾਰ ਬਣਾਏ ਜਾ ਚੁੱਕੇ ਹਨ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ 1989 'ਚ ਸੰਗਰੂਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਮਾਨ ਵੱਲੋਂ ਜਿੱਤ ਕੇ ਸੰਸਦ ਮੈਂਬਰ ਬਣੇ ਸਨ।
ਸੰਬੰਧਿਤ ਖ਼ਬਰਾਂ
ਉਸ ਸਮੇਂ ਸਮੁੱਚੇ ਪੰਜਾਬ ਵਿਚ ਅਕਾਲੀ ਦਲ ਬਾਦਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਪੁਰਾਣੇ ਅਕਾਲੀਆਂ ਦਾ ਜੁੜਨਾ ਲਗਾਤਾਰ ਜਾਰੀ ਹੈ ਤੇ ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ 1989 'ਚ ਸ਼੍ਰੋਮਣੀ ਅਕਾਲੀ ਦਲ ਮਾਨ ਦੀ ਸੰਸਦੀ ਕਮੇਟੀ ਦੇ ਚੇਅਰਮੈਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸਨ ਤੇ ਉਨ੍ਹਾਂ ਵੱਲੋਂ ਉਦੋਂ ਟਿਕਟਾਂ ਦੀ ਵੰਡ ਕੀਤੀ ਗਈ ਸੀ। ਇਸ ਮੀਟਿੰਗ ਵਿਚ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ, ਡਾ. ਰਤਨ ਸਿੰਘ ਅਜਨਾਲਾ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਮਨਮੋਹਨ ਸਿੰਘ ਸਠਿਆਲਾ ਤੋਂ ਇਲਾਵਾ ਖਡੂਰ ਸਾਹਿਬ ਦੇ ਉਮੀਦਵਾਰ ਜਨਰਲ ਜੇਜੇ ਸਿੰਘ, ਹਰਸੁਖਇੰਦਰ ਸਿੰਘ ਬੱਬੀ ਬਾਦਲ ਸਮੇਤ ਪਾਰਟੀ ਦੇ ਹੋਰ ਨੇਤਾ ਵੀ ਮੌਜੂਦ ਸਨ।






